Breaking News LIVE: ਪੰਜਾਬ ਸਰਕਾਰ ਨੇ ਅਹਿਮ ਫੈਸਲਿਆਂ 'ਤੇ ਲਾਈ ਮੋਹਰ, ਜਾਣੋ ਕਿਸ-ਕਿਸ ਵਰਗ ਨੂੰ ਮਿਲੇਗਾ ਫਾਇਦਾ
Punjab Breaking News, 15 December 2021 LIVE Updates: ਪੰਜਾਬ ਸਰਕਾਰ ਚੋਣਾਂ ਨੇੜੇ ਹੋਣ ਕਰਕੇ ਨਿੱਤ ਨਵੇਂ-ਨਵੇਂ ਫੈਸਲੇ ਲੈ ਰਹੀ ਹੈ।
LIVE
Background
Punjab Breaking News, 15 December 2021 LIVE Updates: ਪੰਜਾਬ ਸਰਕਾਰ ਚੋਣਾਂ ਨੇੜੇ ਹੋਣ ਕਰਕੇ ਨਿੱਤ ਨਵੇਂ-ਨਵੇਂ ਫੈਸਲੇ ਲੈ ਰਹੀ ਹੈ। ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸਰਕਾਰ ਨੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਘਰ ਬਣਾ ਕੇ ਦੇਣ, ਸਰਕਾਰੀ ਸਕੂਲਾਂ ਤੇ ਸਿਹਤ ਸੰਸਥਾਵਾਂ ਨੂੰ ਅੱਪਗਰੇਡ ਕਰਨ, ਮਿਨੀ ਬੱਸ ਅਪਰੇਟਰਾਂ ਨੂੰ ਰਿਆਇਤਾਂ ਤੇ ਥ੍ਰੀਵੀਲਰ/ਟੈਕਸੀਆਂ ਦੇ ਜੁਰਮਾਨੇ ਮੁਆਫ਼ ਕਰਨ ਵਰਗੇ ਫ਼ੈਸਲੇ ਲਏ ਹਨ। ਮੀਟਿੰਗ ਵਿੱਚ ਸਰਕਾਰ ਨੇ ਇਹ ਵੱਡੇ ਫੈਸਲੇ ਲਏ ਹਨ।
ਪੰਜਾਬ ਸਰਕਾਰ ਨੇ ਛੋਟੇ ਟਰਾਂਸਪੋਰਟਾਂ ਨੂੰ ਮੋਟਾ ਗੱਫਾ ਦਿੱਤਾ ਹੈ। ਪੰਜਾਬ ਕੈਬਨਿਟ ਨੇ ਵਾਹਨ ਚਾਲਕਾਂ ਨੂੰ ਰਾਹਤ ਦੇਣ ਲਈ ਠੇਕੇ ’ਤੇ ਚੱਲਣ ਵਾਲੇ ਵਾਹਨਾਂ (16 ਸੀਟਾਂ ਤੱਕ), ਧਾਰਮਿਕ ਸੰਸਥਾਵਾਂ ਦੀਆਂ ਬੱਸਾਂ ਤੇ ਸਟੇਜ ਕੈਰੀਏਜ਼ ਬੱਸਾਂ (35 ਸੀਟਾਂ ਤੱਕ) ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਚੋਣਾਂ ਤੋਂ ਪਹਿਲਾਂ ਹਰ ਵਰਗ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਸਰਕਾਰੀ ਬੁਲਾਰੇ ਮੁਤਾਬਕ ਸਾਰੀਆਂ ਕਿਸਮਾਂ ਦੀਆਂ ਸਟੇਜ ਕੈਰੀਏਜ਼ ਬੱਸਾਂ (35 ਸੀਟਾਂ ਤੱਕ, ਪ੍ਰਾਈਵੇਟ/ਐਸਟੀਯੂ) ਲਈ ਮੌਜੂਦਾ ਦਰਾਂ 30,000 ਰੁਪਏ ਤੋਂ ਘੱਟ ਕੇ 20,000 ਰੁਪਏ ਪ੍ਰਤੀ ਬੱਸ ਪ੍ਰਤੀ ਸਾਲ ਹੋ ਜਾਣਗੀਆਂ ਤੇ ਮੋਟਰ ਵਹੀਕਲ ਟੈਕਸ ਦੀ ਦਰ ਵਿਚ 5 ਫ਼ੀਸਦੀ ਸਾਲਾਨਾ ਵਾਧਾ ਖ਼ਤਮ ਹੋ ਜਾਵੇਗਾ।
ਇਸੇ ਤਰ੍ਹਾਂ 20 ਮਈ, 2020 ਤੋਂ 31 ਦਸੰਬਰ, 2020 ਤੱਕ 16 ਸੀਟਾਂ ਵਾਲੇ ਠੇਕੇ ’ਤੇ ਚੱਲਣ ਵਾਲੇ ਵਾਹਨਾਂ ਨੂੰ ਤੇ 23 ਮਾਰਚ, 2020 ਤੋਂ 31 ਦਸੰਬਰ, 2020 ਤੱਕ ਧਾਰਮਿਕ ਸੰਸਥਾਵਾਂ ਦੀਆਂ ਬੱਸਾਂ ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦਿੱਤੀ ਗਈ ਹੈ।
