ਬਠਿੰਡਾ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲ਼ੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਵੱਲੋਂ ਬਜਟ ਲਈ ਜੋ ਲੋਕਾਂ ਦੇ ਸੁਝਾਅ ਮੰਗੇ ਜਾ ਰਹੇ ਹਨ, ਇਹ ਫ਼ੈਸਲਾ ਇੱਕ ਇਤਿਹਾਸਕ ਤੇ ਮੀਲਪੱਥਰ ਸਾਬਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ, ਯੋਜਨਾ ਲਾਗੂ ਕਰਨ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਾਲਵੇ ਦੇ ਪੰਜ ਜ਼ਿਲ੍ਹਿਆਂ (ਬਠਿੰਡਾ, ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ ਅਤੇ ਫਾਜ਼ਿਲਕਾ) ਦੇ ਵਿਧਾਇਕਾਂ, ਸਨਅਤਕਾਰਾਂ ਅਤੇ ਵਪਾਰੀ ਵਰਗ ਕੋਲੋਂ ਜਨਤਾ ਬਜਟ 2022-23 ਲਈ ਸੁਝਾਅ ਲੈਣ ਉਪਰੰਤ ਸੰਬੋਧਨ ਕਰਦਿਆਂ ਕੀਤਾ।
ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਦਯੋਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਕਾਰਨ ਉਦਯੋਗਿਕ ਵਿਕਾਸ ਸਹੀ ਢੰਗ ਨਾਲ ਨਹੀਂ ਹੋਇਆ ਅਤੇ ਜੇਕਰ ਹੁਣ ਵੀ ਉਦਯੋਗਾਂ ਦੇ ਵਿਕਾਸ ਲਈ ਕੁਝ ਨਾ ਕੀਤਾ ਗਿਆ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ ਤੇ ਸੂਬਾ ਤਰੱਕੀ ਨਹੀਂ ਕਰ ਸਕੇਗਾ। ਇਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਜਨਤਾ ਬਜਟ ਲਈ ਲੋਕਾਂ ਦੇ ਸੁਝਾਅ ਲੈ ਕੇ ਲੋਕ ਹਿੱਤ ਵਿੱਚ ਹਰ ਵਰਗ ਨਾਲ ਸਬੰਧਤ ਬਜਟ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਸੰਬੋਧਨ ਦੌਰਾਨ ਇਹ ਵੀ ਕਿਹਾ ਕਿ ਸਨਅਤਕਾਰਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਨਾਲ ਹੀ ਪੰਜਾਬ ਮੁੜ ਤੋਂ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕਦਾ ਹੈ।ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਲੋਕਾਂ ਤੋਂ ਸੁਝਾਅ ਲਏ ਜਾਣਗੇ ਤਾਂ ਲੋਕ ਆਪਣੀਆਂ ਮੁਸ਼ਕਲਾਂ ਵੀ ਦੱਸਣਗੇ ਅਤੇ ਉਸੇ ਅਨੁਸਾਰ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਜਾ ਸਕੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਾ ਬਜਟ ਲਈ ਵੱਧ ਤੋਂ ਵੱਧ ਹਾਂ ਪੱਖੀ ਸੁਝਾਅ ਦਿੱਤੇ ਜਾਣ ਤਾਂ ਜੋ ਪੰਜਾਬ ਅੰਦਰ ਪਹਿਲੀ ਵਾਰ ਲੋਕਾਂ ਦੀ ਪਸੰਦ ਦਾ ਬਜਟ ਬਣਾਇਆ ਜਾ ਸਕੇ। ਚੀਮਾ ਨੇ ਦੱਸਿਆ ਕਿ ਪੰਜਾਬ ਦੀਆਂ ਪੁਰਾਣੀਆਂ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਪਿਛਲੇ ਲੰਮੇਂ ਸਮੇਂ ਤੋਂ ਝਾਰਖੰਡ ਵਿੱਚ ਬੰਦ ਪਈ ਪੰਜਾਬ ਦੀ ਪਛਵਾੜਾ ਕੋਲਾ ਖਾਣ ਦਾ ਛੇਤੀ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਉਦਘਾਟਨ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਚਾਲੂ ਹੋਣ ਨਾਲ ਬਿਜਲੀ ਦੀ ਸਮੱਸਿਆ ਪੂਰੀ ਤਰ੍ਹਾਂ ਹੱਲ ਹੋ ਜਾਵੇਗੀ।
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਗਈ। ਜਦੋਂ ਕਿ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਠੋਸ ਫੈਸਲੇ ਲਏ ਜਾ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਪਿਛਲੀਆਂ ਸਰਕਾਰਾਂ ਅਖ਼ੀਰਲੇ ਸਾਲ ਜਾਗਦੀਆਂ ਸਨ ਤੇ ਪਹਿਲੇ ਚਾਰ ਸਾਲ ਸੁੱਤੀਆਂ ਰਹਿੰਦੀਆਂ ਸਨ ਪਰ ਆਪ ਸਰਕਾਰ ਵਲੋਂ ਸ਼ੁਰੂਆਤੀ ਦਿਨਾਂ ਵਿੱਚ ਹੀ ਵੱਖ-ਵੱਖ ਵਿਭਾਗਾਂ ਵਿੱਚ 26454 ਸਰਕਾਰੀ ਨੌਕਰੀਆਂ ਦਾ ਇਸ਼ਤਿਹਾਰ ਦੇਣ ਸਮੇਤ ਹੋਰ ਵੀ ਕਈ ਇਤਿਹਾਸਕ ਫ਼ੈਸਲੇ ਲਏ ਹਨ। ਇੱਥੋਂ ਤੱਕ ਕਿ ਸਾਡੇ ਪਹਿਲੇ ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਤੋਂ ਸੁਝਾਅ ਮੰਗਣਾ ਆਪਣੇ ਆਪ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਹੈ।”
