Punjab Elections 2022: ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਦੀ ਤਿਆਰੀ ਕਰ ਲਈ ਹੈ। ਪੰਜਾਬ ਵਿੱਚ ਪਾਰਟੀ ਦਾ ਚਿਹਰਾ ਕੌਣ ਹੋਵੇਗਾ, ਇਸ ਬਾਰੇ ਕਾਂਗਰਸ ਪਾਰਟੀ 6 ਫਰਵਰੀ ਨੂੰ ਪਰਦਾ ਚੁੱਕ ਸਕਦੀ ਹੈ। ਸੂਤਰਾਂ ਮੁਤਾਬਕ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 6 ਫਰਵਰੀ ਨੂੰ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਣ ਜਾ ਰਹੇ ਹਨ।



ਰਾਹੁਲ ਗਾਂਧੀ ਨੇ 27 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਐਲਾਨ ਕੀਤਾ ਸੀ ਕਿ ਕਾਂਗਰਸ ਪੰਜਾਬ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਦੇ ਚਿਹਰੇ ਨਾਲ ਲੜੇਗੀ। ਇਸ ਬਾਰੇ ਫੈਸਲਾ ਪਾਰਟੀ ਵਰਕਰਾਂ ਨਾਲ ਸਲਾਹ ਕਰਕੇ ਲਿਆ ਜਾਵੇਗਾ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਚਰਚਾ ਸ਼ੁਰੂ ਕਰ ਦਿੱਤੀ ਹੈ। 


ਸੂਤਰਾਂ ਨੇ ਦੱਸਿਆ ਕਿ ਪਾਰਟੀ ਆਪਣੀ ਸ਼ਕਤੀ ਐਪ ਰਾਹੀਂ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਫੀਡਬੈਕ ਲੈ ਰਹੀ ਹੈ। ਪਾਰਟੀ ਨੇ ਇਸ ਮੁੱਦੇ 'ਤੇ ਆਮ ਲੋਕਾਂ ਦੀ ਰਾਏ ਵੀ ਮੰਗੀ ਹੈ ਤੇ ਪਿਛਲੇ ਦੋ ਦਿਨਾਂ ਤੋਂ ਇਹ ਪ੍ਰਕਿਰਿਆ ਸ਼ੁਰੂ ਚੱਲ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ 6 ਫਰਵਰੀ ਨੂੰ ਪੰਜਾਬ ਦਾ ਦੌਰਾ ਕਰਕੇ ਅਹਿਮ ਐਲਾਨ ਕਰਨ ਦੀ ਸੰਭਾਵਨਾ ਹੈ।6 ਫਰਵਰੀ ਨੂੰ ਲੁਧਿਆਣਾ 'ਚ ਰੈਲੀ ਹੋਵੇਗੀ ਜਿਸ 'ਚ ਰਾਹੁਲ ਗਾਂਧੀ ਵਰਚੁਅਲੀ ਲੋਕਾਂ ਨਾਲ ਰਾਬਤਾ ਕਰਨਗੇ 

ਪਿਛਲੇ ਕੁਝ ਹਫ਼ਤਿਆਂ ਵਿੱਚ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਿੱਧੇ ਜਾਂ ਅਸਿੱਧੇ ਤੌਰ 'ਤੇ ਆਪਣੇ ਆਪ ਨੂੰ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਐਲਾਨਣ ਦੀ ਗੱਲ ਕੀਤੀ ਹੈ ਪਰ ਚਰਨਜੀਤ ਸਿੰਘ ਚੰਨੀ ਇਸ ਦੌੜ ਨੂੰ ਪਛਾੜਦੇ ਨਜ਼ਰ ਆ ਰਹੇ ਹਨ।


ਇਹ ਵੀ ਪੜ੍ਹੋ: ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਹਫਤਾ ਗ੍ਰਿਫਤਾਰੀ 'ਤੇ ਰੋਕ

ਚਰਨਜੀਤ ਸਿੰਘ ਚੰਨੀ ਅਨੁਸੂਚਿਤ ਜਾਤੀ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਦੋ ਵਿਧਾਨ ਸਭਾ ਸੀਟਾਂ ਚਮਕੌਰ ਸਾਹਿਬ ਤੇ ਭਦੌੜ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਕਾਂਗਰਸ ਚੰਨੀ ਨੂੰ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਥਾਂ ਲੈਣ ਲਈ ਚੁਣ ਕੇ ਐਸਸੀ ਵੋਟ ਬੈਂਕ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਇਹ ਭਾਈਚਾਰਾ ਪੰਜਾਬ ਦੀ ਲਗਭਗ ਇੱਕ ਤਿਹਾਈ ਆਬਾਦੀ ਹੈ।

20 ਫਰਵਰੀ ਨੂੰ ਪੰਜਾਬ 'ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਨ੍ਹਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904