ਚੰਡੀਗੜ੍ਹ : ਨਸ਼ਾ- ਮੁਕਤ ਅਤੇ ਲਾਲਚ-ਰਹਿਤ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 407.15 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਵੱਖ-ਵੱਖ ਨਿਗਰਾਨ ਟੀਮਾਂ ਨੇ ਹੁਣ ਤੱਕ 1.18 ਲੱਖ ਲੀਟਰ ਜਾਇਜ਼ ਸ਼ਰਾਬ, 34650 ਲੀਟਰ ਨਾਜਾਇਜ਼ ਸ਼ਰਾਬ, 15.53 ਲੱਖ ਲੀਟਰ ਲਾਹਣ, 4170 ਕਿਲੋਗ੍ਰਾਮ ਭੁੱਕੀ, 32.70 ਕਿਲੋ ਅਫੀਮ, 164 ਕਿਲੋ ਗਾਂਜਾ, 33141 ਗ੍ਰਾਮ ਹੈਰੋਇਨ, 263 ਗ੍ਰਾਮ ਸਮੈਕ, 7456 ਗ੍ਰਾਮ ਚਰਸ, 10784 ਕੈਪਸੂਲ, 479 ਸ਼ੀਸ਼ੀਆਂ ਅਤੇ 473733 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
 
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਗਰਾਨ ਟੀਮ ਨੇ 27.85 ਕਰੋੜ ਰੁਪਏ ਦੀ ਨਕਦੀ, 8778.73 ਗ੍ਰਾਮ ਸੋਨਾ, 9775.72 ਗ੍ਰਾਮ ਚਾਂਦੀ ਅਤੇ 913.76 ਗ੍ਰਾਮ ਗਹਿਣੇ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਵਿੱਚ ਹੁਣ ਤੱਕ 121 ਹਥਿਆਰ, 6 ਕਿਲੋਗ੍ਰਾਮ ਵਿਸਫੋਟਕ ਸਮਗਰੀ, 709 ਕਾਰਤੂਸ ਅਤੇ 11 ਬੰਬ ਜ਼ਬਤ ਕੀਤੇ ਗਏ ਹਨ ਅਤੇ ਕੁੱਲ 14 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਢੁਕਵੀਂ ਗਿਣਤੀ ਵਿਚ ਕੇਂਦਰੀ ਪੈਰਾ ਮਿਲਟਰੀ ਫੋਰਸਿਸ ਜਿਹਨਾਂ ਵਿੱਚ  ਸੀ.ਆਰ.ਪੀ.ਐਫ., ਬੀ.ਐਸ.ਐਫ., ਸੀ.ਆਈ.ਐਸ.ਐਫ., ਆਈ.ਟੀ.ਬੀ.ਪੀ ਅਤੇ ਐਸ.ਐਸ.ਬੀ. ਸ਼ਾਮਲ ਹਨ, ਦੇ ਜਵਾਨਾਂ ਵੱਲੋਂ ਪਹਿਲਾਂ ਹੀ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਖੇਤਰਾਂ ਅਤੇ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਅਭਿਆਸ ਕੀਤੇ ਜਾ ਰਹੇ ਹਨ।

ਡਾ. ਰਾਜੂ ਨੇ ਦੱਸਿਆ ਕਿ ਸੁਰੱਖਿਆ ਦੀ ਦੂਜੀ ਲਾਈਨ 'ਤੇ ਕੁੱਲ 56 ਨਾਕੇ ਲਗਾਏ ਗਏ ਹਨ ਜਿਨ੍ਹਾਂ ਵਿੱਚ ਅੰਮ੍ਰਿਤਸਰ ਦਿਹਾਤੀ ਵਿੱਚ 7, ਬਟਾਲਾ ਵਿੱਚ 6, ਗੁਰਦਾਸਪੁਰ ਵਿੱਚ 10, ਪਠਾਨਕੋਟ ਵਿੱਚ 6, ਤਰਨਤਾਰਨ ਵਿੱਚ 7, ਫਿਰੋਜ਼ਪੁਰ ਵਿੱਚ 12 ਅਤੇ ਫਾਜ਼ਿਲਕਾ ਵਿੱਚ ਅੱਠ ਨਾਕੇ ਹਨ। ਉਹਨਾਂ ਅੱਗੇ ਦੱਸਿਆ ਕਿ ਕੁੱਲ 276 ਅੰਤਰਰਾਜੀ ਨਾਕੇ ਵੀ ਲਗਾਏ ਗਏ ਹਨ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1346 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 4272 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਹਨਾਂ ਵਿੱਚੋਂ 3674 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਵਿਰੁੱਧ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 2260 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 3093 ਗੈਰ ਜਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 24141 ਨਾਕੇ ਲਾਏ ਗਏ ਹਨ।
ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,79,258 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ ਸੂਬੇ ਵਿੱਚ 121 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ। ਡਾ. ਰਾਜੂ ਨੇ ਕਿਹਾ ਕਿ ਪੰਜਾਬ ਪੁਲਿਸ ਇਹਨਾਂ ਕਰਮਚਾਰੀਆਂ ਦੇ ਨਾਲ ਮਿਲਕੇ ਨਿਰਪੱਖ, ਸੁਰੱਖਿਅਤ ਅਤੇ ਲਾਲਚ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।