ਮੋਗਾ : ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਕਦਮ 20 ਫਰਵਰੀ ਨੂੰ ਪੰਜਾਬ ਚੋਣਾਂ ਲਈ ਵੋਟਿੰਗ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਚੁੱਕਿਆ ਹੈ। ਇਹ ਜਾਣਕਾਰੀ ਮੋਗਾ ਦੇ ਡੀਐਸਪੀ ਸਿਟੀ ਜਸ਼ਨਦੀਪ ਸਿੰਘ ਗਿੱਲ ਨੇ ਦਿੱਤੀ। ਦਰਜ ਕੀਤੀ ਗਈ ਐਫਆਈਆਰ ਦੇ ਅਨੁਸਾਰ ਸੂਦ ਵਿਰੁੱਧ ਐਤਵਾਰ ਨੂੰ ਮੋਗਾ ਜ਼ਿਲ੍ਹੇ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 188 (ਜਨਤਕ ਸੇਵਕ ਦੁਆਰਾ ਨਿਯਮਤ ਤੌਰ 'ਤੇ ਜਾਰੀ ਕੀਤੇ ਹੁਕਮਾਂ ਦੀ ਅਵੱਗਿਆ) ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੰਜਾਬ ਵਿਧਾਨ ਸਭਾ ਚੋਣਾਂ ਲਈ ਐਤਵਾਰ ਨੂੰ ਵੋਟਿੰਗ ਹੋਈ ਸੀ।

 

ਚੋਣ ਕਮਿਸ਼ਨ ਨੇ ਐਤਵਾਰ ਨੂੰ ਅਦਾਕਾਰ ਸੋਨੂੰ ਸੂਦ ਨੂੰ ਮੋਗਾ ਦੇ ਪੋਲਿੰਗ ਬੂਥਾਂ 'ਤੇ ਜਾਣ ਤੋਂ ਰੋਕ ਦਿੱਤਾ ਸੀ। ਸੂਦ 'ਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਕਮਿਸ਼ਨ ਨੇ ਇਹ ਕਦਮ ਚੁੱਕਿਆ ਸੀ। ਸੂਦ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਸੂਦ ਦੀ ਭੈਣ ਮੋਗਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੀ ਹੈ।

 

ਮੋਗਾ ਪੁਲਿਸ ਸਟੇਸ਼ਨ (ਸਿਟੀ) ਵਿੱਚ ਦਰਜ ਐਫਆਈਆਰ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੂਦ ਮੋਗਾ ਦੇ ਪਿੰਡ ਲੰਡੇਕੇ ਵਿੱਚ ਆਪਣੀ ਭੈਣ ਲਈ ਚੋਣ ਪ੍ਰਚਾਰ ਕਰ ਰਿਹਾ ਸੀ। ਉਹ ਪਿੰਡ ਵਿੱਚ ਇੱਕ ਵਾਹਨ ਵਿੱਚ ਬੈਠਾ ਪਾਇਆ ਗਿਆ ਅਤੇ ਅਜਿਹਾ ਕਰਕੇ ਉਸ ਨੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਮੋਗਾ ਦੇ ਸੀਨੀਅਰ ਪੁਲਿਸ ਕਪਤਾਨ ਚਰਨਜੀਤ ਸਿੰਘ ਸੋਹਲ ਨੇ ਸੋਮਵਾਰ ਨੂੰ ਕਿਹਾ ਸੀ ਕਿ ਸੂਦ ਨੂੰ ਉੱਥੇ ਨਹੀਂ ਹੋਣਾ ਚਾਹੀਦਾ ਸੀ, ਇਸ ਲਈ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਗਈ ਹੈ।

 

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਦਿੱਤੇ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ ਅੰਤਿਮ ਵੋਟ ਪ੍ਰਤੀਸ਼ਤਤਾ 71.95 ਫੀਸਦੀ ਰਹੀ ਹੈ। ਸੂਬੇ ਵਿੱਚ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਇਸ ਵਾਰ ਸਭ ਤੋਂ ਘੱਟ ਮਤਦਾਨ ਦਰਜ ਕੀਤਾ ਗਿਆ ਹੈ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 77.40 ਫੀਸਦੀ ਵੋਟਿੰਗ ਹੋਈ ਸੀ, ਜਦੋਂ ਕਿ 2007 ਵਿੱਚ ਇਹ 75.45 ਅਤੇ 2012 ਵਿੱਚ 78.20 ਫੀਸਦੀ ਸੀ। ਹਾਲਾਂਕਿ 2002 ਦੀਆਂ ਚੋਣਾਂ ਵਿੱਚ ਮਤਦਾਨ ਬਹੁਤ ਘੱਟ ਸੀ ਅਤੇ ਇਹ ਸਿਰਫ 65.14 ਪ੍ਰਤੀਸ਼ਤ ਸੀ।