ਪੰਜਾਬ ਸਰਕਾਰ ਸਕੂਲਾਂ 'ਚ ਸਰਵੋਤਮ ਸਿੱਖਿਆ ਪ੍ਰਣਾਲੀ ਨੂੰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਅਮਨ ਅਰੋੜਾ
CM ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ 'ਚ ਸਰਵੋਤਮ ਸਿੱਖਿਆ ਪ੍ਰਣਾਲੀ ਨੂੰ ਸਥਾਪਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਉਦੇਸ਼ ਦੀ ਪੂਰਤੀ ਲਈ ਸਰਕਾਰੀ ਸਕੂਲਾਂ ਵਿੱਚ ਹਰ ਸੁਵਿਧਾ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਰਿਹੈ।
Sangrur News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਸਿੱਖਿਆ ਪ੍ਰਣਾਲੀ ਨੂੰ ਸਥਾਪਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਉਦੇਸ਼ ਦੀ ਪੂਰਤੀ ਲਈ ਸਰਕਾਰੀ ਸਕੂਲਾਂ ਵਿੱਚ ਹਰ ਸੁਵਿਧਾ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀਅਮਨ ਅਰੋੜਾ ਨੇ ਪਿੰਡ ਨਾਗਰਾ ਤੇ ਜਖੇਪਲ ਚੌਵਾਸ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਬਣਨ ਵਾਲੇ ਕਲਾਸਰੂਮਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਕੀਤਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਹਲਕਾ ਸੁਨਾਮ ਦੇ 7 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 13 ਨਵੇਂ ਕਲਾਸਰੂਮ ਬਣਾਉਣ ਲਈ 98 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ ਜਿਸ ਦੀ ਪਹਿਲੀ ਕਿਸ਼ਤ ਵਜੋਂ 39 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਅਮਨ ਅਰੋੜਾ ਨੇ ਦੱਸਿਆ ਕਿ ਨਾਗਰਾ, ਲਖਮੀਰਵਾਲਾ, ਈਲਵਾਲ, ਬਿਜਲਪੁਰ ਵਿਖੇ 2-2 ਕਲਾਸਰੂਮ ਲਈ 48 ਲੱਖ ਰੁਪਏ, ਚੌਵਾਸ ਵਿਖੇ 3 ਕਲਾਸਰੂਮ ਲਈ 9 ਲੱਖ ਰੁਪਏ, ਸ਼ਾਹਪੁਰ ਤੇ ਤੋਲਾਵਾਲ ਵਿਚ 1-1 ਕਲਾਸਰੂਮ ਬਣਾਉਣ ਲਈ 6 ਲੱਖ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਲੋਕਾਂ ਨੂੰ ਸਿਖਿਆ ਤੇ ਸਿਹਤ ਦੇ ਖੇਤਰ ਵਿੱਚ ਵੱਡੇ ਬਦਲਾਅ ਨਜ਼ਰ ਆਉਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਟੀਚੇ ਤਹਿਤ 36 ਅਧਿਆਪਕਾਂ ਦਾ ਵਫ਼ਦ ਵਿਸ਼ੇਸ਼ ਤੌਰ 'ਤੇ ਸਿੰਘਾਪੁਰ ਭੇਜਿਆ ਤਾਂ ਜੋ ਉਹ ਵਾਪਸ ਆ ਕੇ ਆਪਣੇ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਸਹਿਯੋਗ ਕਰ ਸਕਣ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਭਵਿੱਖ ਨੂੰ ਚਮਕਾਉਣ ਲਈ ਉਨ੍ਹਾਂ ਨੂੰ ਸਕੂਲੀ ਸਿੱਖਿਆ ਦੌਰਾਨ ਵਧੀਆ ਬੁਨਿਆਦੀ ਢਾਂਚਾ, ਉਸਾਰੂ ਮਾਹੌਲ ਅਤੇ ਸੂਝਵਾਨ ਅਧਿਆਪਕਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ ਤੇ ਜਲਦੀ ਹੀ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।
ਪਿੰਡਾਂ ਦੇ ਨਿਵਾਸੀਆਂ ਨੂੰ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੂਬੇ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਨਾਲ ਨਾਲ ਹਰ ਖੇਤਰ ਵਿੱਚ ਬੁਲੰਦੀਆਂ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਹਲਕਾ ਸੁਨਾਮ ਦੇ ਹਰ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਵਿਕਾਸ ਕਾਰਜਾਂ ਲਈ ਉਹ ਦਿਨ ਰਾਤ ਸਰਗਰਮ ਹਨ।