ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਉੱਪਰ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ‘ਆਪ’ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ‘ਸਿਆਸੀ ਯਾਤਰੂ ਤੇ ਪ੍ਰਵਾਸੀ ਪੰਛੀ’ ਕਰਾਰ ਦਿੱਤਾ ਹੈ। ਸਿੱਧੂ ਨੇ ਇਲਜ਼ਾਮ ਲਾਇਆ ਹੈ ਕਿ ਕੇਜਰੀਵਾਲ ਕਾਂਗਰਸ ਦੇ ਪੰਜਾਬ ਮਾਡਲ ਦੀ ਨਕਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਅੱਜ ਤਕ ਪੰਜਾਬ ਵਾਸੀਆਂ ਨੂੰ ਇਹ ਨਹੀਂ ਦੱਸਿਆ ਕਿ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਗਰੰਟੀਆਂ ਲਈ ਰਕਮ ਕਿੱਥੋਂ ਆਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਉਹ ਹੁਣ ਤਕ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਪਰਵਾਸੀ ਪੰਜਾਬੀਆਂ ਵੱਲੋਂ ਭੇਜੇ ਪੈਸੇ ਦਾ ਲੇਖਾ ਜੋਖਾ ਵੀ ਨਹੀਂ ਦੇ ਸਕੇ ਹਨ।


ਸਿੱਧੂ ਨੇ ਵਾਅਦਾ ਕੀਤਾ ਕਿ ਜੇਕਰ ਕਾਂਗਰਸ ਮੁੜ ਸੱਤਾ ਵਿਚ ਆਈ ਤਾਂ ਹਰ ਤਰ੍ਹਾਂ ਦਾ ਮਾਫੀਆ ਰਾਜ ਖ਼ਤਮ ਹੋਵੇਗਾ। ਉਨ੍ਹਾਂ ਕਿਹਾ ਕਿ ‘ਜਾਂ ਸਿੱਧੂ ਰਹੇਗਾ ਜਾਂ ਮਾਫੀਆ ਰਾਜ’। ਉਨ੍ਹਾਂ ਕਿਹਾ ਕਿ ਬਕਾਇਆ 13 ਨੁਕਾਤੀ ਏਜੰਡਾ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੋਵੇਗਾ। ਸਿੱਧੂ ਨੇ ਕਿਹਾ ਕਿ ਕਾਂਗਰਸ ਦਾ ਬਕਾਇਆ 13 ਨੁਕਾਤੀ ਏਜੰਡਾ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੋਵੇਗਾ।


ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨਾਲ ਗੱਲ ਹੋਣ ਤੋਂ ਬਾਅਦ ਹੀ ਉਨ੍ਹਾਂ ਇਹ ਖੁਲਾਸਾ ਕੀਤਾ ਹੈ ਜਦੋਂਕਿ ‘ਪੰਜਾਬ ਮਾਡਲ’ ਦੇ ਦੂਜੇ ਹਿੱਸੇ ਦਾ ਖੁਲਾਸਾ ਵੀ ਜਲਦੀ ਕਰਨਗੇ। ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਿੱਤਾ ਜਾਵੇਗਾ, ਨਸ਼ੇ ਤੇ ਮਾਫੀਆ ਰਾਜ ਨੂੰ ਖਤਮ ਕੀਤਾ ਜਾਵੇਗਾ। ਲੋਕਾਂ ਦੇ ਕੰਮ ਤੁਰੰਤ ਕਰਨ ਲਈ ਈ-ਪੋਰਟਲ ਸਿਸਟਮ ਲਾਗੂ ਕੀਤਾ ਜਾਵੇਗਾ। ਚੋਰ ਮੋਰੀਆਂ ਬੰਦ ਕਰਕੇ ਪੰਜਾਬ ਦੀ ਆਮਦਨ ਨੂੰ ਵਧਾਇਆ ਜਾਵੇਗਾ, ਜਿਸ ਨੂੰ ਲੋਕ ਭਲਾਈ ਕਾਰਜਾਂ ਵਾਸਤੇ ਖਰਚ ਕੀਤਾ ਜਾਵੇਗਾ।


ਪੰਜਾਬ ਮਾਡਲ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 13 ਨੁਕਾਤੀ ਏਜੰਡੇ ਤਹਿਤ ਸ਼ਰਾਬ, ਰੇਤ ਤੇ ਭੂ ਮਾਫੀਆ ਨੂੰ ਖਤਮ ਕਰਕੇ ਸਰਕਾਰੀ ਖਜ਼ਾਨਾ ਭਰਿਆ ਜਾਵੇਗਾ। ਇਸ ਨਾਲ ਸਰਕਾਰ ਨੂੰ ਲਗਪਗ 50 ਹਜ਼ਾਰ ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਵੇਗਾ, ਜਿਸ ਨੂੰ ਅਗਾਂਹ ਸਰਕਾਰੀ ਯੋਜਨਾਵਾਂ ਲਈ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਲਾਨਿੰਗ ਕਮਿਸ਼ਨ ਦਾ ਮੁੜ ਤੋਂ ਗਠਨ ਕੀਤਾ ਜਾਵੇਗਾ, ਜਿਸ ਰਾਹੀਂ ਸੂਬੇ ਵਿਚ ‘ਈ ਗਵਰਨੈਂਸ’ ਦਿੱਤੀ ਜਾਵੇਗੀ। ਲਗਪਗ 170 ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਕੇਬਲ ਤੇ ਟਰਾਂਸਪੋਰਟ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਇਆ ਜਾਵੇਗਾ।



ਇਹ ਵੀ ਪੜ੍ਹੋ: ਧਰਤੀ ਦੇ ਨੇੜਿਓ ਲੰਘੇਗਾ ਇੱਕ ਵੱਡਾ ਐਸਟਰਾਇਡ, ਨਾਸਾ ਨੇ ਦਿੱਤੀ ਚੇਤਾਵਨੀ, ਜਾਣੋ ਕਿਵੇਂ ਵੇਖ ਸਕਦੇ ਲਾਈਵ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904