ਵੱਡੀ ਖ਼ਬਰ ! ਅੰਮ੍ਰਿਤਪਾਲ ਸਿੰਘ ਉੱਤੇ ਪੰਜਾਬ ਸਰਕਾਰ ਨੇ ਮੁੜ ਤੋਂ ਵਧਾਈ NSA ! 1 ਸਾਲ ਹੋਰ ਰਹਿਣਾ ਪਵੇਗਾ ਡਿਬਰੂਗੜ੍ਹ ਜੇਲ੍ਹ, ਜਾਣੋ ਕੀ ਬਣੀ ਵਜ੍ਹਾ
ਪੰਜਾਬ ਸਰਕਾਰ ਨੇ ਗਰਮ ਖ਼ਿਆਲੀ ਕਾਰਕੁਨ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (NSA) ਅਧੀਨ ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ।

Punjab News: ਪੰਜਾਬ ਸਰਕਾਰ ਨੇ ਗਰਮ ਖ਼ਿਆਲੀ ਕਾਰਕੁਨ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (NSA) ਅਧੀਨ ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ। ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਰਾਜ ਦੇ ਗ੍ਰਹਿ ਵਿਭਾਗ ਨੇ ਅੰਮ੍ਰਿਤਸਰ ਜ਼ਿਲ੍ਹਾ ਮੈਜਿਸਟ੍ਰੇਟ ਦੀ ਸਿਫ਼ਾਰਸ਼ ਤਹਿਤ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਅੰਮ੍ਰਿਤਪਾਲ ਨੂੰ ਹੋਰ ਨਜ਼ਰਬੰਦ ਰੱਖਣ ਦੀ ਜ਼ਰੂਰਤ ਦਾ ਜ਼ਿਕਰ ਕਰਦਿਆਂ ਉਸ ਦੀ ਹਿਰਾਸਤ ਵਿਚ ਵਾਧੇ ਦੀ ਸਿਫ਼ਾਰਸ਼ ਕੀਤੀ ਸੀ। ਹਾਲਾਂਕਿ ਇਸ ਬਾਬਾਤ ਅਜੇ ਤੱਕ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਸਾਹਮਣੇ ਆਈ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਅੰਮ੍ਰਿਤਪਾਲ ਸਿੰਘ ਉੱਤੇ NSA ਵਧਾਈ ਗਈ ਹੈ।
ਇਹ ਇਸ ਵੇਲੇ ਹੈਰਾਨੀਵਾਲੀ ਗੱਲ ਤਾਂ ਹੈ ਕਿਉਂਕਿ ਸਰਕਾਰ ਨੇ ਪਿਛਲੇ ਦਿਨੀਂ ਉਨ੍ਹਾਂ ਦੇ 9 ਹੋਰ ਸਹਿ-ਮੁਲਜ਼ਮ ਸਾਥੀਆਂ ਦੀ ਹਿਰਾਸਤ ਨੂੰ ਵਾਧਾ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਪਰ ਇਸ ਦੌਰਾਨ ਅੰਮ੍ਰਿਤਪਾਲ ਸਿੰਘ ਉੱਤੇ ਮੁੜ ਤੋਂ NSA ਵਧਾਇਆ ਗਿਆ ਹੈ।
ਗ਼ੌਰ ਕਰਨ ਵਾਲੀ ਗੱਲ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਆਗੂ ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਹਿਰਾਸਤ ਵਿੱਚ ਹੈ। ਉਸ ਨੇ ਹਿਰਾਸਤ ਵਿਚ ਰਹਿੰਦਿਆਂ ਹੀ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਹਲਕੇ ਤੋਂ ਭਾਰੀ ਬਹੁਮਤ ਨਾਲ ਜੋਣ ਜਿੱਤੀ ਸੀ। ਉਹ ਆਪਣੇ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੀ ਪਰ ਹੁਣ ਉਸ ਦੇ ਸਾਥੀਆਂ ਨੂੰ ਪੰਜਾਬ ਲਿਆਂਦਾ ਗਿਆ ਹੈ ਪਰ ਅੰਮ੍ਰਿਤਪਾਲ ਅਜੇ ਵੀ ਉੱਥੇ ਹੀ ਰਹੇਗਾ।
ਜ਼ਿਕਰ ਕਰ ਦਈਏ ਕਿ ਤੜਕਸਾਰ ਖ਼ਬਰ ਸਾਹਮਣੇ ਆਈ ਸੀ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਡਿਬਰੂਗੜ ਜੇਲ੍ਹ, ਅਸਾਮ ਲਈ ਰਵਾਨਾ ਹੋ ਗਈ ਹੈ ਤੇ ਟ੍ਰਾਂਜ਼ਿਟ ਰਿਮਾਂਡ 'ਤੇ ਪੰਜਾਬ ਪੁਲਿਸ ਲੈ ਕੇ ਆਏਗੀ। ਇਹ ਵੀ ਸਾਹਮਣੇ ਆਇਆ ਸੀ ਕਿ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲੈ ਕੇ ਆਉਣ ਤੋਂ ਬਾਅਦ ਜਲਦੀ ਹੀ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜਿੱਥੋਂ ਉਨ੍ਹਾਂ ਦਾ ਰਿਮਾਂਡ ਲੈ ਕੇ ਅਜਨਾਲਾ ਥਾਣੇ 'ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ।






















