(Source: ECI/ABP News/ABP Majha)
Punjab Election 2022: ਕੈਪਟਨ ਅਮਰਿੰਦਰ ਦੀ ਕੇਂਦਰੀ ਮੰਤਰੀ ਨਾਲ ਮੁਲਾਕਾਤ, ਬੀਜੇਪੀ ਨਾਲ ਸੀਟਾਂ 'ਤੇ ਹੋ ਸਕਦੀ ਸਹਿਮਤੀ
Punjab News: ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ ਆਗੂ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ। ਕੈਪਟਨ ਪੰਜਾਬ ਵਿੱਚ ਭਾਜਪਾ ਦੀ ਮਦਦ ਨਾਲ ਚੋਣ ਲੜਨ ਜਾ ਰਹੇ ਹਨ।
Captain Amarinder Singh: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਗਠਜੋੜ ਦੀ ਗੱਲਬਾਤ ਅੱਗੇ ਵਧਦੀ ਨਜ਼ਰ ਆ ਰਹੀ ਹੈ। ਮੰਗਲਵਾਰ ਦੁਪਹਿਰ ਨੂੰ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਿਚਾਲੇ ਮੀਟਿੰਗ ਹੋ ਸਕਦੀ ਹੈ। ਇਸ ਦੌਰਾਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਹੋਣ ਦੀ ਸੰਭਾਵਨਾ ਹੈ।
ਸ਼ੇਖਾਵਤ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ ਇੰਚਾਰਜ ਹਨ। ਇਹ ਮੀਟਿੰਗ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ 'ਤੇ ਹੋ ਸਕਦੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਦਾ ਦਫਤਰ ਖੋਲ੍ਹਿਆ। ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਭਾਜਪਾ ਨਾਲ ਉਨ੍ਹਾਂ ਦਾ ਗਠਜੋੜ ਪੂਰੀ ਤਰ੍ਹਾਂ ਤੈਅ ਹੋ ਗਿਆ ਹੈ।
ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਦੇ ਸੰਕੇਤ ਪਹਿਲਾਂ ਹੀ ਮਿਲ ਚੁੱਕੇ ਹਨ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਵੀ ਇਹੀ ਗੱਲ ਦੁਹਰਾਈ ਹੈ।
ਢੀਂਡਸਾ ਵੀ ਗਠਜੋੜ 'ਚ ਸ਼ਾਮਲ ਹੋ ਸਕਦੇ
ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ, ਭਾਜਪਾ ਤੇ ਸਾਬਕਾ ਅਕਾਲੀ ਦਲ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਦਾ ਗਠਜੋੜ ਸੂਬੇ ਵਿੱਚ ਅਗਲੀ ਸਰਕਾਰ ਬਣਾਏਗਾ। ਹਾਲਾਂਕਿ, ਢੀਂਡਸਾ ਨੇ ਅਜੇ ਤੱਕ ਅਮਰਿੰਦਰ ਸਿੰਘ ਅਤੇ ਭਾਜਪਾ ਨਾਲ ਜਾਣ ਬਾਰੇ ਕੁਝ ਨਹੀਂ ਕਿਹਾ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਨੇਤਾਵਾਂ ਨਾਲ ਨੇੜਤਾ ਵਧਣ ਲੱਗੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਐਨਡੀਏ ਨਾਲੋਂ ਵੱਖ ਹੋਣ ਤੋਂ ਬਾਅਦ ਭਾਜਪਾ ਪੰਜਾਬ ਵਿੱਚ ਨਵੇਂ ਸਹਿਯੋਗੀ ਦੀ ਤਲਾਸ਼ ਵਿੱਚ ਸੀ।
ਇਹ ਵੀ ਪੜ੍ਹੋ: Coronavirus Cases Update: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 6 ਹਜ਼ਾਰ 822 ਨਵੇਂ ਕੇਸ, ਓਮੀਕਰੋਨ ਤੋਂ 23 ਲੋਕ ਪੌਜ਼ੇਟਿਵ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: