ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਨੇ ਪਹਿਲੀ ਵਾਰ 6 ਮਹੀਨਿਆਂ ਵਿੱਚ 10 ਹਜ਼ਾਰ ਕਰੋੜ ਜੀਐਸਟੀ ਦਾ ਅੰਕੜਾ ਪਾਰ ਕੀਤਾ ਹੈ। ਸਰਕਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਸੂਬੇ ਵੱਲੋਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਜੀਐਸਟੀ ਵਿੱਚ 22.6 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਪੰਜਾਬ ਸਰਕਾਰ ਨੇ ਆਪਣਾ ਵਿੱਤੀ ਰਿਪੋਰਟ ਕਾਰਡ ਉਸ ਵੇਲੇ ਜਨਤਾ ਸਾਹਮਣੇ ਰੱਖਿਆ ਹੈ ਜਦੋਂ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਖਜ਼ਾਨਾ ਖਾਲੀ ਹੋਣ ਦੇ ਦਾਅਵੇ ਕਰਕੇ ਘੇਰ ਰਹੀਆਂ ਹਨ।

ਇਸ ਬਾਰੇ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਚਾਲੂ ਵਿੱਤੀ ਸਾਲ ਦੌਰਾਨ 10604 ਕਰੋੜ ਰੁਪਏ ਜੀਐਸਟੀ ਵਜੋਂ ਵਸੂਲੇ ਹਨ ਜਿਸ ਨਾਲ ਸੂਬੇ ਵੱਲੋਂ ਜੀਐਸਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ ਵਿੱਚ 10 ਹਜ਼ਾਰ ਦਾ ਅੰਕੜਾ ਪਾਰ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਜੀਐਸਟੀ ਵਸੂਲੀ ਵਿੱਚ 22.6 ਫੀਸਦੀ ਦੀ ਵਾਧਾ ਦਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ 8650 ਕਰੋੜ ਰੁਪਏ ਦੀ ਜੀਐਸਟੀ ਉਗਰਾਹੀ ਹੋਈ ਸੀ ਜਦਕਿ ਮੌਜੂਦਾ ਸਾਲ ਦੌਰਾਨ ਸੂਬੇ ਨੇ ਕੁੱਲ 10604 ਕਰੋੜ ਰੁਪਏ ਦੀ ਜੀਐਸਟੀ ਉਗਰਾਹੀ ਨਾਲ 1954 ਕਰੋੜ ਰੁਪਏ ਹੋਰ ਕਮਾਏ ਹਨ।


 



ਸਤੰਬਰ 2022 ਦੇ ਜੀਐਸਟੀ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ 22 ਫੀਸਦੀ ਦੀ ਵਿਕਾਸ ਦਰ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ 2021 ਵਿੱਚ 1402 ਰੁਪਏ ਦੀ ਕੁਲੈਕਸ਼ਨ ਦੇ ਮੁਕਾਬਲੇ ਇਸ ਸਾਲ ਸਤੰਬਰ ਵਿੱਚ ਜੀਐਸਟੀ ਕੁਲੈਕਸ਼ਨ 1710 ਕਰੋੜ ਰੁਪਏ ਰਹੀ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2022-23 ਲਈ ਆਪਣੇ ਪਹਿਲੇ ਬਜਟ ਵਿੱਚ 20,550 ਕਰੋੜ ਰੁਪਏ ਦੀ ਜੀਐਸਟੀ ਉਗਰਾਹੀ ਦਾ ਅਨੁਮਾਨ ਲਗਾਇਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਨੇ ਪਹਿਲੇ ਛੇ ਮਹੀਨਿਆਂ ਵਿੱਚ 50 ਪ੍ਰਤੀਸ਼ਤ ਤੋਂ ਵੱਧ ਦੀ ਪ੍ਰਾਪਤੀ ਕੀਤੀ ਹੈ ਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਜੀਐਸਟੀ ਦੀ ਉਗਰਾਹੀ ਵਿੱਚ ਚੰਗੇ ਵਾਧੇ ਦੀ ਉਮੀਦ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਾਅਲੀ ਬਿਲਿੰਗ ਨੂੰ ਰੋਕਣ ਦੇ ਨਾਲ-ਨਾਲ ਸਾਰੀਆਂ ਖਾਮੀਆਂ ਨੂੰ ਦੂਰ ਕਰਨ ਲਈ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਹੈ, ਜਿਸ ਨਾਲ ਨਾ ਸਿਰਫ਼ ਵਪਾਰੀਆਂ ਨੂੰ ਫਾਇਦਾ ਹੋਵੇਗਾ ਸਗੋਂ ਸੂਬੇ ਦੇ ਆਪਣੇ ਮਾਲੀਏ ਵਿੱਚ ਵੀ ਵਾਧਾ ਹੋਵੇਗਾ।