ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਾਰੀ ਕਰਜ਼ਾ ਲੈਣ ਦੀ ਯੋਜਨਾ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਵਿੱਤੀ ਹਾਲਤ ਬਾਰੇ ਝੂਠੇ ਦਾਅਵੇ ਕਰਨ ਲਈ ਆਮ ਆਦਮੀ ਪਾਰਟੀ ਦੀ ਤਿੱਖੀ ਆਲੋਚਨਾ ਕੀਤੀ ਹੈ। 


ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਇਸ ਸਾਲ ਅਪ੍ਰੈਲ, ਮਈ ਅਤੇ ਜੂਨ 'ਚ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਤੋਂ 12,000 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਯੋਜਨਾ ਬਣਾ ਰਹੀ ਹੈ। ਇਹ ਨਵੇਂ ਵਿੱਤੀ ਸਾਲ (2024-25) ਦੀ ਸ਼ੁਰੂਆਤ ਹੈ ਅਤੇ 'ਆਪ' ਸਰਕਾਰ ਦੇ ਅਰਥਚਾਰੇ ਦੇ ਮਾੜੇ ਪ੍ਰਬੰਧਨ ਦਾ ਪਰਦਾਫਾਸ਼ ਹੋ ਗਿਆ ਹੈ।



ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਜਨਵਰੀ ਅਤੇ ਫਰਵਰੀ 2024 'ਚ 3899 ਕਰੋੜ ਰੁਪਏ ਅਤੇ ਮਾਰਚ 2024 'ਚ 3800 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਇਸੇ ਤਰ੍ਹਾਂ 'ਆਪ' ਨੇ ਪਿਛਲੇ ਸਾਲ ਵੀ ਭਾਰੀ ਕਰਜ਼ਾ ਲਿਆ ਸੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2024-25 ਲਈ 204918 ਕਰੋੜ ਰੁਪਏ ਦਾ ਬਜਟ ਪੇਸ਼ ਕਰਨ ਦਾ ਦਾਅਵਾ ਕੀਤਾ ਸੀ ਪਰ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਲਈ ਸੂਬੇ ਦੇ ਕਰਜ਼ੇ ਦਾ ਬੋਝ ਵਧਾਉਣ ਦੀ ਯੋਜਨਾ ਬਣਾ ਰਹੀ ਹੈ। 



ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਵਿੱਤੀ ਸਾਲ 2024-25 ਦੇ ਅੰਤ ਤੱਕ ਬਕਾਇਆ ਕਰਜ਼ਾ 374091 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਹਾਲਾਂਕਿ ਵਿੱਤੀ ਸਾਲ 2023-24 ਤੱਕ ਸੂਬੇ 'ਤੇ 3.43 ਲੱਖ ਕਰੋੜ ਰੁਪਏ ਦਾ ਕਰਜ਼ਾ ਸੀ। ਕੀ 'ਆਪ' ਇਸ ਤਰ੍ਹਾਂ ਸੂਬੇ ਦੀ ਆਰਥਿਕਤਾ ਦਾ ਪ੍ਰਬੰਧਨ ਕਰ ਰਹੀ ਹੈ? 


ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਵੱਖ-ਵੱਖ ਸਰੋਤਾਂ ਤੋਂ ਪੰਜਾਬ ਦਾ ਮਾਲੀਆ ਇਕੱਠਾ ਕਰਨ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ, ਜਿਨ੍ਹਾਂ ਵਿੱਚ ਮਾਈਨਿੰਗ ਤੋਂ ਸਾਲਾਨਾ 20,000 ਰੁਪਏ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਕੇ 340,000 ਰੁਪਏ ਸ਼ਾਮਿਲ ਹਨ। ਇਸ ਦੌਰਾਨ ਆਪਣੇ ਦੋ ਸਾਲਾਂ ਦੇ ਸ਼ਾਸਨ ਕਾਲ 'ਚ 'ਆਪ' ਦੇ ਅਰਥਵਿਵਸਥਾ ਬਾਰੇ ਖੋਖਲੇ ਦਾਅਵਿਆਂ ਦਾ ਪਰਦਾਫਾਸ਼ ਹੋ ਗਿਆ ਹੈ। ਬਾਜਵਾ ਨੇ ਕਿਹਾ ਕਿ ਇਹ ਸਰਕਾਰ ਰੁਟੀਨ ਦੀਆਂ ਗਤੀਵਿਧੀਆਂ ਨੂੰ ਉਧਾਰ ਲਏ ਫੰਡਾਂ ਨਾਲ ਚਲਾ ਰਹੀ ਹੈ।