ਭਗਵੰਤ ਮਾਨ ਸਰਕਾਰ ਦਾ ਵੱਡਾ ਦਾਅਵਾ, ਪੰਜਾਬ ਨੇ ਪਹਿਲੀ ਵਾਰ ਕੀਤਾ 6 ਮਹੀਨਿਆਂ 'ਚ 10000 ਕਰੋੜ ਜੀਐਸਟੀ ਦਾ ਅੰਕੜਾ ਪਾਰ
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਨੇ ਪਹਿਲੀ ਵਾਰ 6 ਮਹੀਨਿਆਂ ਵਿੱਚ 10 ਹਜ਼ਾਰ ਕਰੋੜ ਜੀਐਸਟੀ ਦਾ ਅੰਕੜਾ ਪਾਰ ਕੀਤਾ ਹੈ। ਸਰਕਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਸੂਬੇ ਵੱਲੋਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਜੀਐਸਟੀ ਵਿੱਚ 22.6 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਨੇ ਪਹਿਲੀ ਵਾਰ 6 ਮਹੀਨਿਆਂ ਵਿੱਚ 10 ਹਜ਼ਾਰ ਕਰੋੜ ਜੀਐਸਟੀ ਦਾ ਅੰਕੜਾ ਪਾਰ ਕੀਤਾ ਹੈ। ਸਰਕਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਸੂਬੇ ਵੱਲੋਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਜੀਐਸਟੀ ਵਿੱਚ 22.6 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਪੰਜਾਬ ਸਰਕਾਰ ਨੇ ਆਪਣਾ ਵਿੱਤੀ ਰਿਪੋਰਟ ਕਾਰਡ ਉਸ ਵੇਲੇ ਜਨਤਾ ਸਾਹਮਣੇ ਰੱਖਿਆ ਹੈ ਜਦੋਂ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਖਜ਼ਾਨਾ ਖਾਲੀ ਹੋਣ ਦੇ ਦਾਅਵੇ ਕਰਕੇ ਘੇਰ ਰਹੀਆਂ ਹਨ।
ਇਸ ਬਾਰੇ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਚਾਲੂ ਵਿੱਤੀ ਸਾਲ ਦੌਰਾਨ 10604 ਕਰੋੜ ਰੁਪਏ ਜੀਐਸਟੀ ਵਜੋਂ ਵਸੂਲੇ ਹਨ ਜਿਸ ਨਾਲ ਸੂਬੇ ਵੱਲੋਂ ਜੀਐਸਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ ਵਿੱਚ 10 ਹਜ਼ਾਰ ਦਾ ਅੰਕੜਾ ਪਾਰ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਜੀਐਸਟੀ ਵਸੂਲੀ ਵਿੱਚ 22.6 ਫੀਸਦੀ ਦੀ ਵਾਧਾ ਦਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ 8650 ਕਰੋੜ ਰੁਪਏ ਦੀ ਜੀਐਸਟੀ ਉਗਰਾਹੀ ਹੋਈ ਸੀ ਜਦਕਿ ਮੌਜੂਦਾ ਸਾਲ ਦੌਰਾਨ ਸੂਬੇ ਨੇ ਕੁੱਲ 10604 ਕਰੋੜ ਰੁਪਏ ਦੀ ਜੀਐਸਟੀ ਉਗਰਾਹੀ ਨਾਲ 1954 ਕਰੋੜ ਰੁਪਏ ਹੋਰ ਕਮਾਏ ਹਨ।
*Good Intentions, Right Results*
— Adv Harpal Singh Cheema (@HarpalCheemaMLA) October 5, 2022
Punjab witnesses 22% growth in GST revenue for Sept'22. For the first time since 2016, GST revenue of PB crosses 10K Cr for 6 Mnth collecting 10604 Cr ; growth of 22.60% from previous FY. @BhagwantMann Govt consistently delivering on promises. pic.twitter.com/gXLeK2g9Fo
ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਨੇ ਪਹਿਲੇ ਛੇ ਮਹੀਨਿਆਂ ਵਿੱਚ 50 ਪ੍ਰਤੀਸ਼ਤ ਤੋਂ ਵੱਧ ਦੀ ਪ੍ਰਾਪਤੀ ਕੀਤੀ ਹੈ ਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਜੀਐਸਟੀ ਦੀ ਉਗਰਾਹੀ ਵਿੱਚ ਚੰਗੇ ਵਾਧੇ ਦੀ ਉਮੀਦ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਾਅਲੀ ਬਿਲਿੰਗ ਨੂੰ ਰੋਕਣ ਦੇ ਨਾਲ-ਨਾਲ ਸਾਰੀਆਂ ਖਾਮੀਆਂ ਨੂੰ ਦੂਰ ਕਰਨ ਲਈ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਹੈ, ਜਿਸ ਨਾਲ ਨਾ ਸਿਰਫ਼ ਵਪਾਰੀਆਂ ਨੂੰ ਫਾਇਦਾ ਹੋਵੇਗਾ ਸਗੋਂ ਸੂਬੇ ਦੇ ਆਪਣੇ ਮਾਲੀਏ ਵਿੱਚ ਵੀ ਵਾਧਾ ਹੋਵੇਗਾ।