ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਹਲਕਾ ਖਰੜ ਦੀ ਉਮੀਦਵਾਰ ਅਨਮੋਲ ਗਗਨ ਮਾਨ ਦੀ ਚੋਣ ਮੁਹਿੰਮ ਨੂੰ ਹੋਰ ਬਲ ਮਿਲਿਆ, ਜਦੋਂ ਨਗਰ ਕੌਸਲ ਨਵਾਂ ਗਰਾਂਓ ਦੇ ਸਾਬਕਾ ਪ੍ਰਧਾਨ, ਕੌਸਲਰ ਅਤੇ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ਸਮਾਜ ਸੇਵੀ 'ਆਪ' ਵਿੱਚ ਸ਼ਾਮਲ ਹੋ ਗਏ। ਇਨਾਂ ਆਗੂਆਂ ਅਤੇ ਸਮਾਜ ਸੇਵੀਆਂ ਦਾ 'ਆਪ' ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਸਾਵਗਤ ਕੀਤਾ। 


ਇਸ ਮੌਕੇ ਹਲਕਾ ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ, ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਕਿਸਾਨ ਵਿੰਗ ਮੋਹਾਲੀ ਦੇ ਪ੍ਰਧਾਨ ਮਾ. ਜਗਦੇਵ ਸਿੰਘ ਮਲੋਆ, ਮੈਡਮ ਕਾਂਤਾ ਵੀ ਹਾਜ਼ਰ ਸਨ।


ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਕੌਸਲਰਾਂ ਅਤੇ ਸਮਾਜਸੇਵੀਆਂ ਦਾ 'ਆਪ' ਵਿੱਚ ਸਵਾਗਤ ਕਰਦਿਆਂ ਰਾਘਵ ਚੱਢਾ ਨੇ ਦੱਸਿਆ ਕਿ ਨਵਾਂ ਗਰਾਂਓ ਮਿਉਂਸਪਲ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਸਲਰ ਗੁਰਪ੍ਰੀਤ ਸਿੰਘ ਪੱਪੀ, ਸਾਬਕਾ ਐਮ.ਸੀ. ਜਗਤਾਰ ਸਿੰਘ ਭੱਟੀ, ਸਾਬਕਾ ਸਰਪੰਚ ਨਿਰਮਲ ਸਿੰਘ, ਪੰਜਾਬੀ ਗਾਇਕ ਲਖਬੀਰ ਸੈਣੀ, ਬਾਬਾ ਰਾਮ ਸਿੰਘ ਅਭੀਪੁਰ, ਜਗਤਾਰ ਨਾਡਾ, ਲਾਲੀ ਸੰਗਾਲਾ ਅਤੇ ਸੁਰਜੀਤ ਸਿੰਘ ਮਸਤਗੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੱਢਾ ਨੇ ਆਸ ਪ੍ਰਗਟ ਕੀਤੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਬਹੁਤ ਪਸੰਦ ਕਰਦੇ ਹਨ ਅਤੇ ਉਨਾਂ 'ਤੇ ਪੰਜਾਬ ਨੂੰ ਬਚਾਉਣ ਲਈ ਵਿਸ਼ਵਾਸ਼ ਪ੍ਰਗਟ ਕਰਦੇ ਹਨ।


ਦੱਸ ਦੇਈਏ ਕਿ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਈ ਹੈ ਅਤੇ ਵਾਪਸੀ ਦੀ ਆਖਰੀ ਮਿਤੀ 4 ਫਰਵਰੀ ਹੋਵੇਗੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।