Punjab News: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 1995 ਵਿੱਚ ਗਮਦੂਰ ਸਿੰਘ ਦੀ ਹਿਰਾਸਤ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਇੱਕ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਗੁਰਸੇਵਕ ਸਿੰਘ ਤੇ ਚਾਰ ਹੋਰ ਪੁਲਿਸ ਮੁਲਾਜ਼ਮਾਂ ਨੂੰ ਕਤਲ ਦਾ ਦੋਸ਼ੀ ਠਹਿਰਾਇਆ ਹੈ। ਇਨ੍ਹਾਂ ਵਿੱਚੋਂ ਦੋ ਪੁਲੀਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਡੀਐਸਪੀ ਤੇ ਦੋ ਹੋਰਨਾਂ ਨੂੰ 12 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਉਨ੍ਹਾਂ ਨੂੰ ਸਜ਼ਾ ਸੁਣਾਈ ਜਾਵੇਗੀ।
ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਡੀਐਸਪੀ ਤੇ ਹੋਰ ਮੁਲਜ਼ਮਾਂ ਨੂੰ ਕਤਲ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ। ਪੰਜਾਬ ਸਰਕਾਰ ਨੇ ਇਸ ਖ਼ਿਲਾਫ਼ ਹਾਈਕੋਰਟ 'ਚ ਅਪੀਲ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਦੋਸ਼ੀ ਠਹਿਰਾਇਆ। ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਸੁਦੀਪਤੀ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਡੀਐਸਪੀ ਗੁਰਸੇਵਕ ਸਿੰਘ ਨੂੰ ਵੀ ਆਈਪੀਸੀ ਦੀ ਧਾਰਾ 302 (ਕਤਲ) ਅਤੇ 34 (ਕੰਪਾਊਂਡ ਕ੍ਰਾਈਮ) ਤਹਿਤ ਦੋਸ਼ੀ ਠਹਿਰਾਇਆ ਜਾ ਸਕਦਾ ਹੈ।
ਦੱਸ ਦੇਈਏ ਕਿ 14 ਨਵੰਬਰ 1995 ਨੂੰ ਗਮਦੂਰ ਸਿੰਘ ਤੇ ਬਘੇਲ ਸਿੰਘ ਨੂੰ ਰੇਲਵੇ ਪੁਲਿਸ ਸੰਗਰੂਰ ਨੇ ਹਿਰਾਸਤ ਵਿੱਚ ਲਿਆ ਸੀ। ਉਸ ਨੂੰ 9 ਦਿਨਾਂ ਦੀ ਹਿਰਾਸਤ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਪਰ ਗਮਦੂਰ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸਤਗਾਸਾ ਅਨੁਸਾਰ ਪੁਲਿਸ ਹਿਰਾਸਤ ਦੌਰਾਨ ਗਮਦੂਰ ਸਿੰਘ ਨੂੰ ਹੌਲਦਾਰ ਕ੍ਰਿਪਾਲ ਸਿੰਘ ਨੇ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ, ਜਿਸ ਕਾਰਨ ਉਸ ਦੀਆਂ ਪਸਲੀਆਂ ’ਤੇ ਗੰਭੀਰ ਸੱਟਾਂ ਲੱਗੀਆਂ।
ਜ਼ਿਕਰ ਕਰ ਦਈਏ ਕਿ ਅਦਾਲਤ 'ਚ ਪੇਸ਼ ਹੋਏ ਦੋ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਡੀਐਸਪੀ ਗੁਰਸੇਵਕ ਸਿੰਘ ਤੇ ਇੱਕ ਹੋਰ ਮੁਲਜ਼ਮ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਜਿਸ ਕਾਰਨ ਹਾਈ ਕੋਰਟ ਨੇ ਐਸਐਚਓ ਨੂੰ ਹੁਕਮ ਦਿੱਤਾ ਕਿ ਉਹ 12 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਤਾਂ ਜੋ ਉਨ੍ਹਾਂ ਨੂੰ ਸਜ਼ਾ ਸੁਣਾਈ ਜਾ ਸਕੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