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਲੋਕਾਂ ਤੋਂ ਸੁਝਾਅ ਲੈਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਪੋਰਟਲ finance.punjab.gov.in ਤੇ ਹੁਣ ਈ ਮੇਲ ਆਈ.ਡੀ. punjabdabudget@gmail.com ਵੀ ਜਾਰੀ ਕੀਤੀ ਗਈ ਹੈ ਜਿਸ ’ਤੇ ਲੋਕ ਆਪਣੇ ਸੁਝਾਅ ਭੇਜ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਸਿੱਧੇ ਤੌਰ ’ਤੇ ਉਨ੍ਹਾਂ ਨੂੰ ਮਿਲ ਕੇ ਵੀ ਸੁਝਾਅ ਦੇ ਸਕਦੇ ਹਨ। ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਾਰੇ ਵਿਧਾਇਕਾਂ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਕੋਲ ਜਾ ਕੇ ਉਨ੍ਹਾਂ ਦੇ ਸੁਝਾਅ ਇਕੱਤਰ ਕਰਨ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਇਆ ਜਾ ਸਕੇ।
ਇਸ ਮੌਕੇ ਵਿੱਤ ਮੰਤਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਦਾ ਬਜਟ ਜਨਤਾ ਪੱਖੀ ਬਜਟ ਹੋਵੇਗਾ। ਇਸ ਕਰਕੇ ਸਨਅਤਕਾਰਾਂ, ਵਪਾਰੀ ਵਰਗ ਤੇ ਆਮ ਲੋਕਾਂ ਕੋਲੋਂ ਲੋੜੀਂਦੇ ਸੁਝਾਅ ਲਏ ਜਾ ਰਹੇ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਨਤਾ ਬਜਟ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰ 100 ਫੀਸਦੀ ਆਮ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸੇ ਵੀ ਕੀਮਤ ਤੇ ਭਾਈ ਭਤੀਜਾਵਾਦ, ਰਿਸ਼ਵਤਖ਼ੋਰੀ ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਪੰਜਾਬ ਅੰਦਰ ਸਰਕਾਰੀ ਜ਼ਮੀਨਾਂ ਤੇ ਕੀਤੇ ਨਜਾਇਜ਼ ਕਬਜ਼ੇ ਹਰ ਹਾਲਤ ਵਿੱਚ ਛੁਡਵਾਏ ਜਾਣਗੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਜਿੱਥੇ ਜਨਤਾ ਬਜਟ ਸਬੰਧੀ ਲਏ ਜਾ ਰਹੇ ਸੁਝਾਵਾਂ ਦੀ ਪ੍ਰਸੰਸਾਂ ਕੀਤੀ ਉੱਥੇ ਉਨ੍ਹਾਂ ਆਪਣੇ ਹਲਕੇ ਮਲੋਟ ਨਾਲ ਸਬੰਧ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਾਂਝੀਆਂ ਕਰਦਿਆਂ ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੇ ਫ਼ੰਡ ਜਾਰੀ ਕਰਨ ਦੀ ਮੰਗ ਕੀਤੀ।ਇਸ ਮੌਕੇ ਹਲਕਾ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਪਹੁੰਚੀਆਂ ਸਖ਼ਸ਼ੀਅਤਾਂ ਦਾ ਸਵਾਗਤ ਕਰਦਿਆਂ ਬਠਿੰਡਾ ਚ ਥਰਮਲ ਦੀ ਜ਼ਮੀਨ ਤੇ ਉਦਯੋਗਿਕ ਪਾਰਕ ਬਣਾਉਣ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਸਮੱਸਿਆਵਾਂ ਸਾਂਝੀਆਂ ਕਰਦਿਆਂ ਉਨ੍ਹਾਂ ਦੇ ਸਾਰਥਿਕ ਹੱਲ ਕਰਨ ਦੀ ਵੀ ਮੰਗ ਕੀਤੀ।
ਇਸ ਤੋਂ ਪਹਿਲਾਂ ਮੌਜੂਦ ਵਿਧਾਇਕਾਂ ਤੋਂ ਇਲਾਵਾ ਵੱਖ-ਵੱਖ ਸਨਅਤਕਾਰਾਂ ਅਤੇ ਵਪਾਰੀ ਵਰਗ ਵਲੋਂ ਉਦਯੋਗ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਜਿੱਥੇ ਸਾਂਝੀਆਂ ਕੀਤੀ ਉੱਥੇ ਉਨ੍ਹਾਂ ਵਲੋਂ ਉਦਯੋਗ ਦੇ ਹੁਲਾਰੇ ਲਈ ਆਪਣੇ ਵਡਮੁੱਲੇ ਵਿਚਾਰ ਵੀ ਸਾਂਝੇ ਕੀਤੇ ਗਏ।