ਗਗਨਦੀਪ ਸ਼ਰਮਾ ਦੀ ਰਿਪੋਰਟ

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵਿਧਾਨ ਸਭਾ 'ਚ ਬੀਤੇ ਦਿਨ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਚਾਰ ਖੇਤੀ ਬਿੱਲ ਪਾਸ ਕੀਤੇ ਗਏ। ਇਨ੍ਹਾਂ ਕਰਕੇ ਪੰਜਾਬ ਦਾ ਕਿਸਾਨ ਕੁਝ ਹੱਦ ਤੱਕ ਸੰਤੁਸ਼ਟ ਨਜ਼ਰ ਆ ਰਿਹਾ ਹੈ। ਹੁਣ ਉਹ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਨੂੰ ਆਪਣਾ ਪਹਿਲਾ ਹਥਿਆਰ ਮੰਨ ਰਹੇ ਹਨ।

ਇਸ ਦੇ ਨਾਲ ਹੀ ਸੂਬੇ ਦੇ ਕਿਸਾਨਾਂ ਵੱਲੋਂ ਲੜੀ ਜਾ ਰਹੀ ਕੇਂਦਰ ਖਿਲਾਫ ਲੜਾਈ 'ਚ ਪੰਜਾਬ ਸਰਕਾਰ ਵੱਲੋਂ ਚੁੱਕਿਆ ਇਹ ਪਹਿਲਾ 'ਹਾਂ' ਪੱਖੀ ਕਦਮ ਵੀ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਦੇਵੀਦਾਸਪੁਰਾ ਵਿਖੇ ਰੇਲ ਰੋਕੋ ਅੰਦੋਲਨ 28ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਇਸ ਕਾਰਨ ਪੰਜਾਬ 'ਚ ਰੇਲਵੇ ਆਵਾਜਾਈ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ। ਇਸ ਦਾ ਅਸਰ ਨਾਲ ਲੱਗਦੇ ਗੁਆਂਢੀ ਸੂਬਿਆਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ੍ਹ ਇੱਕ ਵਾਰ ਫੇਰ ਕਿਸਾਨਾਂ ਨੂੰ ਰੇਲਵੇ ਟਰੈਕ ਖਾਲੀ ਕਰਨ ਦੀ ਅਪੀਲ ਕੀਤੀ ਗਈ ਸੀ। ਇਸ 'ਤੇ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ, ਜਨਰਲ ਸੈਕਟਰੀ, ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ 'ਚ ਜੋ ਬਿੱਲ ਲਿਆਂਦੇ ਹਨ, ਉਨ੍ਹਾਂ ਦਾ ਫਾਇਦਾ ਤਾਂ ਹੀ ਜੇਕਰ ਇਨ੍ਹਾਂ 'ਤੇ ਗਵਰਨਰ ਤੇ ਰਾਸ਼ਟਰਪਤੀ ਦੀ ਮੋਹਰ ਲੱਗਦੀ ਹੈ। ਇਸ ਤੋਂ ਬਾਅਦ ਹੀ ਇਹ ਬਿੱਲ ਲਾਗੂ ਹੋਣਗੇ।



ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਕਾਨੂੰਨਾਂ 'ਚ ਬਦਲੀ ਕਰਵਾਉਣ ਲਈ ਵੀ ਕਿਸਾਨਾਂ ਨੂੰ ਸੰਘਰਸ਼ ਕਰਨਾ ਪਵੇਗਾ ਜਿਸ ਲਈ ਕਿਸਾਨ ਹਮੇਸ਼ਾ ਤਿਆਰ ਹਨ। ਪੰਧੇਰ ਮੁਤਾਬਕ ਮੁੱਖ ਮੰਤਰੀ ਵੱਲੋਂ ਰੇਲਵੇ ਟਰੈਕ ਖਾਲੀ ਕਰਨ ਦੀ ਅਪੀਲ 'ਤੇ ਜਾਂ ਟ੍ਰੈਕ 'ਤੇ ਧਰਨਾ ਜਾਰੀ ਰੱਖਣ ਬਾਰੇ ਫੈਸਲਾ ਸੂਬਾਈ ਕੋਰ ਕਮੇਟੀ ਦੀ ਮੀਟਿੰਗ 'ਚ ਹੀ ਹੋਵੇਗਾ। ਪੰਧੇਰ ਨੇ ਅੱਗੇ ਕਿਹਾ ਕਿ ਪੰਜਾਬ ਦਾ ਕਿਸਾਨ ਜਾਗਰੂਕ ਹੈ ਤੇ ਕੇਂਦਰ ਸਰਕਾਰ ਨੂੰ ਤਿੰਨੇ ਕਾਨੂੰਨ ਰੱਦ ਕਰਕੇ ਕਿਸਾਨਾਂ ਦੀ ਗੱਲ ਮੰਨਣੀ ਪਵੇਗੀ, ਨਹੀਂ ਤਾਂ ਜਦੋਂ ਤਕ ਮਰਜ਼ੀ ਸੰਘਰਸ਼ ਕਰਨਾ ਪਵੇ, ਇਹ ਜਾਰੀ ਰਹੇਗਾ।

Captain ਦੀ ਕਿਸਾਨਾਂ ਨੂੰ ਅਪੀਲ

ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾਂ ਦਾ ਕਹਿਣਾ ਹੈ ਜਿਨ੍ਹਾਂ ਸੂਬਿਆਂ 'ਚ ਗੈਰ ਭਾਜਪਾ ਸਰਕਾਰਾਂ ਹਨ, ਉਨਾਂ ਨੂੰ ਵੀ ਪੰਜਾਬ ਵਾਂਗ ਕਦਮ ਚੁੱਕਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ ਤਾਂ ਜੋ ਕੇਂਦਰ ਸਰਕਾਰ 'ਤੇ ਦਬਾ ਬਣ ਸਕੇ। ਦੱਸ ਦਈਏ ਕਿ ਕਿਸਾਨਾਂ ਵੱਲੋਂ ਜਿੱਥੇ ਦੇਵੀਦਾਸਪੁਰਾ ਨਜਦੀਕ ਰੇਲਵੇ ਟ੍ਰੈਕ 'ਤੇ ਪ੍ਰਦਰਸ਼ਨ ਜਾਰੀ ਹੈ, ਉੱਥੇ ਹੀ ਸਰਵਣ ਸਿੰਘ ਪੰਧੇਰ ਤੇ ਬਾਕੀ ਆਗੂ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇਂਦਰ ਸਰਕਾਰ ਦੇ ਪੁਤਲੇ ਸਾੜ ਕੇ ਪ੍ਰਦਰਸ਼ਨ ਕਰ ਰਹੇ ਹਨ।

ਕਾਹਲੀ 'ਚ ਬੁਲਾਏ ਵਿਸ਼ੇਸ਼ ਇਜਲਾਸ 'ਚ 7 ਬਿੱਲ ਪਾਸ, ਅਕਾਲੀ ਦਲ ਤੇ 'ਆਪ' ਵੱਲੋਂ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904