ਚੰਡੀਗੜ੍ਹ: ਮੁੱਖ ਮੰਤਰੀ ਦਾ ਚਿਹਰਾ ਐਲਾਨਣ ਮਗਰੋਂ ਆਮ ਆਦਮੀ ਪਾਰਟੀ ਅੱਜ ਭਗਵੰਤ ਮਾਨ ਦੀ ਸੀਟ ਬਾਰੇ ਐਲਾਨ ਕੇਰਗੀ। ਆਮ ਆਦਮੀ ਪਾਰਟੀ ਅੱਜ ਧੁਰੀ, ਲਹਿਰਗਾਗਾ, ਖਡੂਰ ਸਾਹਿਬ, ਸੁਜਾਨਪੁਰ, ਤੇ ਦਾਖਾ ਵਿਧਾਨ ਸਭਾ ਹਲਕਾ ਸੀਟ 'ਤੇ ਉਮੀਦਵਾਰਾਂ ਦਾ ਐਲਾਨ ਕਰੇਗੀ। ਇਨ੍ਹਾਂ ਸੀਟਾਂ ਵਿੱਚੋਂ ਇੱਕ ਸੀਟ ਉੱਪਰ ਭਗਵੰਤ ਮਾਨ ਨੂੰ ਉਮੀਦਵਾਰ ਬਣਾਇਆ ਜਾਏਗਾ। ਇਸ ਲਈ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਚੰਡੀਗੜ੍ਹ ਪਹੁੰਚ ਚੁੱਕੇ ਹਨ।
ਦੱਸ ਦਈਏ ਕਿ ਹੁਣ ਤੱਕ ਦੇ ਸਰਵੇਖਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬੜ੍ਹਤ ਮਿਲਦੀ ਦਿਖਾਈ ਦੇ ਰਹੀ ਹੈ। ਇਸ ਲਈ ਪਾਰਟੀ ਨੇ ਪੂਰੀ ਤਾਕਤ ਲਾ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। ਭਗਵੰਤ ਮਾਨ ਸੰਗਰੂਰ ਤੋਂ ਸੰਸਦ ਮੈਂਬਰ ਹਨ। ਪਾਰਟੀ ਹੁਣ ਉਨ੍ਹਾਂ ਨੂੰ ਵਿਧਾਨ ਸਭਾ ਚੋਣ ਲੜਾਉਣ ਜਾ ਰਹੀ ਹੈ।
ਭਗਵੰਤ ਮਾਨ ਹੋਏ ਪੂਰੀ ਤਰ੍ਹਾਂ ਸਰਗਰਮ
ਉਧਰ ਮੁੱਖ ਮੰਤਰੀ ਦਾ ਚਿਹਰਾ ਬਣਨ ਮਗਰੋਂ ਭਗਵੰਤ ਮਾਨ ਵੀ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਉਹ ਵਿਰੋਧੀਆਂ ਉੱਪਰ ਤਾਬੜ-ਤੋੜ ਹਮਲੇ ਕੀਤੇ ਜਾ ਰਹੇ ਹਨ। ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੀ ਮਾੜੀ ਆਰਥਿਕ ਸਥਿਤੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ, ਕਾਂਗਰਸ, ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਜ਼ਿੰਮੇਵਾਰ ਹਨ ਜਿਨ੍ਹਾਂ ਵਾਰੀਆਂ ਬੰਨ੍ਹ ਕੇ ਕਈ ਦਹਾਕਿਆਂ ਤੱਕ ਪੰਜਾਬ ’ਤੇ ਰਾਜ ਕੀਤਾ ਅਤੇ ਸਰਕਾਰੀ ਖ਼ਜ਼ਾਨੇ ਤੇ ਜ਼ਮੀਨਾਂ-ਜਾਇਦਾਦਾਂ ਲੁੱਟ ਕੇ ਆਪਣੇ ਘਰ ਭਰ ਲਏ ਹਨ।
ਉਨ੍ਹਾਂ ਦਾਅਵਾ ਕੀਤਾ ਹੈ ਕਿ ‘ਆਪ’ ਦੀ ਸਰਕਾਰ ਸੂਬੇ ਨੂੰ ਖ਼ੁਸ਼ਹਾਲ ਬਣਾਉਣ ਲਈ ਪੰਜਾਬ ਪੱਖੀ ਵਿੱਤੀ ਮਾਡਲ ’ਤੇ ਕੰਮ ਕਰੇਗੀ। ਇਸ ਨਾਲ ਸੂਬੇ ਦੇ ਖ਼ਜ਼ਾਨੇ ਦੀ ਲੁੱਟ ਬੰਦ ਕਰਕੇ ਦਿੱਲੀ ਵਾਂਗ ਪੰਜਾਬ ਨੂੰ ਵਾਧੂ ਬਜਟ ਵਾਲਾ ਸੂਬਾ ਬਣਾਇਆ ਜਾਵੇਗਾ। ਜਿਸ ਤਰ੍ਹਾਂ ਦਿੱਲੀ ’ਚ ‘ਆਪ’ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਦਾ ਕੰਮ ਕੀਤਾ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਸਹੂਲਤਾਂ ਦਿੱਤੀਆਂ ਜਾਣਗੀਆਂ।