ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚਲ ਰਹੇ ਕਲੇਸ਼ ਦਾ ਹੱਲ ਲੱਭਣ ਲਈ ਕਾਂਗਰਸ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ 20 ਜੂਨ ਨੂੰ ਦਿੱਲੀ ਬੁਲਾਇਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਪਟਨ ਆਪਣੇ ਪੱਧਰ 'ਤੇ ਝਗੜੇ ਨੂੰ ਸੁਲਝਾਉਣ ਅਤੇ ਨਾਰਾਜ਼ ਨੇਤਾਵਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਵਿਚ ਵੀ ਰੁੱਝੇ ਹੋਏ ਹਨ। ਸਾਲ 2022 ਵਿਚ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸੂਬੇ ਵਿਚ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ। ਲੜਾਈ-ਝਗੜੇ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੇ ਕਿਲ੍ਹੇ ਨੂੰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ।
ਸੂਤਰਾਂ ਮੁਤਾਬਕ ਕਮੇਟੀ ਦੀ ਰਿਪੋਰਟ ਅਤੇ ਰਾਹੁਲ ਗਾਂਧੀ ਨੂੰ ਮਿਲੇ ਫੀਡਬੈਕ ਦੇ ਅਧਾਰ 'ਤੇ ਸੋਨੀਆ ਗਾਂਧੀ ਕੈਪਟਨ ਅਤੇ ਸਿੱਧੂ ਦਰਮਿਆਨ ਹੋਏ ਵਿਵਾਦ ਨੂੰ ਸੁਲਝਾਉਣ ਲਈ ਇੱਕ ਸਾਂਝੀ ਮੀਟਿੰਗ ਕਰੇਗੀ। ਇਸ ਤੋਂ ਪਹਿਲਾਂ ਵਿਧਾਇਕਾਂ ਨੂੰ ਦੁਪਹਿਰ ਦੇ ਖਾਣੇ ਲਈ ਬੁਲਾਉਣ ਪਿੱਛੇ ਕੈਪਟਨ ਦਾ ਉਦੇਸ਼ ਨਾਰਾਜ਼ ਨੇਤਾਵਾਂ ਨੂੰ ਸਮੇਂ ਸਿਰ ਮਨਾਉਣਾ ਹੈ, ਤਾਂ ਜੋ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਜਾ ਸਕੇ। ਵੀਰਵਾਰ ਸ਼ਾਮ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੁਝ ਵਿਧਾਇਕਾਂ ਅਤੇ ਮੰਤਰੀਆਂ ਨੂੰ ਚਾਹ 'ਤੇ ਬੁਲਾਇਆ।
ਉਧਰ ਇਸ ਮਾਮਲੇ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਕਮੇਟੀ ਦੇ ਤਿੰਨ ਨੇਤਾ ਮੱਲੀਕਾਰਜੁਨ ਖੜਗੇ, ਹਰੀਸ਼ ਰਾਵਤ (ਜਨਰਲ ਸਕੱਤਰ ਪੰਜਾਬ ਕਾਂਗਰਸ ਦੇ ਇੰਚਾਰਜ) ਅਤੇ ਜੇਪੀ ਅਗਰਵਾਲ ਸਹਿਮਤ ਹੋਏ ਕਿ ਨਾਰਾਜ਼ ਨੇਤਾਵਾਂ ਨੂੰ ਜਲਦੀ ਹੀ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਹੈ, ਪਰ ਇਸ ਬਾਰੇ ਕੋਈ ਸਹਿਮਤੀ ਨਹੀਂ ਬਣ ਸਕੀ ਕੀ ਕਿਸ ਨੂੰ ਕੀ ਜ਼ਿੰਮੇਵਾਰੀ ਦੇਣੀ ਚਾਹੀਦਾ ਹੈ। ਕਮੇਟੀ ਦੇ ਤਿੰਨਾਂ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਵੱਖ-ਵੱਖ ਫਾਰਮੂਲੇ ਸੁਝਾਏ।
ਸੂਤਰਾਂ ਮੁਤਾਬਕ ਚਰਚਾ ਇਹ ਵੀ ਸੀ ਕਿ ਜੇਕਰ ਸਿੱਧੂ ਨੂੰ ਪਾਰਟੀ ਵਿਚ ਵੱਡੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ ਤਾਂ ਪਾਰਟੀ ਦੇ ਕਈ ਪੁਰਾਣੇ ਨੇਤਾ ਨਾਰਾਜ਼ ਹੋ ਸਕਦੇ ਹਨ। ਕਾਂਗਰਸ ਲੀਡਰਸ਼ਿਪ ਇਸ ਸਮੇਂ ਸਾਰੇ ਵਿਕਲਪਾਂ 'ਤੇ ਵਿਚਾਰ ਕਰ ਰਹੀ ਹੈ। ਅੰਤਮ ਫੈਸਲਾ ਲੈਣ ਤੋਂ ਪਹਿਲਾਂ ਕਾਂਗਰਸ ਲੀਡਰਸ਼ਿਪ ਇੱਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ, ਸਿੱਧੂ ਅਤੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸੇ ਲਈ ਮੁੱਖ ਮੰਤਰੀ, ਸਿੱਧੂ ਅਤੇ ਸੀਨੀਅਰ ਨੇਤਾਵਾਂ ਨੂੰ ਐਤਵਾਰ ਨੂੰ ਦਿੱਲੀ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ: School Teachers Strike: ਮੋਹਾਲੀ ਵਿੱਚ ਸਕੂਲ ਅਧਿਆਪਕਾਂ ਦੀ ਹੜਤਾਲ ਜਾਰੀ, ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin