ਚੰਡੀਗੜ੍ਹ: ਪਿਛਲੇ ਇੱਕ ਸਾਲ ਤੋਂ ਲਗਾਤਾਰ ਅੰਦਰੂਨੀ ਕਲੇਸ਼ ਵਿੱਚ ਘਿਰੀ ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੌਕਸ ਹੋ ਗਈ ਹੈ। ਹਾਈਕਮਾਨ ਨੇ ਲਗਾਤਾਰ ਮੀਟਿੰਗਾਂ ਕਰਕੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੂੰ ਹੁਣ ਸੰਭਲ ਕੇ ਚੱਲਣ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪਾਰਟੀ ਰੁੱਸੇ ਲੀਡਰਾਂ ਨੂੰ ਮਨਾਉਣ ਤੇ ਜਲਦ ਤੋਂ ਜਲਦ ਬਕਾਇਆ ਕੰਮ ਨਿਬੇੜਨ ਵਿੱਚ ਲੱਗ ਗਈ ਹੈ।
ਸੂਤਰਾਂ ਮੁਤਾਬਕ ਪਾਰਟੀ ਜਲਦ ਹੀ ਸੰਗਠਨ ਦਾ ਐਲਾਨ ਕਰ ਦੇਵੇਗੀ ਤੇ ਨਾਲ ਹੀ ਟਿਕਟਾਂ ਦੀ ਵੰਡ ਦਾ ਕੰਮ ਵੀ ਵਿੱਢ ਦੇਵੇਗੀ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਤਕਰੀਬਨ ਸਾਰੇ ਤੇ ਆਮ ਆਦਮੀ ਪਾਰਟੀ 10 ਉਮੀਦਵਾਰ ਐਲਾਨ ਚੁੱਕੀ ਹੈ। ਵਿਰੋਧੀ ਪਾਰਟੀਆਂ ਦੇ ਇਨ੍ਹਾਂ ਉਮੀਦਵਾਰਾਂ ਨੇ ਚੋਣ ਪ੍ਰਚਾਰ ਵੀ ਵਿੱਢ ਦਿੱਤਾ ਹੈ ਪਰ ਕਾਂਗਰਸੀ ਉਮੀਦਵਾਰ ਅਜੇ ਹਰੀ ਝੰਡੀ ਉਡੀਕ ਰਹੇ ਹਨ।
ਸੂਤਰਾਂ ਮੁਤਾਬਕ ਹਾਲਾਤ ਨੂੰ ਵੇਖਦਿਆਂ ਕਾਂਗਰਸ ਹਾਈਕਮਾਨ ਵੱਲੋਂ ਐਤਕੀਂ ਕਾਂਗਰਸ ਉਮੀਦਵਾਰਾਂ ਦਾ ਐਲਾਨ ਪਹਿਲਾਂ ਕੀਤਾ ਜਾ ਸਕਦਾ ਹੈ। ਪਹਿਲੀ ਵਾਰ ਹੈ ਕਿ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਹੀ ਕਾਂਗਰਸ ਨੇ ਚੋਣ ਪ੍ਰਚਾਰ ਕਮੇਟੀ ਅਤੇ ਤਾਲਮੇਲ ਕਮੇਟੀ ਦਾ ਐਲਾਨ ਕੀਤਾ ਹੈ। ਪਾਰਟੀ ਹਾਈਕਮਾਨ ਨੇ ਇਨ੍ਹਾਂ ਉੱਚ ਪੱਧਰੀ ਕਮੇਟੀਆਂ ਜ਼ਰੀਏ ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਨੂੰ ਮੱਠਾ ਕਰਨ ਤੇ ਸਿਆਸੀ ਤਵਾਜ਼ਨ ਬਣਾਉਣ ਦਾ ਵੀ ਯਤਨ ਕੀਤਾ ਹੈ।
ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਮੇਟੀਆਂ ਦਾ ਐਲਾਨ ਕੀਤਾ ਜਿਸ ਅਨੁਸਾਰ ਪੰਜਾਬ ਚੋਣਾਂ ਲਈ ਹੁਣ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਹੋਣਗੇ। ਸੀਨੀਅਰ ਕਾਂਗਰਸ ਨੇਤਾ ਤੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ ਜਦਕਿ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਨੂੰ ਬਣਾਇਆ ਗਿਆ ਹੈ। ਆਗਾਮੀ ਚੋਣਾਂ ਵਿਚ ਟਿਕਟਾਂ ਦੀ ਵੰਡ ਤੇ ਉਮੀਦਵਾਰਾਂ ਦੀ ਚੋਣ ਲਈ ਸਕਰੀਨਿੰਗ ਕਮੇਟੀ ਐਲਾਨੀ ਗਈ ਹੈ ਜਿਸ ਦੇ ਚੇਅਰਮੈਨ ਅਜੈ ਮਾਕਨ ਹੋਣਗੇ।
ਸਕਰੀਨਿੰਗ ਕਮੇਟੀ ਵਿਚ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਚੰਦਨ ਯਾਦਵ ਤੇ ਸਕੱਤਰ ਕ੍ਰਿਸ਼ਨਾ ਅਲਵਾਰੂ ਸਹਿਯੋਗੀ ਲਾਏ ਗਏ ਹਨ ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਇਸ ਕਮੇਟੀ ਦੇ ਮੈਂਬਰ ਹੋਣਗੇ।
ਇਹ ਵੀ ਪੜ੍ਹੋ: Punjab Election: ਬੀਜੇਪੀ ਤੇ ਕੈਪਟਨ ਦੇ ਸੁਫਨਿਆਂ ਨੂੰ ਲੱਗੇਗਾ ਝਟਕਾ? ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਦੋਚਿੱਤੀ ਬਰਕਰਾਰ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/