ਚੰਡੀਗੜ੍ਹ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਤੇ ਆਪ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ 'ਚ ਲੋਕ ਕੋਰੋਨਾ ਨਾਲ ਮਰ ਰਹੇ ਹਨ ਪਰ ਕਾਂਗਰਸੀ ਕੁਰਸੀ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਪੰਜਾਬ ਦੇ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਕਿਉਂਕਿ ਇੱਕ ਆਪਣੀ ਕੁਰਸੀ ਬਚਾਉਣ ਲਈ ਲੜ ਰਿਹਾ, ਪਰ ਚਾਰ ਉਸ ਦੀ ਕੁਰਸੀ 'ਤੇ ਬੈਠਣ ਲਈ ਲੜ ਰਹੇ ਹਨ।
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਲਾਇਕੀ ਕਾਰਨ ਕੋਰੋਨਾ ਬਿਮਾਰੀ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਫੈਲ ਚੁੱਕੀ ਹੈ। ਪੰਜਾਬ 'ਚ ਮਹਾਂਮਾਰੀ ਨਾਲ ਬੁਰਾ ਹਾਲ ਹੈ ਅਤੇ ਮੌਤ ਦਰ ਕਾਬੂ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਪਿੰਡਾਂ ਵਿੱਚ ਫੈਲਣ ਤੋਂ ਰੋਕਣ ਲਈ ਪ੍ਰਬੰਧ ਕਰਨੇ ਅਤੇ ਪੀੜਤਾਂ ਦਾ ਇਲਾਜ ਕਰਨਾ ਕੈਪਟਨ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਕੈਪਟਨ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ 'ਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚਲੀਆਂ 60 ਤੋਂ 70 ਫ਼ੀਸਦੀ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਅਣਹੋਂਦ ਹੈ ਅਤੇ ਨਾ ਹੀ ਉਥੇ ਦਵਾਈਆਂ ਹਨ। ਅਜਿਹੀ ਹਾਲਤ ਵਿੱਚ ਪਿੰਡਾਂ ਦੇ ਲੋਕ ਇਲਾਜ ਕਿੱਥੋਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਸਰਕਾਰੀ ਹਸਪਤਾਲਾਂ ਤੋਂ ਵਿਸ਼ਵਾਸ਼ ਹੀ ਉੱਠ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਲਗਦਾ ਹੈ ਕਿ ਜੇ ਕੋਰੋਨਾ ਬਿਮਾਰੀ ਦਾ ਇਲਾਜ ਕਰਾਉਣ ਸਰਕਾਰੀ ਹਸਪਤਾਲ ਗਏ ਤਾਂ ਕੇਵਲ ਲਾਸ਼ ਬਣ ਕੇ ਹੀ ਉਹ ਵਾਪਸ ਆਉਣਗੇ।
ਚੀਮਾ ਨੇ ਕਿਹਾ ਸਰਕਾਰੀ ਹਸਪਤਾਲਾਂ ਵਿੱਚ ਨਾ ਡਾਕਟਰ ਹਨ, ਨਾ ਨਰਸਾਂ ਤੇ ਪੈਰਾ ਮੈਡੀਕਲ ਸਟਾਫ਼ ਅਤੇ ਨਾ ਹੀ ਜੀਵਨ ਰੱਖਿਅਕ ਪ੍ਰਣਾਲੀ। ਅਜਿਹੇ ਮਾੜੇ ਹਲਾਤ ਵਿੱਚ ਪ੍ਰਾਈਵੇਟ ਹਸਪਤਾਲਾਂ ਨੇ ਲੁੱਟ ਮਚਾਈ ਹੋਈ ਹੈ। ਕੁੱਝ ਪ੍ਰਾਈਵੇਟ ਹਸਪਤਾਲ ਕੋਰੋਨਾ ਇਲਾਜ ਦੇ ਨਾਂ 'ਤੇ ਲੋਕਾਂ ਤੋਂ 70 - 70 ਹਜ਼ਾਰ ਰੁਪਿਆ ਇੱਕ ਇੱਕ ਦਿਨ ਦਾ ਵਸੂਲ ਕਰ ਰਹੇ ਹਨ, ਜੋ ਆਮ ਲੋਕਾਂ ਦੀ ਆਰਥਿਕ ਲੁੱਟ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਲੋਕਾਂ ਦੀ ਸੁਰੱਖਿਆ ਅਤੇ ਇਲਾਜ ਵੱਲ ਕੋਈ ਧਿਆਨ ਨਹੀਂ, ਸਗੋਂ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਅਤੇ ਆਗੂ ਕੁਰਸੀ ਬਚਾਉਣ ਆਪਸ ਵਿੱਚ ਲੜ ਰਹੇ ਹਨ। ਉਨ੍ਹਾਂ ਕਿਹਾ ਇਹ ਸਮਾਂ ਇਕ ਦੂਜੀ ਦੀ ਲੱਤ ਖਿੱਚਣ ਦਾ ਨਹੀਂ ਸਰਕਾਰ ਲਈ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦਾ ਹੈ।