Punjab News: ਪੰਜਾਬ ਸਰਕਾਰ ਹੋਈ ਸਖ਼ਤ, ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਵੱਡੇ ਪੱਧਰ 'ਤੇ ਹੋਏਗੀ ਕਾਰਵਾਈ; ਦਿੱਤੇ ਹੁਕਮ...
Punjab News: ਪੰਜਾਬ ਸਰਕਾਰ ਵੱਲੋਂ ਹੁਣ ਸਖਤ ਰਵੱਇਆ ਅਪਣਾਈਆ ਜਾ ਰਿਹਾ ਹੈ। ਦੱਸ ਦੇਈਏ ਕਿ ਹੁਣ ਮਾੜੀ ਕਾਰਗੁਜ਼ਾਰੀ ਵਾਲੇ ਵੱਡੇ ਅਧਿਕਾਰੀਆਂ/ਕਰਮਚਾਰੀਆਂ 'ਤੇ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ...

Punjab News: ਪੰਜਾਬ ਸਰਕਾਰ ਵੱਲੋਂ ਹੁਣ ਸਖਤ ਰਵੱਇਆ ਅਪਣਾਈਆ ਜਾ ਰਿਹਾ ਹੈ। ਦੱਸ ਦੇਈਏ ਕਿ ਹੁਣ ਮਾੜੀ ਕਾਰਗੁਜ਼ਾਰੀ ਵਾਲੇ ਵੱਡੇ ਅਧਿਕਾਰੀਆਂ/ਕਰਮਚਾਰੀਆਂ 'ਤੇ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਨਿਯੰਤਰਣ ਮੁਹਿੰਮ ਵਿੱਚ ਪਛੜ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ ਕਰਨ ਅਤੇ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫਤਾਵਾਰੀ ਸਮੀਖਿਆ ਵੀ ਕੀਤੀ ਜਾਵੇਗੀ। ਖੁੱਡੀਆਂ ਨੇ ਅੱਜ ਇੱਥੇ ਖੇਤੀਬਾੜੀ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਡਾ. ਬਸੰਤ ਗਰਗ ਦੇ ਨਾਲ ਸਾਉਣੀ ਸੀਜ਼ਨ ਲਈ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਯੋਜਨਾਵਾਂ ਅਤੇ ਕੰਮਾਂ ਦੀ ਸਮੀਖਿਆ ਕੀਤੀ।
ਗੁਣਵੱਤਾ ਨਿਯੰਤਰਣ ਮੁਹਿੰਮ ਦੇ ਨਤੀਜਿਆਂ ਦੀ ਸਮੀਖਿਆ ਕਰਦੇ ਹੋਏ, ਖੇਤੀਬਾੜੀ ਮੰਤਰੀ ਨੇ ਟੀਚਿਆਂ ਤੋਂ ਪਛੜ ਰਹੇ ਜ਼ਿਲ੍ਹਿਆਂ ਅਤੇ ਮਾੜੀ ਕਾਰਗੁਜ਼ਾਰੀ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਖੇਤੀਬਾੜੀ ਡਾਇਰੈਕਟਰ ਨੂੰ ਡਿਫਾਲਟ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਅਤੇ ਖੇਤੀਬਾੜੀ ਲਾਗਤਾਂ ਦੇ ਨਮੂਨੇ ਲੈਣ ਦੀ ਪ੍ਰਕਿਰਿਆ ਦੀ ਹਫਤਾਵਾਰੀ ਸਮੀਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਣਵੱਤਾ ਨਿਯੰਤਰਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਗੁਣਵੱਤਾ ਨਿਯੰਤਰਣ ਬਣਾਈ ਰੱਖਣ ਲਈ, ਡਾ. ਬਸੰਤ ਗਰਗ ਨੇ ਖੇਤੀਬਾੜੀ ਡਾਇਰੈਕਟਰ ਨੂੰ ਸਾਰੇ ਜ਼ਿਲ੍ਹਿਆਂ ਨੂੰ ਦਿੱਤੇ ਗਏ ਟੀਚਿਆਂ ਅਨੁਸਾਰ ਖੇਤੀਬਾੜੀ ਉਤਪਾਦਾਂ ਦੇ ਸਹੀ ਨਮੂਨੇ ਲੈਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਮੇਂ ਸਿਰ ਦਖਲਅੰਦਾਜ਼ੀ ਅਤੇ ਸੁਧਾਰਾਤਮਕ ਕਾਰਵਾਈਆਂ ਰਾਹੀਂ ਗੁਣਵੱਤਾ ਦੇ ਮਿਆਰਾਂ ਨੂੰ ਬਣਾਈ ਰੱਖਣ ਲਈ ਨਿਰੰਤਰ ਨਿਗਰਾਨੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕੀਟਨਾਸ਼ਕਾਂ ਦੇ 826 ਨਮੂਨਿਆਂ ਵਿੱਚੋਂ 16 ਗਲਤ ਬ੍ਰਾਂਡ ਵਾਲੇ ਪਾਏ ਗਏ। ਇਸ ਦੇ ਨਾਲ ਹੀ, ਖਾਦਾਂ ਦੇ 737 ਨਮੂਨਿਆਂ ਵਿੱਚੋਂ 11 ਘਟੀਆ ਗੁਣਵੱਤਾ ਦੇ ਪਾਏ ਗਏ, ਜਿਸ ਕਾਰਨ 2 ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















