ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪਟਾਕਿਆਂ 'ਤੇ ਪਾਬੰਦੀ ਨੂੰ ਲੈ ਕੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪਟਾਕਿਆਂ ਦੇ ਵਪਾਰੀਆਂ ਨੇ ਮੈਨੂੰ ਆਪਣੀਆਂ ਅਸਲ ਚਿੰਤਾਵਾਂ ਨਾਲ ਬੁਲਾਇਆ ਸੀ। ਦਿੱਲੀ 'ਚ ਪਟਾਕਿਆਂ 'ਤੇ ਪਾਬੰਦੀ ਨਾਲ ਪੰਜਾਬ ਦੇ ਵਪਾਰੀਆਂ ਨੂੰ ਭਾਰੀ ਛੋਟ ਮਿਲ ਰਹੀ ਹੈ ਪਰ ਜੇਕਰ ਪੰਜਾਬ ਸਰਕਾਰ ਨੇ ਬਾਅਦ 'ਚ ਇਸ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਤਾਂ ਵਪਾਰੀਆਂ ਨੂੰ ਭਾਰੀ ਨੁਕਸਾਨ ਹੋਵੇਗਾ। ਭਗਵੰਤ ਮਾਨ ਨੂੰ ਜਲਦ ਤੋਂ ਜਲਦ ਸਪੱਸਟ ਕਰਨ ਦੀ ਅਪੀਲ ਕੀਤੀ ਹੈ।

 





ਦੱਸ ਦੇਈਏ ਕਿ ਦਿੱਲੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਰਾਸ਼ਟਰੀ ਰਾਜਧਾਨੀ ’ਚ 1 ਜਨਵਰੀ 2023 ਤੱਕ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ/ਨਿਰਮਾਣ, ਵਿਕਰੀ ਅਤੇ ਵਰਤੋਂ ’ਤੇ ਪੂਰਨ ਪਾਬੰਦੀ ਲਾ ਦਿੱਤੀ ਹੈ। ਅਧਿਕਾਰੀ ਨੇ ਸ਼ੁੱਕਰਵਾਰ ਦੱਸਿਆ ਕਿ ਇਹ ਪਾਬੰਦੀ ਤੁਰੰਤ ਲਾਗੂ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਪਿਛਲੇ ਦੋ ਸਾਲਾਂ ਤੋਂ ਸਰਦੀਆਂ ਵਿੱਚ ਪਟਾਕਿਆਂ ’ਤੇ ਪਾਬੰਦੀ ਲਾਈ ਜਾ ਰਹੀ ਹੈ। ਇਸ ਸਾਲ ਪਟਾਕਿਆਂ ’ਤੇ ਪਾਬੰਦੀ ਦੇ ਛੇਤੀ ਐਲਾਨ ਨਾਲ ਸ਼ਹਿਰ ਦੇ ਪ੍ਰਸ਼ਾਸਨ ਅਤੇ ਪੁਲਿਸ ਕੋਲ ਪਟਾਕਿਆਂ ਦੇ ਗੈਰ-ਕਾਨੂੰਨੀ ਉਤਪਾਦਨ, ਵਿਕਰੀ ਅਤੇ ਵਰਤੋਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਦੇ ਤਰੀਕੇ ਲੱਭਣ ਲਈ ਕਾਫ਼ੀ ਸਮਾਂ ਹੋਵੇਗਾ।

 

ਉਧਰ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਊਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਦੀ ਦਿੱਲੀ ‘ਚ ਪਟਾਕਿਆਂ ‘ਤੇ ਪਾਬੰਦੀ ਖ਼ਿਲਾਫ਼ ਪਟੀਸ਼ਨ ‘ਤੇ 10 ਅਕਤੂਬਰ ਨੂੰ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਪਟੀਸ਼ਨ ਵਿੱਚ ਤਿਵਾੜੀ ਨੇ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਦੇ ਪੱਧਰ ‘ਤੇ ਰੋਕ ਲਾਉਣ ਲਈ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਤੇ ਵਰਤੋਂ ਵਿਰੁੱਧ ਦਿੱਲੀ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। 

 

ਬੈਂਚ ਨੇ ਵਕੀਲ ਸਸ਼ਾਂਕ ਸ਼ੇਖਰ ਝਾਅ ਵੱਲੋਂ ਤਿਵਾੜੀ ਦੀ ਤੁਰੰਤ ਸੁਣਵਾਈ ਸਬੰਧੀ ਪਟੀਸ਼ਨ ਦਾ ਜ਼ਿਕਰ ਕਰਨ ਤੋਂ ਬਾਅਦ ਕਿਹਾ ਕਿ ਉਹ ਦੀਵਾਲੀ ਤੋਂ ਪਹਿਲਾਂ 10 ਅਕਤੂਬਰ ਨੂੰ ਸੁਣਵਾਈ ਕਰੇਗਾ। ਦੀਵਾਲੀ 24 ਅਕਤੂਬਰ ਨੂੰ ਹੈ। ਪਟੀਸ਼ਨਰ ਨੇ ਅਦਾਲਤ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕੇ ਵੇਚਣ ਤੇ ਚਲਾਉਣ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ।