Moga News : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ, ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ, ਦਵਿੰਦਰਜੀਤ ਸਿੰਘ ਲਾਡੀ ਢੋਂਸ ਵਿਧਾਇਕ ਧਰਮਕੋਟ, ਹਰਮਨਦੀਪ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਕੁਲਵੰਤ ਸਿੰਘ ਡਿਪਟੀ ਕਮਿਸ਼ਨਰ, ਜੇ ਇਲਨਚੇਲੀਅਨ ਜ਼ਿਲ੍ਹਾ ਪੁਲਿਸ ਮੁਖੀ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।


ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਗਾਮੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਅਤੇ ਘਰੇਲੂ ਲੋੜਾਂ ਲਈ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਦ੍ਰਿੜ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਰਕਾਰ ਅਤੇ ਬਿਜਲੀ ਵਿਭਾਗ ਵੱਲੋਂ ਢੁੱਕਵੇਂ ਕਦਮ ਪੁੱਟੇ ਗਏ ਹਨ। ਵਿਭਾਗ ਵੱਲੋਂ ਲੋੜ ਪੈਣ ਉੱਤੇ ਹੋਰ ਸੂਬਿਆਂ ਤੋਂ ਬਿਜਲੀ ਖਰੀਦਣ ਲਈ ਮੌਜੂਦਾ ਸੰਚਾਰ ਸਮਰੱਥਾ ਨੂੰ 7100 ਤੋਂ 9000 ਮੈਗਾਵਾਟ ਤੱਕ ਵਧਾਇਆ ਗਿਆ ਹੈ। ਉਹਨਾਂ ਕਿਹਾ ਕਿ ਪੀ ਐਸ ਪੀ ਸੀ ਐਲ ਨੇ ਲੰਘੀ 23 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਉੱਚੀ ਮੰਗ 15325 ਮੈਗਾਵਾਟ ਨੂੰ ਪੂਰਾ ਕੀਤਾ ਹੈ।ਉਹਨਾਂ ਦਾਅਵੇ ਨਾਲ ਕਿਹਾ ਕਿ ਖੇਤੀਬਾੜੀ ਖੇਤਰ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਦੇ ਨਾਲ ਨਾਲ ਹੋਰ ਕਿਸੇ ਵੀ ਵਰਗ ਨੂੰ ਕਿਸੇ ਵੀ ਪਾਵਰ ਕੱਟ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ।


ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਪਲਾਈ ਨੂੰ ਹੋਰ ਬਿਹਤਰ ਕਰਨ ਲਈ ਪਿਛਲੇ ਸਾਲ ਝੋਨੇ ਦੇ ਸੀਜ਼ਨ ਤੋਂ ਬਾਅਦ ਸਬ ਸਟੇਸ਼ਨਾਂ ਅਤੇ ਤਾਰਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਲਾਮਿਸਾਲ ਕੰਮ ਕੀਤਾ ਗਿਆ ਹੈ। ਬਿਜਲੀ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਲੋਕਾਂ ਦੀਆਂ ਬਿਜਲੀ ਲੋੜਾਂ ਨੂੰ ਪੂਰਾ ਕਰਨ ਲਈ ਪੀ ਐਸ ਪੀ ਸੀ ਐਲ ਕੋਲ ਲੋੜੀਂਦਾ ਮਾਤਰਾ ਵਿੱਚ ਟ੍ਰਾਂਸਫਾਰਮਰ ਅਤੇ ਹੋਰ ਸਾਜੋ ਸਮਾਨ ਹੈ। ਜਦਕਿ ਅਗਸਤ ਮਹੀਨੇ 5000 ਹਜ਼ਾਰ ਹੋਰ ਟ੍ਰਾਂਸਫਾਰਮਰ ਆ ਰਹੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖੇਤੀਬਾੜੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ।


ਜ਼ਿਲ੍ਹਾ ਮੋਗਾ ਵਿੱਚ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਨੀਂਹ ਪੱਥਰ, ਉਦਘਾਟਨ ਅਤੇ ਲੋਕ ਭਲਾਈ ਕਾਰਜਾਂ ਵਿੱਚ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਜ਼ਰੂਰ ਲਿਆ ਜਾਵੇ। ਉਹਨਾਂ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ, ਇਹ ਯਤਨ ਚੁਣੇ ਹੋਏ ਲੋਕ ਨੁਮਾਇਦਿਆਂ ਦੀ ਭਾਗੀਦਾਰੀ ਤੋਂ ਬਿਨਾ ਸਫਲ ਹੋਣੇ ਸੰਭਵ ਨਹੀਂ ਹਨ। ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨਾ ਲਾਜ਼ਮੀ ਹੈ। ਜਿਹੜੇ ਠੇਕੇਦਾਰ ਸਰਕਾਰੀ ਕੰਮਾਂ ਵਿੱਚ ਢਿੱਲਮੱਠ ਦਿਖਾਉਂਦੇ ਹਨ, ਉਹਨਾਂ ਨੂੰ ਬਲੈਕਲਿਸਟ ਕਰਨ ਲਈ ਕਾਰਵਾਈ ਆਰੰਭੀ ਜਾਣੀ ਚਾਹੀਦੀ ਹੈ।


ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਉਹਨਾਂ ਸਿਵਲ ਸਰਜਨ ਨੂੰ ਕਿਹਾ ਕਿ ਇਸ ਸਹੂਲਤ ਦਾ ਹਰੇਕ ਵਰਗ ਦੇ ਲੋਕਾਂ ਨੂੰ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ। ਉਹਨਾਂ ਸਿਵਲ ਸਰਜਨ ਨੂੰ ਅੱਖਾਂ ਦੀ ਲਾਗ ਦੀ ਬਿਮਾਰੀ ਆਈ ਫਲੂ ਨੂੰ ਹੋਰ ਲੋਕਾਂ ਤੱਕ ਫੈਲਣ ਤੋਂ ਰੋਕਣ ਲਈ ਥਾਂ ਥਾਂ ਉੱਤੇ ਕੈਂਪ ਲਗਾਉਣ ਬਾਰੇ ਕਿਹਾ। ਉਹਨਾਂ ਭਰੋਸਾ ਦਿਵਾਇਆ ਕਿ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ਼ ਦੇ ਰੇਟਾਂ ਵਿੱਚ ਫਰਕ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਸਿਵਲ ਸਰਜਨ ਨਿੱਜੀ ਤੌਰ ਉੱਤੇ ਨਿੱਜੀ ਹਸਪਤਾਲਾਂ ਨੂੰ ਚੈੱਕ ਕਰਨਗੇ ਅਤੇ ਦੋਸ਼ੀ ਧਿਰਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਉਣਗੇ।


ਉਹਨਾਂ ਇਹ ਭਰੋਸਾ ਦਿੱਤਾ ਕਿ ਵਿਧਾਨ ਸਭਾ ਹਲਕਾ ਧਰਮਕੋਟ ਵਿੱਚ ਸਬ ਡਵੀਜ਼ਨਲ ਹਸਪਤਾਲ ਚਾਲੂ ਕਰਨ ਲਈ ਉਹ ਨਿੱਜੀ ਤੌਰ ਉੱਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨਾਲ ਗੱਲ ਕਰਨਗੇ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖਾਲੀ ਪਈਆਂ ਕਾਰਜ ਸਾਧਕ ਅਫ਼ਸਰਾਂ ਦੀਆਂ ਅਸਾਮੀਆਂ ਨੂੰ ਜਲਦ ਭਰਿਆ ਜਾਵੇਗਾ।