(Source: ECI/ABP News/ABP Majha)
ਅਕਾਲੀ ਦਲ ਨੂੰ ਵੱਡਾ ਝਟਕਾ! ਦਰਬਾਰਾ ਸਿੰਘ ਗੁਰੂ ਵੱਲੋਂ ਅਸਤੀਫਾ, ਕਾਂਗਰਸ 'ਚ ਸ਼ਾਮਲ ਹੋਣ ਦੇ ਆਸਾਰ
ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਾਦਲ ਪਰਿਵਾਰ ਦੇ ਖਾਸ-ਮ-ਖਾਸ ਦਰਬਾਰਾ ਸਿੰਘ ਗੁਰੂ ਵੱਲੋਂ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਨਾਲ ਹਲਕਾ ਭਦੌੜ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ
ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਾਦਲ ਪਰਿਵਾਰ ਦੇ ਖਾਸ-ਮ-ਖਾਸ ਦਰਬਾਰਾ ਸਿੰਘ ਗੁਰੂ ਵੱਲੋਂ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਨਾਲ ਹਲਕਾ ਭਦੌੜ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੇ ਆਸਾਰ ਹਨ।
ਦੱਸ ਦਈਏ ਕਿ ਦਰਬਾਰਾ ਸਿੰਘ ਗੁਰੂ ਅਕਾਲੀ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸੈਕਟਰੀ ਵਜੋਂ ਕੰਮ ਕਰਦੇ ਰਹੇ ਹਨ। 2012 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਚੋਣ ਲੜੀ ਸੀ, ਪਰ ਉਹ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਤੋਂ ਚੋਣ ਹਾਰ ਗਏ ਸਨ। ਹਲਕਾ ਭਦੌੜ ਵਿੱਚ ਚੋਣ ਲੜਨ ਕਰਕੇ ਉਨ੍ਹਾਂ ਦਾ ਚੰਗਾ ਆਧਾਰ ਹੈ।
ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਪਾਰਟੀ ਵੱਲੋਂ ਹਲਕਾ ਭਦੌੜ ਤੋਂ ਚੋਣ ਲੜ ਰਹੇ ਹਨ, ਜਿਸ ਕਰਕੇ ਦਰਬਾਰਾ ਸਿੰਘ ਗੁਰੂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਉਨ੍ਹਾਂ ਨੂੰ ਵੱਡਾ ਲਾਭ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 2017 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਪਾਰਟੀ ਨੇ ਫਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬੱਸੀ ਪਠਾਣਾ ਤੋਂ ਚੋਣ ਲੜਾਈ ਸੀ। ਜਦਕਿ 2019 ਦੀ ਲੋਕ ਸਭਾ ਚੋਣ ਵੀ ਫਤਹਿਗੜ੍ਹ ਸਾਹਿਬ ਹਲਕੇ ਤੋਂ ਲੜ ਚੁੱਕੇ ਹਨ।
ਚੋਣਾਂ ਦੌਰਾਨ ਟਿਕਟ ਨਾ ਮਿਲਣ ਤੋਂ ਵੀ ਨਾਰਾਜ਼
ਮੌਜੂਦਾ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਦਾਵਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਟਿਕਟ ਨਹੀਂ ਦਿੱਤੀ ਗਈ। ਇਸ ਕਰਕੇ ਉਹ ਪਾਰਟੀ ਤੋਂ ਨਾਰਾਜ਼ ਚੱਲੇ ਆ ਰਹੇ ਸਨ। ਇਸ ਤੋਂ ਬਾਅਦ ਅੱਜ ਉਨ੍ਹਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਭੇਜਿਆ ਗਿਆ ਹੈ। ਉੱਥੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡ ਦਿੱਤੀ ਹੈ।
ਇੱਕ ਹੋਰ ਵੱਡੇ ਅਹੁਦੇ ਤੋਂ ਦਰਬਾਰਾ ਗੁਰੂ ਦਿੱਤਾ ਅਸਤੀਫ਼ਾ
ਦਰਬਾਰਾ ਸਿੰਘ ਗੁਰੂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਨਾਲ ਫਤਹਿਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਟਰੱਸਟ ਦੇ ਸੈਕਟਰੀ ਦੇ ਅਹੁਦੇ ਤੇ ਵੀ ਬਿਰਾਜਮਾਨ ਸਨ। ਇਸ ਅਹੁਦੇ ਤੋਂ ਵੀ ਦਰਬਾਰਾ ਸਿੰਘ ਗੁਰੂ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜਿਆ ਹੈ।