Punjab Election 2022: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਵੇਲੇ ਕਾਂਗਰਸ ਪਾਰਟੀ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਕਾਂਗਰਸ ਪਾਰਟੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤੇ ਬਿਨਾਂ ਹੀ ਲੜਨਾ ਚਾਹੁੰਦੀ ਹੈ ਪਰ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ।

ਚਰਨਜੀਤ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੀਐਮ ਉਮੀਦਵਾਰ ਦਾ ਐਲਾਨ ਨਾ ਕਰਨ ਦੀ ਸੂਰਤ ਵਿੱਚ ਕਾਂਗਰਸ ਨੂੰ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, "ਜਦੋਂ ਵੀ ਕਾਂਗਰਸ ਨੇ ਮੁੱਖ ਮੰਤਰੀ ਲਈ ਆਪਣੇ ਉਮੀਦਵਾਰ ਦਾ ਐਲਾਨ ਕੀਤੇ ਬਿਨਾਂ ਚੋਣ ਲੜੀ ਹੈ, ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਚਰਨਜੀਤ ਸਿੰਘ ਚੰਨੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦਾ ਵੀ ਜ਼ਿਕਰ ਕੀਤਾ ਹੈ। ਚੰਨੀ ਨੇ ਕਿਹਾ, ''2017 ਦੀਆਂ ਵਿਧਾਨ ਸਭਾ ਚੋਣਾਂ 'ਚ ਅਸੀਂ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਤੇ ਅਸੀਂ ਜਿੱਤ ਗਏ। ਇਸ ਤੋਂ ਪਹਿਲਾਂ ਜਦੋਂ ਅਸੀਂ ਅਜਿਹਾ ਨਹੀਂ ਕੀਤਾ ਤਾਂ ਸਾਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਜਦੋਂ ਵੀ ਪਾਰਟੀ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਨਹੀਂ ਕਰਦੀ ਤਾਂ ਹਾਰ ਜਾਂਦੀ ਹੈ। ਇਸ ਲਈ ਪਾਰਟੀ ਨੂੰ ਸੀਐਮ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ।

ਨਵਜੋਤ ਸਿੰਘ ਸਿੱਧੂ ਵੀ ਬਣਾ ਰਹੇ ਦਬਾਅ  
ਕਾਂਗਰਸ ਪਾਰਟੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਉਹ ਕਿਸੇ ਇਕ ਵਿਅਕਤੀ ਨੂੰ ਆਪਣਾ ਚਿਹਰਾ ਬਣਾ ਕੇ ਚੋਣ ਨਹੀਂ ਲੜੇਗੀ। ਹਾਲਾਂਕਿ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਇਸ ਸਮੇਂ ਪੰਜਾਬ ਦੇ ਸਭ ਤੋਂ ਹਰਮਨ ਪਿਆਰੇ ਨੇਤਾ ਹਨ ਤੇ ਉਹ ਲੋਕਾਂ ਕੋਲ ਰਹਿਣ ਲਈ ਸਾਰੀਆਂ ਹੱਦਾਂ ਨੂੰ ਤੋੜਦੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰਨ ਲਈ ਪਾਰਟੀ 'ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ। ਸਿੱਧੂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਮੁੱਖ ਮੰਤਰੀ ਦਾ ਫੈਸਲਾ ਹਾਈਕਮਾਂਡ ਨਹੀਂ ਸਗੋਂ ਪੰਜਾਬ ਦੇ ਲੋਕ ਕਰਨਗੇ।