Farmers Protest: ਪੰਜਾਬ ਸਰਕਾਰ ਨੇ ਖਨੌਰੀ ਬਾਰਡਰ ਉਪਰ ਹਰਿਆਣਾ ਪੁਲਿਸ ਵੱਲੋਂ ਕੀਤੀ ਫਾਇਰੰਗ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸ਼ੁਭਕਰਨ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ...ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..
ਦੱਸ ਦਈਏ ਕਿ ਦਿੱਲੀ ਕੂਚ ਦੇ ਪ੍ਰੋਗਰਾਮ ਦੌਰਾਨ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਨਾਲ ਹੋਏ ਟਕਰਾਅ ਦੌਰਾਨ ਮੌਤ ਦੇ ਮੂੰਹ ਜਾ ਪਏ ਸ਼ੁਭਕਰਨ ਸਿੰਘ ਬੱਲੋ ਦੀ ਮ੍ਰਿਤਕ ਦੇਹ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮੁਰਦਾਘਰ ’ਚ ਹੀ ਪਈ ਹੈ। ਕਿਸਾਨਾਂ ਤੇ ਪਰਿਵਾਰ ਵੱਲੋਂ ਸਹਿਮਤੀ ਨਾ ਦੇਣ ਕਰਕੇ ਪੋਸਟ ਮਾਰਟਮ ਨਹੀਂ ਹੋਇਆ ਸੀ।
ਇਸ ਨੂੰ ਸਿੱਧੇ ਤੌਰ ’ਤੇ ਕਤਲ ਗਰਦਾਨਦਿਆਂ ਕਿਸਾਨ ਆਗੂਆਂ ਨੇ ਇਸ ਸਬੰਧੀ ਹਰਿਆਣਾ ਦੇ ਗ੍ਰਹਿ ਮੰਤਰੀ ਸਮੇਤ ਹਰਿਆਣਾ ਪੁਲਿਸ ਦੇ ਸਬੰਧਤ ਅਧਿਕਾਰੀਆਂ ਤੇ ਮੁਲਾਜ਼ਮਾਂ ਖਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਕਿਸਾਨ ਆਗੂਆਂ ਵੱਲੋਂ ਮੁਆਵਜ਼ੇ ਵਜੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਇੱਕ ਕਰੋੜ ਦੀ ਰਾਸ਼ੀ ਤੇ ਪਰਿਵਾਰ ਦਾ 10 ਲੱਖ ਦੇ ਕਰੀਬ ਸਮੁੱਚਾ ਕਰਜ਼ਾ ਮੁਆਫ਼ ਕਰਨ ਸਮੇਤ ਉਸ ਦੀ ਭੈਣ ਲਈ ਸਰਕਾਰੀ ਪੱਕੀ ਨੌਕਰੀ ਦੀ ਮੰਗ ਵੀ ਰੱਖੀ ਗਈ ਸੀ।
ਕਿਸਾਨ ਆਗੂਆਂ ਨੇ ਮੰਗ ਕੀਤੀ ਸੀ ਕਿ ਸ਼ੁਭਕਰਨ ਦੀ ਮੌਤ ਸਬੰਧੀ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਸਮੇਤ ਸਬੰਧਤ ਪੁਲਿਸ ਵਾਲਿਆਂ ਖਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ ਕਿਉਂਕਿ ਸ਼ੁਭਕਰਨ ਦੇ ਗੋਲੀ ਹਰਿਆਣਾ ਪੁਲਿਸ ਨੇ ਪੰਜਾਬ ਦੇ ਖੇਤਰ ’ਚ ਆ ਕੇ ਮਾਰੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਖੇਤਰ ’ਚ ਆ ਕੇ ਹੀ ਕਈ ਹੋਰ ਕਿਸਾਨਾਂ ਦੀ ਕੁੱਟਮਾਰ ਕੀਤੀ ਤੇ ਟਰੈਕਟਰਾਂ ਦੀ ਭੰਨਤੋੜ ਵੀ ਕੀਤੀ।