‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਮੂਨਕ ਦੇ ਪਿੰਡ ਕੜੈਲ ਅਤੇ ਦਿੜ੍ਹਬਾ ਦੇ ਪਿੰਡ ਰੋਗਲਾ ਵਿਖੇ ਲੱਗੇ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ
Punjab News: ਭਗਵੰਤ ਮਾਨ ਵੱਲੋਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਰੰਭੀ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Punjab News: ਭਗਵੰਤ ਮਾਨ ਵੱਲੋਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਰੰਭੀ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਸਮੂਹ ਸਬਡਵੀਜ਼ਨਾਂ ਅੰਦਰ ਇਸ ਮੁਹਿੰਮ ਅਧੀਨ ਕੈਂਪਾਂ ਦਾ ਆਯੋਜਨ ਲਗਾਤਾਰ ਜਾਰੀ ਹੈ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਖੁਦ ਆਪੋ ਆਪਣੀਆਂ ਸਬ ਡਵੀਜਨਾਂ ਅੰਦਰ ਲੱਗਣ ਵਾਲੇ ਕੈਂਪਾਂ ਦੀ ਨਿਗਰਾਨੀ ਕਰਦੇ ਹਨ ਅਤੇ ਉਥੇ ਪਹੁੰਚਣ ਵਾਲੇ ਲੋਕਾਂ ਦੀਆਂ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦੇ ਢੁਕਵੇਂ ਹੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਹਰ ਬੁੱਧਵਾਰ ਇਸ ਮੁਹਿੰਮ ਦੇ ਤਹਿਤ ਹੀ ਜ਼ਿਲ੍ਹੇ ਦੇ ਕਿਸੇ ਇੱਕ ਪਿੰਡ ਜਾਂ ਸ਼ਹਿਰੀ ਹਿੱਸੇ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਦੇ ਹਨ। ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੀ ਲੜੀ ਤਹਿਤ ਅੱਜ ਮੂਨਕ ਦੇ ਪਿੰਡ ਕੜੈਲ ਵਿਖੇ ਐਸ.ਡੀ.ਐਮ ਸੂਬਾ ਸਿੰਘ ਅਤੇ ਦਿੜ੍ਹਬਾ ਦੇ ਪਿੰਡ ਰੋਗਲਾ ਵਿਖੇ ਐਸ.ਡੀ.ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਕੈਂਪਾਂ ਦਾ ਆਯੋਜਨ ਕੀਤਾ ਗਿਆ ਜਿਸ ਤਹਿਤ ਕਰੀਬ 6 ਘੰਟੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਜਾਂ ਨੁਮਾਇੰਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਜੁਟੇ ਰਹੇ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਸਬ ਡਵੀਜ਼ਨਾਂ ਅੰਦਰ ਹਰ ਹਫ਼ਤੇ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ ਵੱਖ ਵੱਖ ਸਰਕਾਰੀ ਸੇਵਾਵਾਂ ਦੇ ਨਾਲ ਨਾਲ ਲੋਕਾਂ ਨਾਲ ਸਿੱਧੇ ਤੌਰ ’ਤੇ ਸਬੰਧਤ ਵਿਭਾਗਾਂ ਜਿਵੇਂ ਸਿਹਤ ਵਿਭਾਗ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ ਤੇ ਹੋਰ ਸਹਾਇਕ ਧੰਦਿਆਂ ਨਾਲ ਸਬੰਧਤ ਵਿਭਾਗ ਆਦਿ ਦੇ ਅਧਿਕਾਰੀ ਮੌਕੇ ’ਤੇ ਮੌਜੂਦ ਰਹਿ ਕੇ ਪ੍ਰਾਪਤ ਬਿਨੈ ਪੱਤਰਾਂ ’ਤੇ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਂਦੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਕੀਮਤੀ ਸਮੇਂ ਤੇ ਧਨ ਦੀ ਬੱਚਤ ਕਰਨ ਵਿੱਚ ਇਹ ਕੈਂਪ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਅਜਿਹੇ ਕੈਂਪਾਂ ਰਾਹੀਂ ਲੋਕਾਂ ਤੋਂ ਮਿਲਣ ਵਾਲੀ ਫੀਡਬੈਕ ਵੀ ਕਾਰਗਾਰ ਸਾਬਤ ਹੋ ਰਹੀ ਹੈ।