Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੇ ਵਿਰੋਧ ਮਗਰੋਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਹੈ।
Farmer Protest: ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੇ ਵਿਰੋਧ ਮਗਰੋਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਜਵਾਬ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਇਸ ਸਬੰਧੀ ਅਧਿਕਾਰੀਆਂ ਨੂੰ ਆਦੇਸ਼ ਦੇ ਦਿੱਤੇ ਸਨ। ਕੇਂਦਰ ਸਰਕਾਰ ਨੇ ਪੰਜਾਬ ਨੂੰ ਇਸ ਸਬੰਧੀ 10 ਜਨਵਰੀ ਤੱਕ ਸੁਝਾਅ ਭੇਜਣ ਦੇ ਹੁਕਮ ਦਿੱਤੇ ਸਨ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਇਹ ਖਰੜਾ 2021 ਵਿੱਚ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਵਾਦਪੂਰਨ ਉਪਬੰਧਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਹੈ। ਰਾਜ ਦੇ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ, ਇਹ ਵੀ ਕਿਹਾ ਗਿਆ ਹੈ ਕਿ ਖੇਤੀਬਾੜੀ ਭਾਰਤੀ ਸੰਵਿਧਾਨ ਦੀ 7ਵੀਂ ਅਨੁਸੂਚੀ-2 ਦੀ ਧਾਰਾ 246 ਦੀ ਐਂਟਰੀ 28 ਅਧੀਨ ਇੱਕ ਰਾਜ ਦਾ ਵਿਸ਼ਾ ਹੈ। ਅਜਿਹੀ ਨੀਤੀ ਲਿਆਉਣ ਦੀ ਬਜਾਏ ਕੇਂਦਰ ਨੂੰ ਇਹ ਫੈਸਲਾ ਪੰਜਾਬ ਸਰਕਾਰ 'ਤੇ ਛੱਡ ਦੇਣਾ ਚਾਹੀਦਾ ਹੈ।
ਪੰਜਾਬ ਸਰਕਾਰ ਨੇ ਪੱਤਰ ਵਿੱਚ ਇਹ ਸਵਾਲ ਵੀ ਉਠਾਇਆ ਹੈ ਕਿ ਖਰੜੇ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਪੂਰੀ ਤਰ੍ਹਾਂ ਚੁੱਪੀ ਹੈ ਜੋ ਪੰਜਾਬ ਦੇ ਕਿਸਾਨਾਂ ਲਈ ਸਭ ਤੋਂ ਮਹੱਤਵਪੂਰਨ ਹੈ। ਇਹ ਖਰੜਾ ਪੰਜਾਬ ਦੀਆਂ ਮਾਰਕੀਟ ਕਮੇਟੀਆਂ ਨੂੰ ਅਪ੍ਰਸੰਗਿਕ ਬਣਾਉਣ ਲਈ ਨਿੱਜੀ ਮੰਡੀਆਂ ਨੂੰ ਉਤਸ਼ਾਹਿਤ ਕਰਦਾ ਹੈ ਜੋ ਸੂਬੇ ਨੂੰ ਮਨਜ਼ੂਰ ਨਹੀਂ। ਪੰਜਾਬ ਦਾ ਆਪਣਾ ਮੰਡੀ ਸਿਸਟਮ ਹੈ। ਡਰਾਫਟ ਵਿੱਚ ਮਾਰਕੀਟ ਫੀਸ 'ਤੇ ਇੱਕ ਸੀਮਾ ਲਾਈ ਗਈ ਹੈ ਜਿਸ ਕਾਰਨ ਪੰਜਾਬ ਵਿੱਚ ਮੰਡੀਆਂ ਦੇ ਨੈੱਟਵਰਕ ਤੇ ਪੇਂਡੂ ਢਾਂਚੇ ਨੂੰ ਨੁਕਸਾਨ ਪਹੁੰਚੇਗਾ।
ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਨੂੰ ਨਵੀਂ ਖੇਤੀ ਮੰਡੀ ਨੀਤੀ ਦੇ ਖਰੜੇ 'ਤੇ ਇਤਰਾਜ਼ ਹੈ ਕਿਉਂਕਿ ਇਹ ਕੰਟਰੈਕਟ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਤੇ ਪ੍ਰਾਈਵੇਟ ਸਾਈਲੋਜ਼ ਨੂੰ ਓਪਨ ਮਾਰਕੀਟ ਯਾਰਡ ਐਲਾਨਣ ਦੀ ਕਵਾਇਦ ਹੈ। ਇਸ ਦੇ ਨਾਲ ਹੀ ਇਸ ਵਿੱਚ ਕਮਿਸ਼ਨ ਏਜੰਟਾਂ ਦੇ ਕਮਿਸ਼ਨ ਨੂੰ ਰੱਦ ਕਰਨ ਦਾ ਹਵਾਲਾ ਦਿੱਤਾ ਗਿਆ ਹੈ। ਦਰਅਸਲ ਜਿਵੇਂ ਹੀ ਕੇਂਦਰ ਸਰਕਾਰ ਵੱਲੋਂ 25 ਨਵੰਬਰ ਨੂੰ ਖਰੜਾ ਜਾਰੀ ਕੀਤਾ ਗਿਆ ਸੀ ਤਾਂ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸੀ।
ਪੰਜਾਬ ਨੇ ਇਸ ਦਾ ਜਵਾਬ ਦੇਣ ਲਈ ਕੇਂਦਰ ਸਰਕਾਰ ਤੋਂ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ, ਆੜ੍ਹਤੀਆਂ ਤੇ ਇਸ ਖਰੜੇ ਨਾਲ ਜੁੜੇ ਲੋਕਾਂ ਨਾਲ ਇੱਕ ਮੀਟਿੰਗ ਕੀਤੀ। ਇਸ ਤੋਂ ਬਾਅਦ ਇਸ ਦਿਸ਼ਾ ਵਿੱਚ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਕਿਸਾਨ ਪਹਿਲਾਂ ਹੀ ਇਸ ਖਰੜੇ ਦੇ ਵਿਰੁੱਧ ਹਨ। ਉਨ੍ਹਾਂ ਨੇ ਇਸ ਵਿਰੁੱਧ ਲੜਾਈ ਦਾ ਐਲਾਨ ਕੀਤਾ ਹੈ। ਹਾਲਾਂਕਿ, ਕੇਂਦਰੀ ਖੇਤੀਬਾੜੀ ਮੰਤਰਾਲੇ ਨੇ ਦਲੀਲ ਦਿੱਤੀ ਸੀ ਕਿ ਇਹ ਖਰੜਾ ਖੇਤੀਬਾੜੀ ਮਾਰਕੀਟਿੰਗ ਦੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਤੇ ਖੇਤੀਬਾੜੀ ਮਾਰਕੀਟਿੰਗ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਹੈ। ਵਪਾਰ ਨੂੰ ਸਰਲ ਬਣਾਉਣ ਲਈ ਖੇਤੀਬਾੜੀ ਮੰਡੀ ਵਿੱਚ ਡਿਜੀਟਾਈਜ਼ੇਸ਼ਨ ਤੇ ਸੁਧਾਰ ਦੀ ਵੀ ਦਲੀਲ ਹੈ।