ਤਰਨ ਤਾਰਨ: ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਮੁਫਤ ਗੈਸ ਕੁਨੈਕਸਨ ਦੇਣ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ‘ਪ੍ਰਧਾਨ ਮੰਤਰੀ ਉਜਵਲਾ ਸਕੀਮ’ ਦੀ ਪੰਜਾਬ ਵਿੱਚ ਸ਼ੁਰੂਆਤ ਅੱਜ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੈਰੋਂ ਤੋਂ ਕਰ ਦਿੱਤੀ ਗਈ ਹੈ।
ਉਜਵਲਾ ਸਕੀਮ ਦੀ ਸ਼ੁਰੂਆਤ ਕਰਦਿਆਂ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਧਰਮਿੰਦਰ ਪ੍ਰਧਾਨ, ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਅਦੇਸ਼ ਪ੍ਰਤਾਪ ਸਿੰਘ ਕੈਰੋਂ, ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਤੇ ਰਾਜ ਸਭਾ ਮੈਂਬਰ ਸਵੇਤ ਮਲਿਕ ਵੱਲੋਂ ਬੀ.ਪੀ.ਐਲ. ਪਰਿਵਾਰਾਂ ਦੀਆਂ ਔਰਤਾਂ ਨੂੰ ਮੁਫਤ ਗੈਸ ਕੁਨੈਕਸ਼ ਵੰਡੇ ਗਏ।
ਇਸ ਮੌਕੇ ਕੇਂਦਰੀ ਰਾਜ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲ ਕਦਮੀ ਨਾਲ ਪੂਰੇ ਦੇਸ਼ ‘ਚ 5 ਕਰੋੜ ਬੀ.ਪੀ.ਐਲ. ਪਰਿਵਾਰਾਂ ਨੂੰ ਤਿੰਨ ਸਾਲਾਂ ਦੇ ਅੰਦਰ ਉਜਵਲਾ ਸਕੀਮ ਤਹਿਤ ਮੁਫਤ ਗੈਸ ਕੁਨੈਕਸ਼ਨ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਮੋਦੀ ਨੇ 27 ਮਾਰਚ 2015 ਨੂੰ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੀ ਮਰਜੀ ਨਾਲ ਐਲ.ਪੀ.ਜੀ. ‘ਤੇ ਮਿਲਦੀ ਸਬਸਿਡੀ ਨੂੰ ਛੱਡਣ ਤਾਂ ਜੋ ਉਸ ਸਬਸਿਡੀ ਨਾਲ ਗਰੀਬ ਲੋਕਾਂ ਦੇ ਘਰਾਂ ‘ਚ ਗੈਸ ਦੇ ਚੁੱਲੇ ਬਲ ਸਕਣ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੀ ਇਸ ਅਪੀਲ ਦਾ ਦੇਸ਼ ਦੇ ਲੋਕਾਂ ‘ਤੇ ਵੱਡਾ ਅਸਰ ਹੋਇਆ ਹੈ ਤੇ ਹੁਣ ਤੱਕ ਇੱਕ ਕਰੋੜ ਤੋਂ ਵੱਧ ਲੋਕ ਸਵੈ-ਇੱਛਾ ਨਾਲ ਐਲ.ਪੀ.ਜੀ. ‘ਤੇ ਮਿਲਦੀ ਸਬਸਿਡੀ ਛੱਡ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜਿੰਨੀ ਵੀ ਬਚਤ ਹੁੰਦੀ ਹੈ ਉਸ ਨਾਲ ਗਰੀਬ ਪਰਿਵਾਰਾਂ ਨੂੰ ਮੁਫਤ ਗੈਸ ਕੁਨੈਕਸ਼ਨ ਮੁਹੱਈਆ ਕਰਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਬੀ.ਪੀ.ਐੱਲ. ਪਰਿਵਾਰਾਂ ਨੂੰ 31 ਦਸੰਬਰ ਤੋਂ ਪਹਿਲਾਂ ਪਹਿਲਾਂ ਮੁਫਤ ਗੈਸ ਕੁਨੈਕਸ਼ਨ ਦੇ ਦਿੱਤੇ ਜਾਣਗੇ।