ਨਵੀਂ ਦਿੱਲੀ: ਪੰਜਾਬ ਕਾਂਗਰਸ ਨੇ ਵੀਰਵਾਰ ਸ਼ਾਮੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਤਲੁਜ ਯਮਨਾ ਲਿੰਕ ਦੇ ਮੁੱਦੇ ਉਤੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਵੱਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਰਾਸ਼ਟਰਪਤੀ ਭਵਨ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਕੋਲ ਹੋਰ ਪਾਣੀ ਨਹੀਂ ਹੈ, ਜੋ ਹੋਰ ਰਾਜਾਂ ਨੂੰ ਦਿੱਤਾ ਜਾ ਸਕੇ। ਉਹਨਾਂ ਆਖਿਆ ਕਿ ਪੰਜਾਬ ਦਾ ਪਾਣੀ ਕਿਸੇ ਵੀ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਸੂਬੇ ਵਿੱਚ ਸੁਤੰਤਰ ਤੇ ਨਿਰਪੱਖ ਚੋਣਾਂ ਦੀ ਮੰਗ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਾਂਸਦਾਂ ਤੇ ਵਿਧਾਇਕਾਂ ਦੇ ਡੈਲੀਗੇਸ਼ਨ ਨੇ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਵੀ ਕੀਤੀ।
ਪੰਜਾਬ ਕਾਂਗਰਸ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਚੋਣਾਂ ਇੱਕ ਪੜਾਅ ਵਿੱਚ ਮੁਕੰਮਲ ਕਰਵਾਈਆਂ ਜਾਣ। ਕੈਪਟਨ ਨੇ ਚੋਣ ਕਮਿਸ਼ਨਰ ਕੋਲ ਅਕਾਲੀ ਦਲ ਵੱਲੋਂ ਸਰਕਾਰੀ ਮਸ਼ੀਨਰੀ ਦੀ ਚੋਣਾਂ ਦੌਰਾਨ ਦੁਰਵਰਤੋਂ ਤੇ ਕਾਲੇ ਪੈਸੇ ਨੂੰ ਸ਼੍ਰੋਮਣੀ ਕਮੇਟੀ ਜ਼ਰੀਏ ਚਿੱਟਾ ਕਰਵਾਉਣ ਦਾ ਖਦਸ਼ਾ ਪ੍ਰਗਟਾਇਆ।
ਕਾਂਗਰਸ ਨੇ ਮੰਗ ਕੀਤੀ ਕਿ ਨਿਰਪੱਖ ਚੋਣਾਂ ਕਰਾਉਣ ਲਈ ਪੰਜਾਬ ਵਿੱਚ ਤੁਰੰਤ ਚੋਣ ਜ਼ਾਬਤਾ ਲਾਇਆ ਜਾਵੇ। ਚੋਣ ਕਮਿਸ਼ਮਨ ਨੂੰ ਮੈਮੋਰੰਡਮ ਸੌਂਪ ਕੇ ਕਾਂਗਰਸ ਨੇ ਇਹ ਵੀ ਮੰਗ ਕੀਤੀ ਕਿ ਚੋਣਾਂ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਪਹਿਰੇ ਹੇਠ ਕਰਵਾਈਆਂ ਜਾਣ।