ਗੁਰਦਾਸਪੁਰ: ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਕਾਂਗਰਸ ਵੱਲੋਂ ਸੰਘਰਸ਼ ਦੀ ਸ਼ੁਰੂਆਤ ਜ਼ਿਲ੍ਹਾ ਗੁਰਦਾਸਪੁਰ ਤੋਂ ਕੀਤੀ ਜਾ ਰਹੀ ਹੈ। ਇਸ ਤਹਿਤ 26 ਅਗਸਤ ਨੂੰ ਡੀ.ਸੀ. ਦਫਤਰ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਸਮੇਤ ਕਈ ਹੋਰ ਲੀਡਰ ਸ਼ਾਮਲ ਹੋਣਗੇ। ਉੱਥੇ ਹੀ ਇਸ ਸੰਘਰਸ਼ ਨੂੰ ਚਲਾਉਣ ਦੀ ਜ਼ਿੰਮੇਵਾਰੀ ਕਾਂਗਰਸ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਸਾਂਸਦ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਹੈ।
ਇਹ ਹੀ ਕਾਰਨ ਹੈ ਕਿ ਰਾਜ ਸਭਾ ਮੈਂਬਰ ਤੇ ਸਾਬਕਾ ਪ੍ਰਦੇਸ਼ ਪ੍ਰਧਾਨ ਅੱਜ ਕਲ੍ਹ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੁਹੰਚ ਕੇ ਵਿਸ਼ੇਸ਼ ਤੌਰ 'ਤੇ ਕਾਂਗਰਸੀ ਵਰਕਰਾਂ ਤੇ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ। ਉੱਥੇ ਹੀ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਇਸ ਮੀਟਿੰਗ ਦਾ ਮੁੱਖ ਮਕਸਦ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਵਿੱਚ ਆਵਾਜ਼ ਬੁਲੰਦ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਕਰਜ਼ ਮਾਫੀ ਦੀ ਮੰਗ ਨੂੰ ਲੈ ਕੇ 26 ਅਗਸਤ ਨੂੰ ਗੁਰਦਾਸਪੁਰ ਦੇ ਡੀ.ਸੀ. ਦਫਤਰ ਦਾ ਘੇਰਾਓ ਕੀਤਾ ਜਾਵੇਗਾ।
ਉੱਥੇ ਹੀ ਪ੍ਰਤਾਪ ਬਾਜਵਾ ਦਾ ਕਹਿਣਾ ਸੀ ਕਿ ਪੰਜਾਬ ਵਿੱਚ 13 ਲੋਕ ਸਭਾ ਹਲਕਿਆਂ ਵਿੱਚ ਧਰਨਾ ਪ੍ਰਦਰਸ਼ਨ ਕਰਨ ਤੋਂ ਬਾਅਦ ਸਰਦ ਰੁੱਤ ਇਜਲਾਸ ਵਿੱਚ ਇਹ ਪ੍ਰਦਰਸ਼ਨ ਦਿੱਲੀ ਦੇ ਜੰਤਰ-ਮੰਤਰ ਵਿੱਚ ਕੀਤਾ ਜਾਵੇਗਾ। ਜਦੋਂ ਤੱਕ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮਾਫ ਨਹੀਂ ਕਰੇਗੀ, ਉਸ ਵੇਲੇ ਤੱਕ ਪ੍ਰਦਰਸ਼ਨ ਜਾਰੀ ਰਹੇਗਾ।