Holiday In Punjab: ਪੰਜਾਬ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਹੋਰ ਅਦਾਰੇ ਬੰਦ ਰਹਿਣਗੇ। 6 ਦਸੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ 'ਤੇ ਪੰਜਾਬ 'ਚ ਛੁੱਟੀ ਹੋਣ ਵਾਲੀ ਹੈ।
ਪੰਜਾਬ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਨੂੰ ਮਹੱਤਵ ਦਿੰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇਸ ਵਿਸ਼ੇਸ਼ ਛੁੱਟੀ ਵਿੱਚ ਸੋਧ ਕੀਤੀ ਹੈ।
ਸ੍ਰੀ ਗੁਰੂ ਤੇਗ ਬਹਾਦਰ ਜੀ ਸਿੱਖ ਧਰਮ ਦੇ 9ਵੇਂ ਗੁਰੂ ਸਨ। ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਦਿੱਲੀ ’ਚ ਜਿਸ ਥਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਹੀਦ ਕੀਤਾ ਗਿਆ ਉਸ ਥਾਂ, ਚਾਂਦਨੀ ਚੌਂਕ ’ਚ ਗੁਰਦੁਆਰਾ ਸੀਸ ਗੰਜ ਬਣਿਆ ਹੋਇਆ ਹੈ। ਕਿਹਾ ਜਾਂਦਾ ਹੈ ਕਿ ਜਿਸ ਦਿਨ, ਜਿਸ ਵੇਲੇ ਗੁਰੂ ਜੀ ਨੂੰ ਸ਼ਹੀਦ ਕੀਤਾ ਗਿਆ ਤਾਂ ਉਸ ਵੇਲੇ ਦਿੱਲੀ ’ਚ ਜ਼ੋਰਦਾਰ ਹਨ੍ਹੇਰੀ ਆਈ ਅਤੇ ਸਾਰਾ ਅਸਮਾਨ ਖੂਨ ਵਰਗਾ ਲਾਲ ਹੋ ਗਿਆ। ਗੁਰੂ ਜੀ ਦਾ ਇਕ ਸ਼ਰਧਾਲੂ ਸਿੱਖ ਭਾਈ ਜੈਤਾ ਬੜੀ ਸਿਆਣਪ ਨਾਲ ਗੁਰੂ ਜੀ ਦਾ ਸੀਸ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸ ਅਨੰਦਪੁਰ ਸਾਹਿਬ ਪਹੁੰਚ ਗਿਆ। ਭਾਈ ਜੈਤਾ ਰੰਗਰੇਟਾ ਸਿੱਖ ਸੀ। ਦਸਮੇਸ਼ ਜੀ ਨੇ ਉਸ ਨੂੰ ਬੜੇ ਪਿਆਰ ਨਾਲ ਛਾਤੀ ਨਾਲ ਲਾ ਲਿਆ ਅਤੇ ਆਖਿਆ “ਰੰਗਰੇਟਾ ਗੁਰੂ ਕਾ ਬੇਟਾ!” ਗੁਰੂ ਜੀ ਤੇ ਸਿੱਖ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ‘ਸੀਸ’ ਦਾ ਅੰਤਮ ਸਸਕਾਰ ਕਰ ਦਿੱਤਾ ਗਿਆ। ਹੁਣ ਇਸ ਥਾਂ ਗੁਰਦੁਆਰਾ ਸੀਸ ਗੰਜ ਸਾਹਿਬ ਸੁਸ਼ੋਭਿਤ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।