Stubble Burning in Punjab: ਪਰਾਲੀ ਸਾੜਨ ਵਾਲੇ ਕਿਸਾਨਾਂ ਉੱਪਰ ਸਖਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਹੈ। ਹੁਣ ਇਹ ਕਿਸਾਨ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਨਹੀਂ ਲੈ ਸਕਣਗੇ। ਅਜਿਹੇ ਕਿਸਾਨ ਸਬਸਿਡੀ ਤੋਂ ਵੀ ਵਾਂਝੇ ਰਹਿਣਗੇ। ਰੈੱਡ ਐਂਟਰੀ ਵਾਲੇ ਕਿਸਾਨ ਨਾ ਤਾਂ ਆਪਣੀ ਜ਼ਮੀਨ ਗਿਰਵੀ ਰੱਖ ਸਕਣਗੇ ਤੇ ਨਾ ਹੀ ਇਸ 'ਤੇ ਕਰਜ਼ਾ ਲੈ ਸਕਣਗੇ। ਇੰਨਾ ਹੀ ਨਹੀਂ, ਉਹ ਅੱਗੇ ਜ਼ਮੀਨ ਵੀ ਨਹੀਂ ਵੇਚ ਸਕਣਗੇ। 


ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਚੇਅਰਮੈਨ ਆਦਰਸ਼ ਪਾਲ ਵਿੱਗ ਨੇ ਮੰਨਿਆ ਕਿ 5 ਨਵੰਬਰ ਤੱਕ ਪ੍ਰਾਪਤ ਅੰਕੜਿਆਂ ਅਨੁਸਾਰ 264 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਜਾਗਰੂਕਤਾ ਫੈਲਾਉਣ ਦੇ ਬਾਵਜੂਦ ਕਿਸਾਨ ਲਗਾਤਾਰ ਪਰਾਲੀ ਨੂੰ ਅੱਗ ਲਗਾ ਰਹੇ ਹਨ। ਇਹ ਕਾਫ਼ੀ ਚਿੰਤਾਜਨਕ ਹੈ। ਹਾਲਾਂਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਘਟੇ ਹਨ। 


ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ 10 ਦਿਨਾਂ ਵਿੱਚ ਪਰਾਲੀ ਸਾੜਨ ਵਿੱਚ 27 ਫੀਸਦੀ ਵਾਧਾ ਹੋਇਆ ਹੈ। ਵਾਤਾਵਰਨ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਾਲ ਵੀ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਵਾਈ ਗਈ ਸੀ। ਇਸ ਦੇ ਬਾਵਜੂਦ ਕਿਸਾਨ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਨਹੀਂ ਕਰ ਰਹੇ। 


ਪੀਪੀਸੀਬੀ ਦੇ ਅੰਕੜਿਆਂ ਅਨੁਸਾਰ ਹੁਣ ਤੱਕ ਪਰਾਲੀ ਸਾੜਨ ਲਈ 1694 ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ ਤੇ ਉਨ੍ਹਾਂ ਨੂੰ 45.53 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਚੇਅਰਮੈਨ ਆਦਰਸ਼ ਪਾਲ ਵਿਗ ਅਨੁਸਾਰ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਕਿਸਾਨ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ, ਸਗੋਂ ਉਪਲਬਧ ਖੇਤੀ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦਾ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਬਚਾਉਣ ਲਈ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।