ਉਧਰ ਸਰਕਾਰ ਨੇ ਥ੍ਰੀਵੀਲਰ ਤੇ ਟੈਕਸੀ ਆਪ੍ਰੇਟਰਾਂ ਨੂੰ ਮੋਟਾ ਗੱਫਾ ਦਿੱਤਾ ਹੈ। ਸਰਕਾਰੀ ਵੱਲੋਂ 60 ਹਜ਼ਾਰ ਥ੍ਰੀਵੀਲਰਾਂ ਤੇ ਟੈਕਸੀਆਂ ਦੇ ਪੁਰਾਣੇ ਬਕਾਏ ਤੇ ਜੁਰਮਾਨੇ ਮੁਆਫ਼ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਲੋਕ ਅਦਾਲਤ ਲਗਾ ਕੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।
229 ਸਕੂਲ ਅਪਗ੍ਰੇਡ ਕਰਨ ਨੂੰ ਵੀ ਪ੍ਰਵਾਨਗੀ
ਪੰਜਾਬ ਕੈਬਨਿਟ ਨੇ 229 ਸਕੂਲਾਂ ਨੂੰ ਵੱਖੋ-ਵੱਖਰੇ ਪੱਧਰ ’ਤੇ ਅਪਗ੍ਰੇਡ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
513 ਨਵੀਆਂ ਅਸਾਮੀਆਂ ਸਿਰਜਣ ਤੇ ਭਰਨ ਦੀ ਪ੍ਰਵਾਨਗੀ
ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੀਂ ਬਣੀ ਕੇਂਦਰੀ ਜੇਲ੍ਹ ਲਈ 513 ਨਵੀਆਂ ਅਸਾਮੀਆਂ ਸਿਰਜਣ ਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਨਵਾਂ ਟਰੌਮਾ ਸੈਂਟਰ ਖੋਲ੍ਹਣ ਦੀ ਪ੍ਰਵਾਨਗੀ
ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਵਿਖੇ ਨਵਾਂ ਟਰੌਮਾ ਸੈਂਟਰ ਖੋਲ੍ਹਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਗਈ ਹੈ।
28 ਸਿਹਤ ਸੰਸਥਾਵਾਂ ਅਪਗ੍ਰੇਡ
ਮੰਤਰੀ ਮੰਡਲ ਨੇ 28 ਸਿਹਤ ਸੰਸਥਾਵਾਂ (ਪ੍ਰਾਇਮਰੀ ਸਿਹਤ ਕੇਂਦਰ, ਕਮਿਊਨਿਟੀ ਹੈਲਥ ਸੈਂਟਰ ਅਤੇ ਸਬ ਡਿਵਿਜ਼ਨਲ ਹਸਪਤਾਲ ਆਦਿ) ਨੂੰ ਅਪਗ੍ਰੇਡ ਕਰਕੇ ਸੀਨੀਅਰ ਮੈਡੀਕਲ ਅਫ਼ਸਰ, ਮੈਡੀਕਲ ਅਫ਼ਸਰ, ਸਟਾਫ਼ ਨਰਸ, ਫਾਰਮਾਸਿਸਟ, ਲੈਬਾਰਟਰੀ ਟੈਕਨੀਸ਼ੀਅਨ ਆਦਿ ਸਮੇਤ 775 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਕਾਬਜ਼ਕਾਰਾਂ ਨੂੰ ਰਿਹਾਇਸ਼ੀ ਪਲਾਟ ਅਲਾਟ ਕਰਨ ਦਾ ਫ਼ੈਸਲਾ
ਕੈਬਨਿਟ ਨੇ ਜ਼ਮੀਨ ਤੇ ਵਿਕਾਸ ਖ਼ਰਚੇ ਉੱਕਾ-ਪੁੱਕਾ ਰੂਪ ਵਿੱਚ ਵਸੂਲ ਕਰਕੇ ਬਠਿੰਡਾ ਵਿਕਾਸ ਅਥਾਰਿਟੀ ਦੀ 29 ਏਕੜ ਐਕੁਆਇਰ ਕੀਤੀ ਜ਼ਮੀਨ ’ਤੇ ‘ਜਿਵੇਂ ਹੈ ਜਿੱਥੇ ਹੈ ਆਧਾਰ ਉਤੇ’ ਬਠਿੰਡਾ ਦੇ ਪ੍ਰੀਤ ਨਗਰ, ਗੁਰੂ ਅਰਜਨ ਦੇਵ ਨਗਰ ਤੇ ਅਜੀਤ ਰੋਡ ਆਦਿ ਵਿਖੇ ਸਥਿਤ ਅਰਬਨ ਅਸਟੇਟ ਵਿਚ ਕਾਫ਼ੀ ਸਮੇਂ ਤੋਂ ਨਿਰਮਾਣ ਕੀਤੇ ਘਰਾਂ/ਪਲਾਟਾਂ ਵਿੱਚ ਰਹਿੰਦੇ ਆ ਰਹੇ 450 ਪਰਿਵਾਰਾਂ/ਕਾਬਜ਼ਕਾਰਾਂ ਨੂੰ ਰਿਹਾਇਸ਼ੀ ਪਲਾਟ ਅਲਾਟ ਕਰਨ ਦਾ ਫ਼ੈਸਲਾ ਕੀਤਾ ਹੈ।