ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 100 ਕਰੋੜ ਦਾ ਗੱਫਾ
ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਾਲ 2021-22 ਦੇ ਬਜਟ ਵਿੱਚ 300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਗੰਨਾ ਕਾਸ਼ਤਕਾਰਾਂ ਦੀ 2019-20 ਤੇ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਹੈ ਇਹ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਬਰਾਮਦ ਸਬਸਿਡੀ ਦੀ ਲਗਪਗ 31 ਕਰੋੜ ਰੁਪਏ ਤੇ ਬਫਰ ਸਟਾਕ ਸਬਸਿਡੀ ਦੀ ਲਗਪਗ 10 ਕਰੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਝੋਨੇ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਆਪਣੇ ਪੱਧਰ ’ਤੇ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਾਲ 2021-22 ਦੇ ਬਜਟ ਵਿੱਚ 300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋਂ ਬਣਦੀ ਲਗਪਗ 41 ਕਰੋੜ ਰੁਪਏ ਦੀ ਅਦਾਇਗੀ ਲਈ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤੇ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੇ ਇੰਡੀਅਨ ਕੌਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 16 ਲੱਖ ਪੌਦਿਆਂ ਦੀ ਪਨੀਰੀ ਤਿਆਰ ਕਰ ਕੇ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਗਈ ਹੈ। ਇਸੇ ਯੋਜਨਾ ਤਹਿਤ ਕਲਾਨੌਰ ਵਿੱਚ ਗੁਰੂ ਨਾਨਕ ਦੇਵ ਗੰਨਾ ਖੋਜ ਤੇ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ।
ਇਹ ਵੀ ਪੜ੍ਹੋ: SBI ਦਾ ਆਪਣੇ ਗ੍ਰਾਹਕਾਂ ਨੂੰ ਝਟਕਾ, ਪੈਸੇ ਕੱਢਵਾਉਣ 'ਤੇ ਵਸੂਲਿਆ ਜਾਏਗਾ ਮੋਟਾ ਚਾਰਜ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin