ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਥਿਤੀ ਕੀਤ ਰਹਿਣ ਵਾਲੀ ਹੈ, ਇਸ ਦੇ ਲਈ ਅੱਜ ਪੰਜਾਬ ਕਾਂਗਰਸ ਦੇ ਲੀਡਰਾਂ ਦੀ ਪਾਰਟੀ ਹਾਈਕਮਾਂਡ ਦੇ ਨਾਲ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ।


ਨੈਸ਼ਨਲ ਲੇਵਲ 'ਤੇ ਬਣੇ  I.N.D.I.A  ਗਠਜੋੜ ਵਿੱਚ ਕਾਂਗਰਸ ਦੇ ਨਾਲ ਨਾਲ ਆਮ ਆਦਮੀ ਪਾਰਟੀ ਵੀ ਸ਼ਾਮਲ ਹੈ, ਪਰ ਹਾਲੇ ਪੰਜਾਬ ਵਿੱਚ ਸਥਿਤੀ ਸਾਫ਼ ਨਹੀਂ ਹੋਈ ਸੀ। ਜਿਸ ਨੂੰ ਹਲ ਕਰਨ ਦੇ ਲਈ ਹਾਈਕਮਾਂਡ ਨੇ ਪੰਜਾਬ ਕਾਂਗਰਸੀ ਲੀਡਰਾਂ ਨੂੰ ਮੀਟਿੰਗ ਲਈ ਅੱਜ ਦਿੱਲੀ ਬੁਲਾਇਆ ਹੈ। 


ਮੀਟਿੰਗ ਵਿੱਚ ਹਾਈਕਮਾਂਡ ਦੋਵਾਂ ਪਾਰਟੀਆਂ ਵਿੱਚ ਸੀਟਾਂ ਦੀ ਵੰਡ ਦੇ ਮੁੱਦੇ ’ਤੇ ਲੀਡਰਾਂ ਦੀ ਰਾਏ ਜਾਣਨ ਦੀ ਕੋਸ਼ਿਸ਼ ਕਰੇਗੀ।  ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ ਦਾ ਮਾਮਲਾ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ।


ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਆਗੂ I.N.D.I.A ਗਠਜੋੜ ਤਹਿਤ ਆਮ ਆਦਮੀ ਪਾਰਟੀ (ਆਪ) ਨਾਲ ਮਿਲ ਕੇ ਚੋਣ ਲੜਨ ਲਈ ਤਿਆਰ ਨਹੀਂ ਹਨ। ਸੂਬੇ ਦੀਆਂ ਲੋਕ ਸਭਾ ਸੀਟਾਂ 'ਤੇ ਕਾਂਗਰਸੀ ਆਗੂ 'ਆਪ' ਨਾਲ ਸੀਟਾਂ ਦੀ ਵੰਡ ਕਰਨ ਲਈ ਤਿਆਰ ਨਹੀਂ ਹਨ।


ਇਸ ਸਬੰਧੀ ਆਗੂਆਂ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਕੋਲ ਵੀ ਆਪਣਾ ਰੋਸ ਪ੍ਰਗਟ ਕੀਤਾ ਹੈ। ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਆਪ’ ਨਾਲ ਗਠਜੋੜ ਦੇ ਹੱਕ ਵਿੱਚ ਹਨ।


ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਬਣੇ I.N.D.I.A ਗਠਜੋੜ ਦਾ ਹਿੱਸਾ ਬਣਨ ਵਾਲੀ 'ਆਪ' ਨਾਲ ਸੂਬੇ 'ਚ ਗਠਜੋੜ ਬਾਰੇ ਆਗੂਆਂ ਤੇ ਸਮਰਥਕਾਂ ਦੀ ਰਾਏ ਲਈ ਜਾਵੇਗੀ। ਜਨਤਕ ਭਾਵਨਾਵਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਪੰਜਾਬ ਵਿੱਚ ਕਾਂਗਰਸ ਦਾ ਸੰਗਠਨ ਬਹੁਤ ਮਜ਼ਬੂਤ ​​ਹੈ।


ਇਸ ਦੇ ਨਾਲ ਹੀ ਕੁਝ ਸਮਾਂ ਪਹਿਲਾਂ ਪਾਰਟੀ ਛੱਡ ਚੁੱਕੇ ਕਈ ਸੀਨੀਅਰ ਆਗੂਆਂ ਨੂੰ ਵੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ। ਹਾਲਾਂਕਿ 'ਆਪ' ਨਾਲ ਗਠਜੋੜ ਦਾ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਲਿਆ ਜਾਵੇਗਾ।


ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਵੀ ਸੀਟਾਂ ਦੀ ਵੰਡ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੀਟਾਂ ਦੀ ਵੰਡ ਸੂਬੇ ਦੇ ਹਾਲਾਤਾਂ ਮੁਤਾਬਕ ਹੋਵੇਗੀ। ਸੀਟ ਦੀ ਵੰਡ ਖੁੱਲੇ ਦਿਮਾਗ ਅਤੇ ਬੰਦ ਮੂੰਹ ਨਾਲ ਹੋਵੇਗੀ।