ਚੰਡੀਗੜ੍ਹ:ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪੀਯੂਸ਼ ਗੋਇਲ ਨਾਲ ਮੁਲਾਕਾਤ ਕਰਨਗੀਆਂ। ਦਰਅਸਲ ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਗੱਲਬਾਤ ਦਾ ਸੱਦਾ ਪ੍ਰਵਾਨ ਕਰ ਲਿਆ ਸੀ ਪਰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਕੇਂਦਰ ਦਾ ਸੱਦਾ ਠੁਕਰਾ ਦਿੱਤਾ ਹੈ।


ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਲਈ ਤਿੰਨ ਕਿਸਾਨ ਲੀਡਰਾਂ ਡਾ. ਦਰਸ਼ਨ ਪਾਲ, ਬਲਵੀਰ ਸਿੰਘ ਰਾਜੇਵਾਲ ਅਤੇ ਕੁਲਵੰਤ ਸਿੰਘ ਸੰਧੂ ਨੂੰ ਨਾਮਜ਼ਦ ਕੀਤਾ ਗਿਆ ਹੈ, ਜੋ ਮੰਤਰੀਆਂ ਨਾਲ ਕਿਸਾਨ ਮਸਲਿਆਂ ਅਤੇ ਮੰਗਾਂ 'ਤੇ ਚਰਚਾ ਕਰਨਗੇ। ਕਿਸਾਨ ਲੀਡਰਾਂ ਨੇ ਇਕਜੁੱਟਤਾ ਨਾਲ ਫ਼ੈਸਲਾ ਕੀਤਾ ਹੈ ਕਿ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।


ਓਧਰ ਕਿਸਾਨ ਮਜਦੂਰ ਸੰਗਰਸ਼ ਕਮੇਟੀ ਦਾ ਕਹਿਣਾ ਹੈ ਕਿ ਰੇਲ ਲਾਈਨਾਂ ਖ਼ਾਲੀ ਹੋਣ ਦੇ ਬਾਵਜੂਦ ਕੇਂਦਰ ਵੱਲੋਂ ਰੇਲ ਗੱਡੀਆਂ ਨਹੀਂ ਚਲਾਈਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਜਦੋਂ ਤਕ ਰੇਲ ਗੱਡੀਆਂ ਨਹੀਂ ਚਲਾਈਆਂ ਜਾਂਦੀਆਂ ਉਹ ਕੇਂਦਰ ਨਾਲ ਗੱਲਬਾਤ ਨਹੀਂ ਕਰਨਗੇ।


ਚੰਡੀਗੜ੍ਹ 'ਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ। ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਮੰਤਰੀਆਂ ਨਾਲ ਪਲੇਠੀ ਮੀਟਿੰਗ ਵਿਚ ਸਰਬਸੰਮਤੀ ਨਾਲ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਕਿਸਾਨ ਕਦੇ ਵੀ ਗੱਲਬਾਤ ਕਰਨ ਤੋਂ ਪਿੱਛੇ ਨਹੀਂ ਹਟੇ। ਉਨ੍ਹਾਂ ਕਿਹਾ ਕਿ ਪਿਛਲੇ 49 ਦਿਨਾਂ ਤੋਂ ਕਿਸਾਨ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਲਈ ਸੰਘਰਸ਼ ਕਰ ਰਹੇ ਹਨ, ਇਸ ਲਈ ਕਾਨੂੰਨ ਰੱਦ ਕਰਨਾ ਤੇ ਵਾਪਸ ਲੈਣਾ ਕਿਸਾਨਾਂ ਦੀ ਮੁੱਖ ਮੰਗ ਹੈ।


ਉਨ੍ਹਾਂ ਕਿਹਾ ਕਿ ਦੇਸ਼ ਭਰ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਅੰਦੋਲਨ ਉਲੀਕਿਆ ਗਿਆ ਹੈ। ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਟ੍ਰੈਕਟਰ ਟਰਾਲੀਆਂ 'ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਵੱਲ ਕੂਚ ਕਰਨਗੇ। ਉਨ੍ਹਾਂ ਕੇਂਦਰ ਨੂੰ ਦੋ ਟੁੱਕ ਸੁਣਾਉਂਦਿਆਂ ਕਿਹਾ ਜੇਕਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ ਤਾਂ ਰੇਲਾਂ ਦੀਆਂ ਤਰ੍ਹਾਂ ਸੜਕੀ ਆਵਾਜਾਈ ਵੀ ਜਾਮ ਕਰ ਦਿੱਤੀ ਜਾਵੇਗੀ।


ਉਨ੍ਹਾਂ ਸਪਸ਼ਟ ਕੀਤਾ ਕਿ ਦੀਵਾਲੀ ਵਾਲੇ ਦਿਨ ਵੀ ਕਿਸਾਨੀ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਕਿਸਾਨ ਮਸ਼ਾਲਾਂ ਬਾਲ਼ ਕੇ ਆਪਣੇ ਰੋਸ ਦਾ ਪ੍ਰਗਟਾਵਾ ਕਰਨਗੇ। ਕਾਦੀਆਂ ਨੇ ਕਿਹਾ ਕਿ ਕਿਸਾਨਾਂ ਨੇ ਰੇਲਵੇ ਲਾਈਨਾਂ, ਸਟੇਸ਼ਨ ਤੋਂ ਇਕ ਕਦਮ ਪਿੱਛੇ ਇਸ ਲਈ ਪੁੱਟਿਆ ਸੀ ਕਿ ਸਰਕਾਰ ਇਕ ਕਦਮ ਅੱਗੇ ਵਧੇਗੀ। ਪਰ ਸਰਕਾਰ ਆਪਣੇ ਰਵੱਈਏ 'ਤੇ ਬਰਕਰਾਰ ਹੈ।


ਪ੍ਰਦੂਸ਼ਣ ਕਾਬੂ ਕਰਨ ਲਈ ਵਿਸ਼ੇਸ਼ 'ਬੰਦੂਕਾਂ' ਦਾ ਇਸਤੇਮਾਲ, ਆਖਿਰ ਕੀ ਹੈ ਖਾਸ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