Punjab Election: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਦਿੱਲੀ ਵਿੱਚ ਅਹਿਮ ਮੀਟਿੰਗ ਕੀਤੀ ਗਈ। ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਪਹਿਲੀ ਮੀਟਿੰਗ 'ਚ ਸੂਬੇ ਦੀਆਂ ਕਈ ਸੀਟਾਂ 'ਤੇ ਸੰਭਾਵੀ ਉਮੀਦਵਾਰਾਂ ਨੂੰ ਲੈ ਕੇ ਚਰਚਾ ਕੀਤੀ ਗਈ। ਕਾਂਗਰਸ ਪਾਰਟੀ ਦੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਲਦੀ ਹੀ ਜਾਰੀ ਹੋ ਸਕਦੀ ਹੈ। ਹਾਲਾਂਕਿ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਨਹੀਂ ਹੋਏ।
ਸੂਤਰਾਂ ਅਨੁਸਾਰ ਸਕਰੀਨਿੰਗ ਕਮੇਟੀ ਦੀ ਮੀਟਿੰਗ ਇੱਥੇ ਗੁਰਦੁਆਰਾ ਰਕਾਬਗੰਜ ਰੋਡ ’ਤੇ ਸਥਿਤ ਕਾਂਗਰਸ ਵਾਰਰੂਮ ’ਚ ਪਾਰਟੀ ਦੇ ਜਨਰਲ ਸਕੱਤਰ ਅਜੈ ਮਾਕਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਸਮੇਤ ਸੂਬਾ ਕਾਂਗਰਸ ਕਮੇਟੀ ਦੇ ਕਈ ਸੀਨੀਅਰ ਆਗੂਆਂ ਨੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ।
ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਆਗੂਆਂ ਨੇ ਚੋਣਾਂ ਵਿੱਚ ਪਾਰਟੀ ਦੀ ਰਣਨੀਤੀ ਅਤੇ ਸੂਬੇ ਵਿੱਚ ਸੰਗਠਨ ਦੀ ਸਥਿਤੀ ਬਾਰੇ ਚਰਚਾ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲਾਂ ਹੀ ਤੈਅ ਕੀਤੇ ਗਏ ਸਰਕਾਰੀ ਪ੍ਰੋਗਰਾਮਾਂ ਕਾਰਨ ਸਕਰੀਨਿੰਗ ਕਮੇਟੀ ਦੀ ਮੀਟਿੰਗ ਲਈ ਦਿੱਲੀ ਨਹੀਂ ਆ ਸਕੇ।
ਕਾਂਗਰਸ ਅੰਦਰੂਨੀ ਕਲੇਸ਼ ਨਾਲ ਜੂਝ ਰਹੀ
ਕਾਂਗਰਸੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਮੀਟਿੰਗ 'ਚ ਕਈ ਵਿਧਾਨ ਸਭਾ ਹਲਕਿਆਂ 'ਚ ਕਾਂਗਰਸ ਦੇ ਸੰਭਾਵੀ ਉਮੀਦਵਾਰਾਂ 'ਤੇ ਚਰਚਾ ਕੀਤੀ ਗਈ ਤੇ ਜਲਦ ਹੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਕਾਂਗਰਸ ਦੀ ਸਕਰੀਨਿੰਗ ਕਮੇਟੀ ਹਰੇਕ ਵਿਧਾਨ ਸਭਾ ਹਲਕੇ ਵਿੱਚ ਟਿਕਟ ਦੇ ਕੁਝ ਮੁੱਖ ਦਾਅਵੇਦਾਰਾਂ ਦੇ ਨਾਂ ਕੇਂਦਰੀ ਚੋਣ ਕਮੇਟੀ ਨੂੰ ਭੇਜਦੀ ਹੈ, ਜਿੱਥੇ ਉਮੀਦਵਾਰ ਦਾ ਨਾਂ ਤੈਅ ਕੀਤਾ ਜਾਂਦਾ ਹੈ।
ਦੱਸ ਦਈਏ ਕਿ ਪੰਜਾਬ 'ਚ ਕਾਂਗਰਸ ਪਾਰਟੀ ਦੇ ਨੇਤਾਵਾਂ 'ਚ ਅੰਦਰੂਨੀ ਕਲੇਸ਼ ਚੱਲ ਰਿਹਾ ਹੈ। ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾ ਸਿਰਫ ਆਪਣੀ ਪਾਰਟੀ ਦੀ ਸਰਕਾਰ 'ਤੇ ਹਮਲੇ ਕਰ ਰਹੇ ਹਨ ਸਗੋਂ ਹਾਈਕਮਾਂਡ 'ਤੇ ਖੁਦ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਣ ਲਈ ਦਬਾਅ ਬਣਾ ਰਹੇ ਹਨ।
ਇਹ ਵੀ ਪੜ੍ਹੋ : ਬਹੁਤੇ ਨਹੀਂ ਜਾਣਦੇ ਸਰਦੀਆਂ 'ਚ ਗੁੜ, ਆਂਡਾ ਤੇ ਸੁੱਕੇ ਮੇਵੇ ਖਾਣ ਦਾ ਰਾਜ਼, ਫਾਇਦੇ ਜਾਣ ਹੋ ਜਾਓਗੇ ਹੈਰਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490