ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਾਂਝੇ ਅਤੇ ਪਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਰਾਹੀਂ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚੱਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਦੇ ਤਹਿਤ ਹੁਣ ਤੱਕ 4.77 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਕੋਈ ਵੀ ਵਿਦਿਆਰਥੀ ਸਿਰਫ਼ ਆਰਥਿਕ ਤੰਗੀ ਕਾਰਨ ਆਪਣੀ ਪੜਾਈ ਤੋਂ ਵੰਚਿਤ ਨਾ ਰਹੇ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ 2 ਲੱਖ 62 ਹਜ਼ਾਰ 373 ਵਿਦਿਆਰਥੀਆਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਦੇ ਤਹਿਤ ਅਰਜ਼ੀ ਦਿੱਤੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਦੀਆਂ ਸਿੱਖਿਆਕਲਿਆਣ ਯੋਜਨਾਵਾਂ ਵਿਦਿਆਰਥੀਆਂ ਤੱਕ ਪ੍ਰਭਾਵਸ਼ਾਲੀ ਤਰੀਕੇ ਨਾਲ ਪਹੁੰਚ ਰਹੀਆਂ ਹਨ।
ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਇਸ ਯੋਜਨਾ ਲਈ 245 ਕਰੋੜ ਰੁਪਏ ਦਾ ਬਜਟੀ ਪ੍ਰਾਵਧਾਨ ਕੀਤਾ ਗਿਆ ਹੈ, ਜੋ ਸਿੱਖਿਆ ਪ੍ਰਤੀ ਸਰਕਾਰ ਦੀ ਗੰਭੀਰਤਾ, ਸੰਵੇਦਨਸ਼ੀਲਤਾ ਅਤੇ ਦੂਰਦਰਸ਼ੀ ਸੋਚ ਨੂੰ ਦਰਸਾਉਂਦਾ ਹੈ।
ਕੈਬਿਨਿਟ ਮੰਤਰੀ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਪਿਛਲੇ ਵਿੱਤੀ ਸਾਲ ਦੌਰਾਨ 2 ਲੱਖ 37 ਹਜ਼ਾਰ 456 ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਦੇ ਤਹਿਤ ਵਿੱਤੀ ਸਹਾਇਤਾ ਦਿੱਤੀ ਗਈ ਸੀ।
ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਲਈ ਸਿੱਖਿਆ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ, ਬਲਕਿ ਸਮਾਜਿਕ ਨਿਆਂ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰ ਦੀ ਪੱਕੀ ਪਾਬੰਦੀ ਹੈ ਕਿ ਕੋਈ ਵੀ ਗਰੀਬ ਜਾਂ ਵੰਚਿਤ ਪਿਛੋਕੜ ਤੋਂ ਆਉਣ ਵਾਲਾ ਵਿਦਿਆਰਥੀ ਸਿਰਫ਼ ਆਰਥਿਕ ਕਾਰਨਾਂ ਕਾਰਨ ਆਪਣੀ ਪੜਾਈ ਅਧੂਰੀ ਨਾ ਛੱਡੇ।
ਵਿਦਿਆਰਥੀਆਂ ਦੇ ਸਪਨਿਆਂ ਨੂੰ ਮਜ਼ਬੂਤ ਸਹਾਰਾ ਦੇ ਰਹੀ
ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਰਾਹੀਂ ਸੂਬਾ ਸਰਕਾਰ ਉਹਨਾਂ ਵਿਦਿਆਰਥੀਆਂ ਦੇ ਸਪਨਿਆਂ ਨੂੰ ਮਜ਼ਬੂਤ ਸਹਾਰਾ ਦੇ ਰਹੀ ਹੈ, ਜੋ ਸਿੱਖਿਆ ਨੂੰ ਆਪਣੀ ਤਾਕਤ ਬਣਾਕੇ ਆਪਣੇ ਪਰਿਵਾਰਾਂ ਅਤੇ ਸਮਾਜ ਦਾ ਭਵਿੱਖ ਬਦਲਣਾ ਚਾਹੁੰਦੇ ਹਨ। ਸਰਕਾਰ ਹਰ ਉਸ ਬੱਚੇ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ, ਜੋ ਅੱਗੇ ਵਧਣ ਦੀ ਇੱਛਾ ਰੱਖਦਾ ਹੈ ਅਤੇ ਸਿੱਖਿਆ ਰਾਹੀਂ ਆਪਣੀ ਪਛਾਣ ਬਣਾਉਣਾ ਚਾਹੁੰਦਾ ਹੈ।