ਚੰਡੀਗੜ੍ਹ: ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਵਿੱਚ ਲੁਧਿਆਣਾ ਦੇ ਡੀਸੀ ਦਫ਼ਤਰ ਸਾਹਮਣੇ ਕਾਲ਼ੇ ਕੱਪੜੇ ਪਾ ਕੇ ਕਾਂਗਰਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ।   ਇਸ ਦੌਰਾਨ ਵਿਧਾਇਕ ਬਿੱਟੂ ਨੇ ਕਿਹਾ ਕਿ ਪੈਟਰੋਲ/ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਕਰਕੇ ਹਰ ਵਰਗ ਦੇ ਲੋਕ ਤਰਾਹ-ਤਰਾਹ ਕਰ ਰਹੇ ਹਨ। ਦੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਵੱਡਾ ਬਹੁਮਤ ਦਿੱਤਾ ਸੀ, ਜੋ ਆਪਣੀ ਸਾਜ਼ਿਸ਼ ਤਹਿਤ ਵਿਰੋਧੀ ਦਲ ਦੀ ਨਿੰਦਾ ਕਰਦੇ ਰਹੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਤੇ ਆਪਣੇ ਦੋਸਤਾਂ-ਮਿੱਤਰਾਂ ਦੀਆਂ ਜੇਬਾਂ ਭਰੀਆਂ ਹਨ ਤੇ ਉਹ ਲੋਕਾਂ ਦੀਆਂ ਜੇਬਾਂ ’ਚੋਂ ਪੈਸੇ ਕਢਵਾ ਰਹੇ ਹਨ। ਇਸ ਦਾ ਸਿੱਧਾ ਅਸਰ ਕਿਸਾਨਾਂ ’ਤੇ ਪੈ ਰਿਹਾ ਹੈ ਜੋ ਪਹਿਲਾਂ ਹੀ ਘਾਟੇ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੈਟਰੋਲ/ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਕਿਰਾਏ ਵੀ ਵਧਣਗੇ ਤੇ ਆਮ ਲੋਕਾਂ ’ਤੇ ਹੋਰ ਬੋਝ ਪਵੇਗਾ। ਇਸ ਦਾ ਨਤੀਜਾ ਲੋਕਾਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਸਾਫ ਵੇਖਿਆ ਜਾ ਸਕਦਾ ਹੈ। ਕਿਸਾਨਾਂ ਦੇ ਪਹਿਲੀ ਤੋਂ 10 ਜੂਨ ਤਕ ਸਬਜ਼ੀਆਂ, ਫਲ਼ ਤੇ ਦੁੱਧ ਬੰਦ ਕਰਨ ਦੇ ਐਲਾਨ ਸਬੰਧੀ ਉਨ੍ਹਾਂ ਕਿਹਾ ਕਿ ਕਿਸਾਨ ਸਾਡਾ ਪਰਿਵਾਰ ਹੈ। ਅੱਜ ਕੈਬਨਿਟ ਬੈਠਕ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਇਸ ਮੁੱਦੇ ਨੂੰ ਮੁੱਖ ਮੰਤਰੀ ਦੇ ਧਿਆਨ ’ਚ ਲਿਆਉਣਗੇ ਤੇ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨਗੇ। ਸ਼ਾਹਕੋਟ ਦੀ ਜਿੱਤ ਨੂੰ ਉਨ੍ਹਾਂ ਕੇਂਦਰ ਸਰਕਾਰ ਦੀਆਂ ਕੁਨੀਤੀਆਂ ਦਾ ਨਤੀਜਾ ਦੱਸਿਆ ਤੇ ਕਾਂਗਰਸ ਵਰਕਰਾਂ ਨੂੰ ਇਸ ਦੀ ਵਧਾਈ ਦਿੱਤੀ।