Punjab News: ਪੰਜਾਬ ਦੇ ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ ਹੈ। ਕਿਸਾਨਾਂ ਨੇ ਝੋਨੇ ਦੀ ਫਸਲ ਵੱਢਣ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਦੌਰ ਵਿੱਚ ਪਰਾਲੀ ਸਾੜਨ ਦੇ ਮਾਮਲੇ 'ਚ ਪੰਜਾਬ ਪਹਿਲੇ ਨੰਬਰ 'ਤੇ ਹੈ, ਜਦਕਿ ਉੱਤਰ ਪ੍ਰਦੇਸ਼ ਦੂਜੇ ਤੇ ਹਰਿਆਣਾ ਤੀਜੇ ਸਥਾਨ 'ਤੇ ਹੈ। ਐਤਵਾਰ ਤੱਕ ਤਿੰਨ ਦਿਨਾਂ ਵਿੱਚ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਦੇ 193 ਮਾਮਲੇ ਸਾਹਮਣੇ ਆਏ। ਇਨ੍ਹਾਂ 'ਚੋਂ ਪੰਜਾਬ ਪਹਿਲੇ ਨੰਬਰ 'ਤੇ ਹੈ।


ਦੱਸ ਦਈਏ ਕਿ ਸਰਕਾਰ ਵੱਲੋਂ ਕਿਸਾਨਾਂ ਉੱਪਰ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਭਾਰਤੀ ਖੇਤੀ ਖੋਜ ਸੰਸਥਾ (ਆਈਏਆਰਆਈ) ਦੀ ਰੀਅਲ ਟਾਈਮ ਮਾਨੀਟਰਿੰਗ ਅਨੁਸਾਰ, ਪੰਜਾਬ, ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਖੇਤਾਂ ਵਿੱਚ 23 ਤੋਂ 29 ਸਤੰਬਰ ਤੱਕ ਪਰਾਲੀ ਸਾੜਨ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ। ਇਸ ਮਗਰੋਂ 136 ਮਾਮਲੇ ਪੰਜਾਬ ਵਿੱਚ, ਉੱਤਰ ਪ੍ਰਦੇਸ਼ ਵਿੱਚ 49 ਤੇ ਹਰਿਆਣਾ ਵਿੱਚ 8 ਮਾਮਲੇ ਸਾਹਮਣੇ ਆਏ ਹਨ।


ਉਧਰ, ਪੰਜਾਬ ਸਰਕਾਰ ਨੇ ਦਾਅਵੇ ਤਾਂ ਬਹੁਤ ਕੀਤੇ ਪਰ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਬੰਧ ਕੁਝ ਖਾਸ ਨਹੀਂ ਕੀਤਾ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਸੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਹੈਪੀ ਸੀਡਰ ਮਸ਼ੀਨਾਂ 'ਤੇ ਸਬਸਿਡੀ ਲਈ ਅਰਜ਼ੀਆਂ ਦੀ ਸਮਾਂ ਸੀਮਾ ਵਧਾ ਦਿੱਤੀ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਇਸ ਦਾ ਕੋਈ ਫਾਇਦਾ ਨਹੀਂ।


ਖੇਤੀ ਮੰਤਰੀ ਨੇ ਪਰਾਲੀ ਨੂੰ ਮਿੱਟੀ ਵਿੱਚ ਜਜ਼ਬ ਕਰਨ ਲਈ ਖੇਤੀਬਾੜੀ ਵਿਭਾਗ ਦੇ ਪਾਇਲਟ ਪ੍ਰੋਜੈਕਟ ਤਹਿਤ 5000 ਏਕੜ ਵਿੱਚ ਡੀ-ਕੰਪੋਜ਼ਰ ਘੋਲ ਦਾ ਛਿੜਕਾਅ ਕਰਨ ਦਾ ਵੀ ਦਾਅਵਾ ਕੀਤਾ ਸੀ। ਖੇਤੀਬਾੜੀ ਵਿਭਾਗ ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਤਾਂ ਰੱਦ ਕਰ ਦਿੱਤੀਆਂ ਪਰ ਇਸ ਦੇ ਬਾਵਜੂਦ ਸੂਬਾ ਸਰਕਾਰ ਦੀਆਂ ਸਾਰੀਆਂ ਤਿਆਰੀਆਂ ਨਾਕਾਫ਼ੀ ਸਾਬਤ ਹੋਈਆਂ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।