ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪੰਜਾਬ ਕਾਂਗਰਸ ਵਿੱਚ ਕਲੇਸ਼ ਵਧ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਖਹਿਰਾ ਨੇ ਰਾਜਾ ਵੜਿੰਗ ਨੂੰ ਲੁਧਿਆਣਾ 'ਚ ਆਸ਼ੂ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਚੱਲ ਰਿਹਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ।
ਹਰੀਸ਼ ਚੌਧਰੀ ਨੇ ਸਿੱਧੇ ਰਾਜਾ ਵੜਿੰਗ ਜਾਂ ਪਾਰਟੀ ਫੋਰਮ ਦੀ ਬਜਾਏ ਸੋਸ਼ਲ ਮੀਡੀਆ 'ਤੇ ਗੱਲ ਕਰਨ ਦੀ ਵਜ੍ਹਾ ਤੋਂ ਖਹਿਰਾ ਤੋਂ ਜਵਾਬ ਮੰਗਿਆ ਹੈ। ਇਸ ਤੋਂ ਪਹਿਲਾਂ ਵੜਿੰਗ ਨੇ ਖਹਿਰਾ ਨੂੰ ਵੀ ਕਿਹਾ ਸੀ ਕਿ ਬਿਨਾਂ ਮੰਗੇ ਸਲਾਹ ਨਹੀਂ ਦੇਣੀ ਚਾਹੀਦੀ। ਇਸ ਨਾਲ ਕਦਰ ਘੱਟ ਜਾਂਦੀ ਹੈ। ਇਸ 'ਤੇ ਖਹਿਰਾ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਨੇਤਾਵਾਂ ਨੂੰ ਛੋਟੇ ਤੋਂ ਛੋਟੇ ਵਰਕਰ ਦੀ ਸਲਾਹ ਨੂੰ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।
ਇਸ ਤੋਂ ਇਲਾਵਾ ਅਬੋਹਰ ਤੋਂ ਕਾਂਗਰਸੀ ਵਿਧਾਇਕ ਸੰਦੀਪ ਜਾਖੜ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਸੰਦੀਪ ਜਾਖੜ ਨੇ ਰਾਜਾ ਵੜਿੰਗ ਨੂੰ ਹੰਕਾਰੀ ਕਿਹਾ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਵਰਗੇ ਸੀਨੀਅਰ ਆਗੂ ਨੂੰ ਜਨਤਕ ਤੌਰ 'ਤੇ ਝਿੜਕਣਾ ਪ੍ਰਧਾਨ ਦੇ ਹੰਕਾਰ ਨੂੰ ਦਰਸਾਉਂਦਾ ਹੈ। ਇਸ ਤਰ੍ਹਾਂ ਇੱਜ਼ਤ ਨਹੀਂ ਮਿਲੇਗੀ।
ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪਿਛਲੇ ਦਿਨੀਂ ਟਵੀਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਸੀ ਕਿ ਕਿਸੇ ਲਈ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ ਕਿਉਂਕਿ ਪੰਜਾਬ ਦੇ ਬੇਅਦਬੀ, ਕਿਸਾਨ ਖੁਦਕੁਸ਼ੀਆਂ, ਪਾਣੀ, ਐਲਐਸਡੀ ਆਦਿ ਵਰਗੇ ਬਹੁਤ ਸਾਰੇ ਭਖਦੇ ਮੁੱਦੇ ਹਨ, ਜਿਨ੍ਹਾਂ 'ਤੇ ਸਾਨੂੰ ਕੰਮ ਕਰਨਾ ਚਾਹੀਦਾ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਭਾਰਤ ਭੂਸ਼ਣ ਆਸ਼ੂ ਲਈ ਵਿਜੀਲੈਂਸ ਭਵਨ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਰਾਜਾ ਵੜਿੰਗ (Amarinder Singh Raja Warring) ਨੇ ਇਸ ਗ੍ਰਿਫ਼ਤਾਰੀ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਗ੍ਰਿਫ਼ਤਾਰੀ ਚੋਰਾਂ ਵਾਂਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਕੋਲ ਆਸ਼ੂ ਵਿਰੁੱਧ 2000 ਕਰੋੜ ਰੁਪਏ ਦੇ ਟੈਂਡਰ ਘਪਲੇ ਵਿੱਚ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦਾ ਨੁਕਸਾਨ ਹੀ ਹੋਵੇਗਾ।