ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਪੰਜਵੇਂ ਦਿਨ ਯਾਨੀ ਸੋਮਵਾਰ ਨੂੰ ਸੂਬੇ ਵਿੱਚ ਸਿਰਫ਼ 638 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ। ਨਾਮਜ਼ਦਗੀ ਦੇ ਪਹਿਲੇ ਚਾਰ ਦਿਨਾਂ ਦੌਰਾਨ 619 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 1257 ਹੋ ਗਈ ਹੈ। ਡਾ.ਰਾਜੂ ਨੇ ਦੱਸਿਆ ਕਿ 1 ਫਰਵਰੀ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਹੈ।



ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ `ਨੋਅ ਯੂਅਰ ਕੈਂਡੀਡੇਟ` ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।


ਇਸ ਤੋਂ ਪਹਿਲਾਂ ਸੋਮਵਾਰ ਨੂੰ ਕਈ ਵੱਡੇ ਆਗੂਆਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਭਦੌੜ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਵਾਰ ਉਹ ਚਮਕੌਰ ਸਾਹਿਬ ਦੇ ਨਾਲ ਹੀ ਭਦੌੜ ਹਲਕੇ ਤੋਂ ਚੋਣ ਲੜ ਰਹੇ ਹਨ।ਚੰਨੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਦੇ ਹੋਏ ਤਸਵੀਰ ਸਾਂਝਾ ਕੀਤੀ ਤੇ ਲਿਖਿਆ, "ਪੰਜਾਬ ਵਿਧਾਨ ਸਭਾ ਚੋਣਾਂ ਲਈ ਭਦੌੜ ਹਲਕੇ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ। ਮੈਂ ਹਲਕੇ ਦੇ ਲੋਕਾਂ ਦੇ ਸਹਿਯੋਗ ਤੇ ਅਸ਼ੀਰਵਾਦ ਦੀ ਮੰਗ ਕਰਦਾ ਹਾਂ। ਆਓ ਭਦੌੜ ਦੀ ਕਾਇਆ ਕਲਪ ਲਈ ਰਲ ਕੇ ਕੰਮ ਕਰੀਏ।"

 

ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਸੁਖਬੀਰ ਬਾਦਲ ਵੱਲੋਂ ਉਪ ਮੰਡਲ ਮੈਜਿਸਟਰੇਟ ਕਮ ਰਿਟਰਨਿੰਗ ਅਫ਼ਸਰ ਦੇਵਦਰਸ਼ਦੀਪ ਸਿੰਘ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।ਇਸ ਸੀਟ 'ਤੇ ਕਾਂਗਰਸ ਵੱਲੋਂ ਉਮੀਦਵਾਰ ਮੋਹਨ ਸਿੰਘ ਫਲੀਆਂਵਾਲਾ ਦਾ ਕਾਫੀ ਦਬਦਬਾ ਮੰਨਿਆ ਜਾ ਰਿਹਾ ਹੈ। ਉਹ ਜਲਾਲਾਬਾਦ ਤੋਂ ਦੋ ਵਾਰ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ।


 

ਦੱਸ ਦੇਈਏ ਕਿ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 25 ਜਨਵਰੀ ਤੋਂ ਸ਼ੁਰੂ ਹੋਈ ਸੀ ਅਤੇ  ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੱਜ ਆਖਰੀ ਮਿਤੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇੱਕ ਅਧਿਕਾਰਤ ਬਿਆਨ ਮੁਤਾਬਕ  ਐਸ ਕਰੁਣਾ ਰਾਜੂ ਨੇ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਵਾਪਸੀ ਦੀ ਆਖਰੀ ਮਿਤੀ 4 ਫਰਵਰੀ ਹੋਵੇਗੀ।