ਚੰਡੀਗੜ੍ਹ  : ਚੰਡੀਗੜ੍ਹ ਵਿੱਚ ਕਾਂਗਰਸ ਵੱਲੋਂ ਦੇਸ਼ ਵਿੱਚ ਵੱਧ ਰਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਜੀਐਸਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਸੈਕਟਰ- 15 ਦੇ ਕਾਂਗਰਸ ਭਵਨ ਵਿੱਚ ਪਹਿਲਾ ਕਾਂਗਰਸ ਨੇ ਪ੍ਰਦਰਸ਼ਨ ਕੀਤਾ। ਚੰਡੀਗੜ੍ਹ 'ਚ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। 


 

ਜਾਣਕਾਰੀ ਅਨੁਸਾਰ ਚੰਡੀਗੜ੍ਹ 'ਚ ਹਿਰਾਸਤ 'ਚ ਲਏ ਕਾਂਗਰਸੀ ਆਗੂਆਂ ਵਿੱਚ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ, ਵਿਧਾਇਕ ਪਰਗਟ ਸਿੰਘ ਸਮੇਤ ਕਈ ਵੱਡੇ ਕਾਂਗਰਸੀ ਆਗੂ ਸ਼ਾਮਲ ਹਨ। ਜਿਸ ਤੋਂ ਬਾਅਦ ਸਾਰਿਆਂ ਨੂੰ ਬੱਸ ਵਿੱਚ ਬਿਠਾ ਕੇ ਥਾਣੇ ਲਿਜਾਇਆ ਗਿਆ ਹੈ।

 

ਕਾਂਗਰਸ ਵੱਲੋਂ ਅੱਜ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖਿਲਾਫ਼ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤਾ ਹੈ। ਚੰਡੀਗੜ੍ਹ 'ਚ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਰਸਤੇ ਵਿੱਚ ਚੰਡੀਗੜ੍ਹ ਪੁਲੀਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਜਦੋਂ ਕਾਂਗਰਸੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਜਿਸ ਤੋਂ ਬਾਅਦ ਸਾਰਿਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।

 

ਦੱਸ ਦੇਈਏ ਕਿ ਰਾਜਧਾਨੀ ਦਿੱਲੀ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਮੋਰਚਾ ਸੰਭਾਲਿਆ ਅਤੇ ਪਾਰਟੀ ਆਗੂਆਂ ਦੀ ਅਗਵਾਈ ਕੀਤੀ। ਇਸ ਦੌਰਾਨ ਦੋਵਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਹਿਰਾਸਤ 'ਚ ਲਏ ਜਾਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਕੇਂਦਰ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।