ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਦਿੱਤੀ।
ਚੀਮਾ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਉਹ ਦਿੱਲੀ ਵਿੱਚ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੇ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੂੰ ਆਪਣੇ ਵਿਧਾਨ ਸਭਾ ਹਲਕੇ ਪਿੰਡ ਰੋਗਲਾ ਦੇ ਅਗਾਂਹਵਧੂ ਤੇ ਨਵੇਂ ਯੁੱਗ ਦੇ ਕਿਸਾਨ ਬਲਵਿੰਦਰ ਸਿੰਘ ਵੱਲੋਂ ਉਗਾਇਆ ਗਿਆ ਤਾਜ਼ੇ ਤੇ ਸੁੰਦਰ ਡਰੈਗਨ ਫਲ ਭੇਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਨੇ ਮਨੀਸ਼ ਸਿਸੋਦੀਆ ਨਾਲ ਵੀ ਮੁਲਾਕਾਤ ਕੀਤੀ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਦਿਆਂ ਲਿਖਿਆ ਕਿ ਉਹ ਇਸ ਦੀਵਾਲੀ 'ਤੇ ਮਨੀਸ਼ ਸਰ ਨੂੰ ਆਪਣੇ ਪਰਿਵਾਰ ਨਾਲ ਦੇਖ ਕੇ ਬਹੁਤ ਖੁਸ਼ ਹਨ। ਪਿਛਲੇ ਸਾਲ ਦੀ ਦੀਵਾਲੀ ਸਾਡੇ ਲਈ ਬਹੁਤ ਔਖੀ ਰਹੀ, ਕਿਉਂਕਿ ਸਰ ਆਪਣੇ ਪਰਿਵਾਰ ਦੇ ਨਾਲ ਨਹੀਂ ਸਨ ਤੇ ਉਹਨਾਂ ਦਾ ਇੱਕੋ ਇੱਕ ਕਸੂਰ ਸੀ ਕਿ ਉਹਨਾਂ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਅਤੇ ਲੱਖਾਂ ਬੱਚਿਆਂ ਦਾ ਭਵਿੱਖ ਸੰਵਾਰਿਆ, ਪਰ ਉਸ ਨੂੰ ਬੇਬੁਨਿਆਦ ਦੋਸ਼ਾਂ ਤਹਿਤ 17 ਮਹੀਨੇ ਜੇਲ੍ਹ ਵਿੱਚ ਰੱਖਿਆ ਗਿਆ।
ਇਸ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਦੀਵਾਲੀ ਦਾ ਸ਼ੁਭ ਦਿਹਾੜਾ ਸਾਰੇ ਧਰਮਾਂ ਦੇ ਲੋਕ ਮਿਲ ਕੇ ਮਨਾਉਂਦੇ ਹਨ।ਪਰ ਪਿਛਲੇ ਕੁਝ ਸਾਲਾਂ ਤੋਂ ਲੋਕਾਂ ਵਿੱਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਪ੍ਰਤੀ ਜਾਗਰੂਕਤਾ ਵਧੀ ਹੈ। ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਮੁਖੀਆਂ ਰਾਹੀਂ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਨੂੰ ਵੀ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ।