ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸੂਬੇ ਭਰ ਵਿੱਚ 1.41 ਕਰੋੜ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਣ ਵਾਲੀ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਇਕ ਵੱਖਰੀ ਸਕੀਮ ਦਾ ਐਲਾਨ ਵੀ ਕੀਤਾ ਜਿਸ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ ਹੇਠ ਕਵਰ ਨਾ ਹੋਣ ਵਾਲੇ 9 ਲੱਖ ਲਾਭਪਾਤਰੀਆਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਕਿ ਇਸ ਨਾਲ ਸੂਬੇ ਵਿਚਲੇ ਲਾਭਪਾਤਰੀਆਂ ਦੀ ਕੁੱਲ ਗਿਣਤੀ 1.5 ਕਰੋੜ ਤੱਕ ਪਹੁੰਚ ਜਾਵੇਗੀ ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 37.5 ਲੱਖ ਕਾਰਡ ਯੋਗ ਲਾਭਪਾਤਰੀਆਂ ਨੂੰ ਇਸ ਮਹੀਨੇ ਵੰਡੇ ਜਾਣਗੇ।
ਸੂਬੇ ਵਿੱਚ 100 ਵੱਖੋ-ਵੱਖਰੀਆਂ ਥਾਵਾਂ ਉਤੇ ਵਰਚੁਅਲ ਢੰਗ (ਵੀਡਿਓ ਕਾਨਫਰੰਸ) ਨਾਲ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਲਾਭਪਾਤਰੀਆਂ ਨੂੰ ਕਿਸੇ ਵੀ ਡਿਪੂ ਤੋਂ ਰਾਸ਼ਨ ਦੀ ਖਰੀਦ ਕਰਨ ਦੀ ਖੁੱਲ੍ਹ ਹੋਵੇਗੀ। ਲਾਭਪਾਤਰੀਆਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇਸ ਨੂੰ ਇਕ ਵੱਡੀ ਪੁਲਾਂਘ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਰਾਸ਼ਨ ਡਿਪੂ ਹੋਲਡਰਾਂ ਵੱਲੋਂ ਲਾਭਪਾਤਰੀਆਂ ਦਾ ਕੀਤਾ ਜਾਂਦਾ ਸੋਸ਼ਣ ਬੰਦ ਹੋਵੇਗਾ। ਸਮਾਰਟ ਰਾਸ਼ਨ ਕਾਰਡ ਇਕ ਲਾਭਪਾਤਰੀ ਨੂੰ ਇਹ ਅਧਿਕਾਰ ਦਿੰਦਾ ਹੈ ਕਿ ਉਹ ਆਪਣੇ ਹਿੱਸੇ ਦੀ ਖੁਰਾਕ ਪੰਜਾਬ ਭਰ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਹਾਸਲ ਕਰ ਸਕੇ।