ਚੰਡੀਗੜ੍ਹ: ਪੰਜਾਬ ਸਰਕਾਰ ਕਿਸਾਨਾਂ ਲਈ ਇੱਕ ਹੋਰ ਵੱਡਾ ਕਦਮ ਉਠਾਉਣ ਜਾ ਰਹੀ ਹੈ। ਸਰਕਾਰ ਵੱਲੋਂ ਨਕਲੀ ਕੀਟਨਾਸ਼ਕ, ਖਾਦਾਂ ਤੇ ਬੀਜਾਂ ਦੀ ਵਿਕਰੀ ਰੋਕਣ ਲਈ ਕਾਨੂੰਨ ਲਿਆਂਦਾ ਜਾਵੇਗਾ, ਜਿਸ ਵਿੱਚ ਗੈਰ ਜ਼ਮਾਨਤੀ ਧਾਰਾਵਾਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਹਰ ਸਾਲ ਨਕਲੀ ਕੀਟਨਾਸ਼ਕ, ਖਾਦਾਂ ਤੇ ਬੀਜਾਂ ਕਰਕੇ ਕਿਸਾਨਾਂ ਨੂੰ ਵੱਡਾ ਨੁਕਸਾਨ ਹੁੰਦਾ ਹੈ। 



ਇਸ ਬਾਰੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਕਿਸੇ ਵੀ ਕੀਮਤ ’ਤੇ ਨਕਲੀ ਕੀਟਨਾਸ਼ਕ, ਖਾਦਾਂਅਤੇ ਬੀਜਾਂ ਦੀ ਵਿਕਰੀ ਨਹੀਂ ਹੋਣ ਦੇਵੇਗੀ। ਇਸ ਲਈ ਆਉਣ ਵਾਲੇ ਦਿਨਾਂ ਵਿਚ ਕਈ ਵੱਡੇ ਫ਼ੈਸਲੇ ਲਏ ਜਾਣਗੇ। ਖੇਤੀ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕੀਟਨਾਸ਼ਕ, ਖਾਦਾਂ ਤੇ ਬੀਜਾਂ ਦੀ ਵਿਕਰੀ ਮੌਕੇ ਦੁਕਾਨਦਾਰਾਂ ਨੂੰ ਪੱਕਾ ਬਿੱਲ ਦੇਣਾ ਲਾਜ਼ਮੀ ਹੋਵੇਗਾ ਤੇ ਜੇਕਰ ਕੋਈ ਬਿਨਾਂ ਬਿੱਲ ਤੋਂ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। 




ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਕੀਟਨਾਸ਼ਕਾਂ, ਖਾਦਾਂ ਤੇ ਬੀਜਾਂ ਦੇ ਉਤਪਾਦਨ ਤੋਂ ਲੈ ਕੇ ਕਿਸਾਨਾਂ ਦੀ ਪਹੁੰਚ ਤੱਕ ਪੂਰੀ ਨਿਗਰਾਨੀ ਲਈ ਟਰੇਸ ਐਂਡ ਟਰੈਕਿੰਗ ਸਿਸਟਮ ਲਿਆਂਦਾ ਜਾਵੇਗਾ। ਪੰਜਾਬ ਵਿੱਚ ਨਕਲੀ ਬੀਜ਼ਾਂ ਤੇ ਖਾਦਾਂ ਦੇ ਮਾਮਲੇ ਕਈ ਵਾਰ ਸਾਹਮਣੇ ਆਏ ਹਨ ਪਰ ਸਖਤ ਕਾਨੂੰਨ ਨਾ ਹੋਣ ਕਰਕੇ ਵਪਾਰੀ ਆਸਾਨੀ ਨਾਲ ਬਚ ਜਾਂਦੇ ਹਨ।


ਕਿਸਾਨਾਂ ਨੂੰ ਮੋਟਰ ਕੁਨੈਕਸ਼ਨ ਦੇਣ 'ਚ ਘੁਟਾਲਾ ਦੀ ਹੋਏਗੀ ਵਿਸ਼ੇਸ਼ ਜਾਂਚ 


ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਕਿਸਾਨਾਂ ਨਾਲ ਮੋਟਰ ਕੁਨੈਕਸ਼ਨ ਮੁੱਲ ਲੈ ਕੇ ਦੇਣ ਦੇ ਨਾਮ ’ਤੇ ਵੱਡਾ ਘੁਟਾਲਾ ਹੋਇਆ ਹੈ। ਇਹ ਮਾਮਲਾ ਸਾਹਮਣੇ ਆਉਂਦੇ ਹੀ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਹੁਣ ਇਸ ਮਾਮਲੇ ਦੀ ਪੜਤਾਲ ਵਿਸ਼ੇਸ਼ ਜਾਂਚ ਟੀਮ ਤੋਂ ਕਰਵਾਉਣ ਦੀ ਤਿਆਰੀ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਪਾਵਰਕੌਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਕਿਸਾਨਾਂ ਨਾਲ ਹੋਈ ਠੱਗੀ ਦੀ ਉਚ ਪੱਧਰੀ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ। 


ਪਾਵਰਕੌਮ ਦੇ ਚੇਅਰਮੈਨ ਨਾਲ ਮੀਟਿੰਗ ਉਪਰੰਤ ਕਿਸਾਨ ਆਗੂ ਨੇ ਦੱਸਿਆ ਕਿ ਸਰਕਾਰ ਨੇ ਮੰਗਾਂ ਮੰਨਦੇ ਹੋਏ ਕਿਹਾ ਹੈ ਕਿ ਬਠਿੰਡਾ, ਮਾਨਸਾ, ਬਰਨਾਲਾ ਤੇ ਪੰਜਾਬ ਦੇ ਹੋਰ ਬਹੁਤ ਸਾਰੇ ਇਲਾਕਿਆਂ ਵਿਚ ਕਿਸਾਨਾਂ ਨਾਲ ਮੋਟਰ ਕੁਨੈਕਸ਼ਨ ਮੁੱਲ ਲੈ ਕੇ ਦੇਣ ਦੇ ਨਾਮ ’ਤੇ ਘੁਟਾਲਾ ਹੋਇਆ ਹੈ, ਜਿਸ ਮਾਮਲੇ ਦੀ ਜਾਂਚ ਲਈ ਦੋ ਦਿਨ ਵਿੱਚ ‘ਸਿਟ’ ਦਾ ਗਠਨ ਕਰ ਦਿੱਤਾ ਜਾਵੇਗਾ।