Punjab Congress ਦੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸ਼ੁਰੂ, ਬਾਜਵਾ ਨੇ BJP 'ਤੇ ਲਾਏ ਵੱਡੇ ਇਲਜ਼ਾਮ
Punjab Congress : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਲੋਕਾਂ ਨਾਲ ਸਿੱਧਾ ਜੁੜਨ ਅਤੇ ਸੂਬੇ ਦੇ ਮੁੱਦੇ ਚੁੱਕਣ ਲਈ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ ਤੋਂ

Punjab Congress : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਲੋਕਾਂ ਨਾਲ ਸਿੱਧਾ ਜੁੜਨ ਅਤੇ ਸੂਬੇ ਦੇ ਮੁੱਦੇ ਚੁੱਕਣ ਲਈ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਕੀਤੀ ਗਈ। ਇਸ ਤਹਿਤ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਬੱਸ ਰਾਹੀਂ ਕਾਂਗਰਸੀ ਆਗੂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਚੁੱਕਣਗੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਵੀ ਮੌਜੂਦ ਰਹੇ।
BJP 'ਤੇ ਹੰਗ ਅਸੈਂਬਲੀ ਬਣਾਉਣ ਦੀ ਕੋਸ਼ਿਸ਼ ਦਾ ਇਲਜ਼ਾਮ
ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਕਿਸੇ ਵੀ ਪਾਰਟੀ ਨੂੰ ਆਪਣੇ ਦਮ 'ਤੇ ਬਹੁਮਤ ਮਿਲਦਾ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਇਲਜ਼ਾਮ ਲਾਇਆ ਕਿ ਭਾਜਪਾ ਪੰਜਾਬ ਵਿੱਚ ਹੰਗ ਅਸੈਂਬਲੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਸਿੱਧੇ ਤੌਰ 'ਤੇ ਨਹੀਂ ਸਗੋਂ ਅਸਿੱਧੇ ਢੰਗ ਨਾਲ ਸੂਬੇ 'ਤੇ ਰਾਜ ਕੀਤਾ ਜਾ ਸਕੇ।
AAP ਅਤੇ BJP ਨੂੰ ਦੱਸਿਆ ਇੱਕੋ ਸਿੱਕੇ ਦੇ ਦੋ ਪਹਿਲੂ
ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਇੱਕ ਪਾਸੇ ਭਾਜਪਾ ਹੈ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਦੋਵਾਂ ਪਾਰਟੀਆਂ ਖ਼ਿਲਾਫ਼ ਪੰਜਾਬ ਦੇ ਲੋਕਾਂ ਨੂੰ ਇਕਜੁੱਟ ਕਰਨ ਲਈ ਸ਼ੁਰੂ ਕੀਤੀ ਗਈ ਹੈ।
ਨਸ਼ਿਆਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਿਆ
ਬਾਜਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਕਰਦਿਆਂ ਕਿਹਾ ਕਿ ਜਦੋਂ ਕੇਂਦਰ ਵਿੱਚ ਪਿਛਲੇ 13 ਸਾਲਾਂ ਤੋਂ ਭਾਜਪਾ ਦੀ ਸਰਕਾਰ ਹੈ ਤਾਂ ਪੰਜਾਬ ਵਿੱਚ ਨਸ਼ਿਆਂ 'ਤੇ ਕਾਬੂ ਕਿਉਂ ਨਹੀਂ ਪਾਇਆ ਜਾ ਸਕਿਆ? ਉਨ੍ਹਾਂ ਕਿਹਾ ਕਿ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਲਗਭਗ ਸਾਢੇ 550 ਕਿਲੋਮੀਟਰ ਲੰਮੀ ਕੌਮਾਂਤਰੀ ਸਰਹੱਦ 'ਤੇ BSF ਅਤੇ ਪੰਜਾਬ ਪੁਲਿਸ ਗਸ਼ਤ ਕਰਦੀ ਹੈ। ਇਸ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਬਰਕਰਾਰ ਹੈ। ਉਨ੍ਹਾਂ ਇਸ ਲਈ ਪੰਜਾਬ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਵੀ ਜ਼ਿੰਮੇਵਾਰ ਠਹਿਰਾਇਆ।
ਪੰਜਾਬ ਦੇ ਕਰਜ਼ੇ 'ਤੇ ਵੀ ਚੁੱਕੇ ਸਵਾਲ
ਬਾਜਵਾ ਨੇ ਪੰਜਾਬ ਦੀ ਆਰਥਿਕ ਹਾਲਤ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸੂਬੇ ਸਿਰ 95 ਹਜ਼ਾਰ ਕਰੋੜ ਤੋਂ ਲੈ ਕੇ 1.25 ਲੱਖ ਕਰੋੜ ਰੁਪਏ ਤੱਕ ਦੇ ਕਰਜ਼ੇ ਦਾ ਬੋਝ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਅਜਿਹੇ ਵਿੱਚ ਪੰਜਾਬ ਦੀ ਆਰਥਿਕਤਾ ਨੂੰ ਸੰਭਾਲਣਾ ਵੱਡੀ ਚੁਣੌਤੀ ਹੈ। ਕਾਂਗਰਸੀ ਆਗੂਆਂ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ 'ਤੇ ਵੀ ਸਵਾਲ ਚੁੱਕੇ ਅਤੇ ਸੂਬੇ ਵਿੱਚ ਜੰਗਲ ਰਾਜ ਵਰਗੇ ਹਾਲਾਤ ਹੋਣ ਦੇ ਇਲਜ਼ਾਮ ਲਾਏ।
ਇਸ ਮੁਹਿੰਮ ਤਹਿਤ ਕਾਂਗਰਸੀ ਆਗੂ ਉਦਯੋਗਿਕ ਖੇਤਰ ਅਤੇ ਮੋਹਾਲੀ ਵਿੱਚ ਵੀ ਮੀਟਿੰਗਾਂ ਕਰਨਗੇ। ਇਨ੍ਹਾਂ ਮੀਟਿੰਗਾਂ ਦੌਰਾਨ ਉਦਯੋਗਪਤੀਆਂ, ਮੁਲਾਜ਼ਮਾਂ ਅਤੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ।
ਟ੍ਰੈਂਡਿੰਗ ਟੌਪਿਕ






















