ਚੰਡੀਗੜ੍ਹ: ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਵਧ ਚੜ੍ਹ ਕੇ ਪ੍ਰਚਾਰਿਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਬਹੁ-ਕਾਰਜ ਖੇਤਰ ਵਾਲੀਆਂ ਯੂਨੀਵਰਸਿਟੀਆਂ ਲਈ ਉਸਾਰੇ ਗਏ ਖੇਤਰ ਦੀ ਸ਼ਰਤ 50000 ਵਰਗ ਮੀਟਰ ਤੋਂ ਘਟਾ ਕੇ 30000 ਵਰਗ ਮੀਟਰ ਅਤੇ ਇਕੋ ਕਾਰਜ ਖੇਤਰ ਵਾਲੀਆਂ ਯੂਨੀਵਰਸਿਟੀਆਂ ਲਈ ਇਹ ਸ਼ਰਤ 20000 ਵਰਗ ਮੀਟਰ ਤੋਂ ਘਟਾ ਕੇ 10000 ਵਰਗ ਮੀਟਰ ਕੀਤੇ ਜਾਣ ਦਾ ਫੈਸਲਾ ਕੀਤਾ ਹੈ।



ਸਰਕਾਰੀ ਬੁਲਾਰੇ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਤੋਂ ਬਾਅਦ ਦੱਸਿਆ ਕਿ ਇਸੇ ਲਈ 'ਦਾ ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਪਾਲਿਸੀ- 2010' ਵਿੱਚ ਸੋਧ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ।ਇਹ ਫੈਸਲਾ ਮੁੱਖ ਮੰਤਰੀ ਦੀ ਮਨਜ਼ੂਰੀ ਨਾਲ ਉਚੇਰੀ ਸਿੱਖਿਆ ਵਿਭਾਗ ਵੱਲੋਂ ਮੁੱਖ ਸਕੱਤਰ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਕਮੇਟੀ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਹੀ ਲਿਆ ਗਿਆ ਹੈ।



ਉਨ੍ਹਾਂ ਦੱਸਿਆ ਕਿ ਐਸਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਸੂਬੇ ਵਿੱਚ ਨਵੀਆਂ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ ਵੱਖੋ-ਵੱਖ ਸਪਾਂਸਰ ਧਿਰਾਂ ਪਾਸੋਂ 2010 ਦੀ ਨੀਤੀ ਦੇ ਅਲੱਗ-ਅਲੱਗ ਪ੍ਰਾਵਧਾਨਾਂ 'ਚ ਛੋਟ ਹਿੱਤ ਪ੍ਰਾਪਤ ਹੋਈਆਂ ਪ੍ਰਤੀਬੇਨਤੀਆਂ 'ਤੇ ਵਿਚਾਰ ਕੀਤਾ ਜਾ ਸਕੇ।




ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਪਾਲਿਸੀ-2010, ਜਿਸ ਦਾ ਮਕਸਦ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ 'ਚ ਗੁਣਵੱਤਾ ਭਰਪੂਰ ਨਿੱਜੀ ਸਿੱਖਿਆ ਨੂੰ ਉਤਸ਼ਾਹਤ ਕਰਨਾ ਹੈ, ਦੇ ਤਹਿਤ ਸੂਬਾ ਸਰਕਾਰ ਨੇ ਅਜੇ ਤੱਕ 14 ਯੂਨੀਵਰਸਿਟੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਤੋਂ ਇਲਾਵਾ ਚਾਰ ਹੋਰ ਨਿੱਜੀ ਯੂਨੀਵਰਸਿਟੀਆਂ ਸਥਾਪਤ ਕਰਨ ਬਾਬਤ ਤਜਵੀਜ਼ਾਂ ਵਿਚਾਰ ਅਧੀਨ ਹਨ।


Education Loan Information:

Calculate Education Loan EMI