Elections in Punjab: ਪੰਜਾਬ 'ਚ ਮੁੜ ਵੱਜਿਆ ਚੋਣਾਂ ਦਾ ਬਿਗੁਲ! ਹੁਣ ਪਿੰਡਾਂ ਵਾਲੇ ਸਿਖਾਉਣਗੇ ਲੀਡਰਾਂ ਨੂੰ ਸਬਕ
ਪੰਜਾਬ ਵਿੱਚ ਮੁੜ ਚੋਣ ਮਾਹੌਲ ਬਣਨ ਵਾਲਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ। ਇਹ ਕਦਮ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ 5 ਅਕਤੂਬਰ..

Panchayat Samiti And Zila Parishad Elections in Punjab: ਪੰਜਾਬ ਵਿੱਚ ਮੁੜ ਚੋਣ ਮਾਹੌਲ ਬਣਨ ਵਾਲਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ। ਇਹ ਕਦਮ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ 5 ਅਕਤੂਬਰ ਤੱਕ ਚੋਣਾਂ ਕਰਵਾਉਣ ਦੀ ਕੀਤੀ ਗਈ ਅਪੀਲ ਤੋਂ ਬਾਅਦ ਚੁੱਕਿਆ ਗਿਆ ਹੈ। ਰਾਜ ਚੋਣ ਕਮਿਸ਼ਨ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 3 ਮਾਰਚ, 2025 ਨੂੰ ਪ੍ਰਕਾਸ਼ਿਤ ਹੋਈਆਂ ਪੰਚਾਇਤੀ ਵੋਟਰ ਸੂਚੀਆਂ ਪਹਿਲੀ ਸਤੰਬਰ 2025 ਦੀ ਯੋਗਤਾ ਮਿਤੀ ਅਨੁਸਾਰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦਰਅਸਲ ਆਮ ਤੌਰ ਉਪਰ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਵਿੱਚ ਸੱਤਾਧਿਰ ਦਾ ਹੀ ਬੋਲਬਾਲਾ ਹੁੰਦਾ ਹੈ ਪਰ ਸਾਲ 2027 ਵਿੱਚ ਹੋਣ ਜਾ ਰਹੀਆਂ ਇਨ੍ਹਾਂ ਚੋਣਾਂ ਦੀ ਅਹਿਮੀਅਤ ਸਾਰੀਆਂ ਪਾਰਟੀਆਂ ਲਈ ਖਾਸੀ ਵਧ ਜਾਂਦੀ ਹੈ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਤੇ ਲੈਂਡ ਪੂਲਿੰਗ ਪਾਲਿਸੀ ਕਰਕੇ ਸੱਤਾਧਿਰ ਖਿਲਾਫ ਪਿੰਡਾਂ ਵਿੱਚ ਰੋਸ ਵਧਿਆ ਹੈ, ਅਜਿਹੇ ਵਿੱਚ ਆਮ ਆਦਮੀ ਪਾਰਟੀ ਲਈ ਇਹ ਚੋਣਾਂ ਕਾਫੀ ਅਹਿਮ ਹੋ ਜਾਂਦੀਆਂ ਹਨ।
ਰਾਜ ਚੋਣ ਕਮਿਸ਼ਨ ਨੇ ਕਿਹਾ ਕਿ ਮੌਜੂਦਾ ਵੋਟਰ ਸੂਚੀਆਂ ਦਾ ਖਰੜਾ 19 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਬਾਅਦ 20 ਤੋਂ 27 ਅਗਸਤ ਤੱਕ ਵੋਟਰ ਸੂਚੀਆਂ ’ਤੇ ਦਾਅਵੇ ਤੇ ਇਤਰਾਜ਼ ਦਾਇਰ ਕੀਤੇ ਜਾ ਸਕਣਗੇ। ਪਹਿਲੀ ਸਤੰਬਰ ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਬੇੜਾ ਕੀਤਾ ਜਾਵੇਗਾ, ਜਦਕਿ 3 ਸਤੰਬਰ ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਰਾਜ ਚੋਣ ਕਮਿਸ਼ਨ ਦੇ ਤਰਜਮਾਨ ਨੇ ਕਿਹਾ ਕਿ ਇਸ ਮੰਤਵ ਲਈ ਸਾਰੇ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਸਕਦੇ ਹਨ।
ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਥਾਨਕ ਪੱਧਰ ’ਤੇ ਜ਼ਿਲ੍ਹਾ ਪਰਿਸ਼ਦਾਂ ਤੇ ਪੰਚਾਇਤ ਸਮਿਤੀਆਂ ਦੇ ਚੋਣ ਹਲਕਿਆਂ ਦੇ ਸਾਰੇ ਪੇਂਡੂ ਖੇਤਰਾਂ ਵਿੱਚ ਪਹਿਲੀ ਸਤੰਬਰ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਾਰੇ ਯੋਗ ਵਿਅਕਤੀਆਂ ਨੂੰ ਚੋਣਾਂ ਵਿੱਚ ਹਿੱਸਾ ਲੈਣ ਲਈ ਢੁਕਵਾਂ ਮੌਕਾ ਦੇਣ। ਦੱਸ ਦਈਏ ਕਿ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਨੇ ਪਿਛਲੇ ਦਿਨੀਂ ਰਾਜ ਚੋਣ ਕਮਿਸ਼ਨ ਨੂੰ ਸੂਬੇ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਦੀਆਂ ਚੋਣਾਂ 5 ਅਕਤੂਬਰ ਤੱਕ ਕਰਵਾਉਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਚੋਣ ਹਲਕਿਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।






















