Punjab Congres News : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੰਜਾਬ ਪੁਲਿਸ ਦੇ ਡੀਜੀਪੀ ਵੀਕੇ ਭਾਵਰਾ ਨੂੰ ਪੱਤਰ ਲਿਖ ਕੇ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਹਾ ਕਿ ਐਫਆਈਆਰ ਕਿਸ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ, ਉਸ ਦੀ ਪਛਾਣ ਹਾਲੇ ਤੱਕ ਸਾਹਮਣੇ ਨਹੀਂ ਆਈ ਹੈ। ਇਸ ਵਿੱਚ ਆਰੋਪ ਲਾਇਆ ਗਿਆ ਹੈ ਕਿ ਕਿਉਂਕਿ ਇਹ ਦੋਵੇਂ ਵਿਅਕਤੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕਰਦੇ ਹਨ, ਇਸ ਲਈ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।


ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ਼ 'ਭੜਕਾਊ ਬਿਆਨਾਂ' ਨੂੰ ਲੈ ਕੇ ਦਰਜ ਇੱਕ ਮਾਮਲੇ ਦੇ ਸਿਲਸਿਲੇ ਵਿੱਚ ਪੰਜਾਬ ਪੁਲਿਸ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਦੇ ਘਰ ਪਹੁੰਚੀ ਸੀ। ਦੋਵਾਂ ਆਗੂਆਂ ਨੂੰ 26 ਅਪ੍ਰੈਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।

 

ਪੰਜਾਬ ਦੇ ਰੂਪਨਗਰ ਦੇ ਸਦਰ ਥਾਣੇ ਵਿੱਚ 12 ਅਪ੍ਰੈਲ ਨੂੰ ਕੇਸ ਦਰਜ ਕੀਤਾ ਗਿਆ ਸੀ। ਕੁਮਾਰ ਵਿਸ਼ਵਾਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ 'ਤੇ ਵੱਖਵਾਦੀਆਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ ਸੀ। ਉਸਨੇ ਬੁੱਧਵਾਰ ਸਵੇਰੇ ਇੱਕ ਟਵੀਟ ਵਿੱਚ ਪੁਲਿਸ ਟੀਮ ਦੇ ਗਾਜ਼ੀਆਬਾਦ ਘਰ ਪਹੁੰਚਣ ਦੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ‘ਆਪ’ ਕਨਵੀਨਰ ਕੇਜਰੀਵਾਲ ਇੱਕ ਦਿਨ ਪੰਜਾਬ ਨਾਲ ਧੋਖਾ ਕਰਨਗੇ।


ਓਥੇ ਹੀ ਕਾਂਗਰਸ ਨੇਤਾ ਅਲਕਾ ਲਾਂਬਾ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਦੇ ਬਾਹਰ ਨੋਟਿਸ ਚਿਪਕਾਇਆ ਹੈ ਅਤੇ ਕੁਮਾਰ ਵਿਸ਼ਵਾਸ ਖਿਲਾਫ ਦਰਜ ਕੀਤੇ ਗਏ ਮਾਮਲੇ 'ਚ ਪੁੱਛਗਿੱਛ ਲਈ ਉਨ੍ਹਾਂ ਨੂੰ ਤਲਬ ਕੀਤਾ ਹੈ। ਉਸ 'ਤੇ ਕੁਮਾਰ ਵਿਸ਼ਵਾਸ ਦੇ ਬਿਆਨਾਂ ਦਾ ਸਮਰਥਨ ਕਰਨ ਦਾ ਦੋਸ਼ ਹੈ। ਪੰਜਾਬ ਪੁਲਿਸ ਦੇ ਇਸ ਕਦਮ ਤੋਂ ਬਾਅਦ ਰਾਜ ਵਿੱਚ ਵਿਰੋਧੀ ਧਿਰ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ 'ਆਪ' ਨੇਤਾ ਕੇਜਰੀਵਾਲ ਦੀ "ਕਠਪੁਤਲੀ" ਵਾਂਗ ਕੰਮ ਕਰਨ ਅਤੇ "ਆਲੋਚਕਾਂ ਨੂੰ ਚੁੱਪ ਕਰਾਉਣ ਲਈ ਤਾਕਤ ਦੀ ਵਰਤੋਂ" ਕਰਨ ਦਾ ਦੋਸ਼ ਲਗਾਇਆ ਸੀ।