Punjab News: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੂੰ ਸਲਾਹ ਦਿੱਤੀ ਹੈ। ਬਾਜਵਾ ਨੇ ਟਵੀਟ 'ਚ ਲਿਖਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਹੈਜ਼ਾ, ਟਾਈਫਾਈਡ, ਡੇਂਗੂ ਅਤੇ ਹੈਪੇਟਾਈਟਸ ਵਰਗੀਆਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੂੰ ਸੁਚੇਤ ਕਰਦਾ ਹਾਂ। ਇਸ ਵੱਲ ਗੰਭੀਰਤਾ ਨਾਲ ਧਿਆਨ ਦਿੰਦੇ ਹੋਏ ਮੈਡੀਕਲ ਕੈਂਪ ਲਗਾਉਣੇ ਸ਼ੁਰੂ ਕੀਤੇ ਜਾਣ। ‘ਆਪ’ ਸਰਕਾਰ ਨੂੰ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਤਿਆਰ ਰਹਿਣਾ ਚਾਹੀਦਾ ਹੈ।
ਬਾਜਵਾ ਨੇ ਸਰਕਾਰ 'ਤੇ ਚੁੱਕੇ ਸਵਾਲ
ਇਸ ਤੋਂ ਪਹਿਲਾਂ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ 'ਚ ਹੜ੍ਹਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਇਹ ਪੂਰੀ ਤਰ੍ਹਾਂ ਦੀ ਲਾਪਰਵਾਹੀ ਕਾਰਨ ਹੋਇਆ ਹੈ। 'ਆਪ' ਸਰਕਾਰ ਦਾ ਕਹਿਣਾ ਹੈ ਕਿ ਹੜ੍ਹ ਨੇ ਸੂਬੇ ਦੇ ਲਗਭਗ ਅੱਧੇ ਹਿੱਸੇ 'ਚ ਤਬਾਹੀ ਮਚਾਈ ਹੋਈ ਹੈ। ਆਫਤ ਦੇ ਨਾਲ ਨਜਿੱਠਣ ਲਈ ਲਈ 'ਆਪ' ਸਰਕਾਰ ਕੋਲ 729 ਕਰੋੜ ਰੁਪਏ ਉਪਲਬਧ ਹਨ। ਕੇਂਦਰ ਸਰਕਾਰ ਤੋਂ ਵੀ 488 ਕਰੋੜ ਰੁਪਏ ਪ੍ਰਾਪਤ ਹੋਏ ਹਨ। ਫਿਰ ਵੀ, ਕੁਦਰਤੀ ਆਫ਼ਤ ਲਈ ਅਗਾਊਂ ਤਿਆਰੀ ਅਸਫਲ ਰਹੀ। ਜੇਕਰ CM ਭਗਵੰਤ ਮਾਨ ਦੀ ਸਰਕਾਰ ਸਮੇਂ ਸਿਰ ਗੂੜੀ ਨੀਂਦ ਤੋਂ ਜਾਗ ਜਾਂਦੀ ਤਾਂ ਇੰਨੀ ਵੱਡੀ ਤਬਾਹੀ ਨੂੰ ਰੋਕਿਆ ਜਾ ਸਕਦਾ ਸੀ।
ਪੀਣ ਵਾਲੇ ਪਾਣੀ ਲਈ 10 ਕਰੋੜ ਜਾਰੀ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਪੀਣ ਵਾਲੇ ਪਾਣੀ ਦੀ ਸਮੱਸਿਆ ਵੀ ਖੜ੍ਹੀ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਮੁਰੰਮਤ ਲਈ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਮੰਤਰੀ ਜ਼ਿੰਪਾ ਦੀ ਤਰਫੋਂ ਕਿਹਾ ਗਿਆ ਹੈ ਕਿ ਸਰਕਾਰ ਪਹਿਲਾਂ ਹੀ ਬਦਲਵੇਂ ਪ੍ਰਬੰਧਾਂ ਰਾਹੀਂ ਹੜ੍ਹ ਪੀੜਤਾਂ ਲਈ ਪਾਣੀ ਦਾ ਪ੍ਰਬੰਧ ਕਰ ਰਹੀ ਹੈ। ਅਜਿਹੇ 'ਚ ਹੁਣ ਸਰਕਾਰ ਨੇ ਹੜ੍ਹਾਂ ਕਾਰਨ ਖਰਾਬ ਹੋਈਆਂ ਪਾਈਪਾਂ, ਮੋਟਰਾਂ ਜਾਂ ਟਿਊਬਵੈੱਲਾਂ ਦੀ ਮੁਰੰਮਤ ਲਈ ਫੰਡ ਜਾਰੀ ਕਰ ਦਿੱਤੇ ਹਨ।